ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਸ੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਆਪ ’ਚ ਹੋਇਆ ਸ਼ਾਮਿਲ

Jagjivan Singh Khirnia Sachkahoon

ਸੰਸਦ ਮੈਂਬਰ ਅਤੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕੀਤਾ ਸਵਾਗਤ

ਚੰਡੀਗੜ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਅੱਜ ਉਸ ਸਮੇਂ ਵੱਡੀ ਤਾਕਤ ਮਿਲੀ ਜਦੋਂ ਸਮਰਾਲਾ ਤੋਂ ਸਾਬਕਾ ਵਿਧਾਇਕ ਅਤੇ ਮਾਰਕਫੈਡ ਪੰਜਾਬ ਦੇ ਚੇਅਰਮੈਨ ਜਗਜੀਵਨ ਸਿੰਘ ਖੀਰਨੀਆਂ ਸ੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਪਣੇ ਸਮਰਥਕਾਂ ਨਾਲ ਪਾਰਟੀ ਵਿੱਚ ਸ਼ਾਮਿਲ ਹੋ ਗਏ । ਆਪ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਜਗਜੀਵਨ ਸਿੰਘ ਖੀਰਨੀਆਂ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਰਣਜੀਤ ਸਿੰਘ ਦਾ ਸਵਾਗਤ ਕੀਤਾ।

ਆਮ ਆਦਮੀ ਪਾਰਟੀ ਦੇ ਚੰਡੀਗੜ ਸਥਿਤ ਮੁੱਖ ਦਫਤਰ ਵਿਖੇਂ ਨਵੇਂ ਆਗੂਆਂ ਦੇ ਸਵਾਗਤ ਲਈ ਕੀਤੇ ਸੀਮਤ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਆਪ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਪੰਜਾਬ ਵਾਸੀਆਂ ਦੀ ਭਲਾਈ ਲਈ ਸੇਵਾ ਕਰਨ ਵਾਲੇ ਹਰ ਸ਼ਖਸ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਹੈ। ਆਮ ਆਦਮੀ ਪਾਰਟੀ ਦੀ ਦਿੱਲੀ ਵਿਚਲੀ ਕੇਜਰੀਵਾਲ ਸਰਕਾਰ ਵੱਲੋਂ ਲੋਕਾਂ ਭਲਾਈ ਲਈ ਕੀਤੇ ਜਾਂਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਵਿੱਚ ਹਜਾਰਾਂ ਵਿਅਕਤੀ ਆਪ ਨਾਲ ਜੁੜ ਰਹੇ ਹਨ। ਮਾਨ ਨੇ ਕਿਹਾ ਕਿ ਜਗਜੀਵਨ ਸਿੰਘ ਖੀਰਨੀਆਂ ਧਰਤੀ ਨਾਲ ਜੁੜੇ ਹੋਏ ਆਗੂ ਹਨ ਅਤੇ ਉਨਾਂ ਪਰਿਵਾਰ ਸਮਾਰਾਲਾ ਹਲਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਸੇਵਾ ਕਰਦਾ ਆ ਰਿਹਾ ਹੈ।

ਜਗਜੀਵਨ ਸਿੰਘ ਦੇ ਪਿਤਾ ਸਵਰਗੀ ਜਥੇਦਾਰ ਕਿ੍ਰਪਾਲ ਸਿੰਘ ਖੀਰਨੀਆਂ ਨੇ ਪੰਜਾਬ ਵਿੱਚ ਇੱਕ ਨਿਸਕਾਮ ਪੰਥਕ ਆਗੂ ਵਜੋਂ ਨਾਮਣਾ ਖੱਟਿਆ ਹੈ ਅਤੇ ਜਗਜੀਵਨ ਸਿੰਘ ਖੀਰਨੀਆਂ ਵੀ ਉਨਾਂ ਦੀ ਵਿਰਾਸਤ ਨੂੰ ਅੱਗੇ ਵਧਾ ਰਹੇ ਹਨ। ਇਸੇ ਤਰਾਂ ਭਗਵੰਤ ਮਾਨ ਨੇ ਲੁਧਿਆਣਾ ਦੱਖਣੀ ਦੇ ਨਾਮਵਰ ਆਗੂ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਰਣਜੀਤ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਰਣਜੀਤ ਸਿੰਘ ਧਾਰਮਿਕ ਖੇਤਰ ਵੀ ਵਿੱਚ ਅੱਗੇ ਹੋ ਕੇ ਸੇਵਾਵਾਂ ਨਿਭਾ ਰਹੇ ਹਨ। ਆਪ ਵਿੱਚ ਸਾਮਲ ਹੋਏ ਜਗਜੀਵਨ ਵਿੱਚ ਖੀਰਨੀਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸਾਮਲ ਹੋ ਕੇ ਬਹੁਤ ਜਿਆਦਾ ਖੁਸੀ ਮਹਿਸੂਸ ਕਰ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।