ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਗ੍ਰਿਫ਼ਤਾਰ

Kushaldeep Dhillon
ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਗ੍ਰਿਫ਼ਤਾਰ

ਬੇਹਿਸਾਬ ਜਾਇਦਾਦ ਬਣਾਉਣ ਦੇ ਕੇਸ ਵਿੱਚ ਕੀਤਾ ਗਿ੍ਰਫਤਾਰ

  • ਢਿੱਲੋਂ ਦੇ ਦੋ ਸਾਥੀਆਂ ਉਤੇ ਵੀ ਕੇਸ ਦਰਜ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ  (Former MLA Kushaldeep Dhillon ) ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਸ ਗੱਲ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਵਿਧਾਇਕ ਸਮੇਤ ਪਿੰਡ ਦੇ ਧੰਨਾ, ਜਿਲਾ ਫਰੀਦਕੋਟ ਦੇ ਵਸਨੀਕ ਗੁਰਸੇਵਕ ਸਿੰਘ ਦੇ ਨਾਲ-ਨਾਲ ਪਿੰਡ ਨਾਨਕਸਰ ਸ਼ਹੀਦ, ਫਿਰੋਜ਼ਪੁਰ ਜ਼ਿਲੇ ਦੇ ਰਾਜਵਿੰਦਰ ਸਿੰਘ ਖਿਲਾਫ ਵਿਜੀਲੈਂਸ ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਉਸਦੀ ਸਾਰੀ ਚੱਲ ਅਤੇ ਅਚੱਲ ਸੰਪਤੀਆਂ ਦਾ ਮੁਲਾਂਕਣ ਕਰਨ ਲਈ ਬਿਊਰੋ ਦੁਆਰਾ 01-04-2017 ਤੋਂ 31-03-2022 ਤੱਕ ਪੰਜ ਸਾਲਾਂ ਲਈ ਇੱਕ ਜਾਂਚ ਦੀ ਮਿਆਦ ਨਿਰਧਾਰਤ ਕੀਤੀ ਗਈ ਸੀ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਾਬਕਾ ਵਿਧਾਇਕ ਨੇ ਆਪਣੀ ਕੁੱਲ ਆਮਦਨ ਤੋਂ ਵੱਧ ਦੌਲਤ ਬਣਾਈ ਹੈ ਅਤੇ ਪਿੰਡ ਮੁਮਾਰਾ, ਤਹਿਸੀਲ ਸਾਦਿਕ, ਜਿਲਾ ਫਰੀਦਕੋਟ ਵਿੱਚ ਹੋਰ ਵਿਅਕਤੀਆਂ ਦੇ ਨਾਮ ’ਤੇ ਜਾਇਦਾਦ ਖਰੀਦੀ ਹੈ। ਉਸਨੇ ਅੱਗੇ ਕਿਹਾ ਕਿ ਇਹ ਵੀ ਪਾਇਆ ਗਿਆ ਕਿ ਉਸਨੇ ਆਪਣੀ ਆਮਦਨੀ ਦੇ ਜਾਣੂ ਸਰੋਤਾਂ ਨਾਲੋਂ ਲਗਭਗ 245 ਪ੍ਰਤੀਸ਼ਤ ਖਰਚ ਕੀਤਾ ਹੈ। (Former MLA Kushaldeep Dhillon )

ਇਹ ਵੀ ਪੜ੍ਹੋ : ਚੋਰਾਂ ਵੱਲੋਂ ਖੇਤ ਵਾਲੀਆਂ ਮੋਟਰਾਂ ਦੀਆਂ ਤਾਰਾਂ ਚੋਰੀ, ਕਿਸਾਨ ਪਰੇਸ਼ਾਨ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13 (1), 13 (2) ਅਤੇ ਆਈਪੀਸੀ ਦੀ 120-ਬੀ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਉਪਰੋਕਤ ਸਾਰੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਸਾਬਕਾ ਵਿਧਾਇਕ ਨੂੰ ਇਸ ਮਾਮਲੇ ਵਿੱਚ ਗਿ੍ਰਫਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।