ਬੁਢਲਾਡਾ (ਸੰਜੀਵ ਤਾਇਲ)। ਲੋਕ ਸਭਾ ਹਲਕਾ ਬਠਿੰਡਾ ਦੇ ਦਿੱਗਜ ਆਗੂ ਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ (Mangat Rai Bansal) ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੈ ਰੁਪਾਨੀ ਨੇ ਮੰਗਤ ਰਾਏ ਬਾਂਸਲ ਨੂੰ ਭਾਜਪਾ ’ਚ ਸ਼ਾਮਲ ਕਰਦਿਆਂ ਸੁਆਗਤ ਕੀਤਾ। ਇਸ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਪਾਰਟੀ ਦੇ ਕੇਂਦਰੀ ਜਨਰਲ ਸਕੱਤਰ ਤਰੁਣ ਚੁੱਘ, ਅਤੇ ਹੋਰ ਮੈਂਬਰ ਹਾਜ਼ਰ ਸਨ।ਇਸ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਵੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।
ਮਾਲਵੇ ਦੀ ਸਿਆਸਤ ਵਿੱਚ ਲੋਕ ਸਭਾ ਹਲਕਾ ਬਠਿੰਡਾ ਅੰਦਰ ਮੰਗਤ ਰਾਏ ਬਾਂਸਲ (Mangat Rai Bansal) ਦੇ ਭਾਜਪਾ ’ਚ ਸ਼ਾਮਲ ਹੋਣ ਕਾਰਨ ਭਾਜਪਾ ਨੂੰ ਕਾਫੀ ਲਾਭ ਮਿਲੇਗਾ, ਕਿਉਂਕਿ ਮੰਗਤ ਰਾਏ ਬਾਂਸਲ ਕਾਂਗਰਸ ਪਾਰਟੀ ਅੰਦਰ ਵਿਧਾਨ ਸਭਾ ਹਲਕੇ ਤੋਂ ਜਿੱਥੇ ਬੁਢਲਾਡਾ ਤੋਂ ਵਿਧਾਇਕ ਰਹਿ ਚੁੱਕੇ ਹਨ, ਉਥੇ ਵਿਧਾਨ ਸਭਾ ਹਲਕਾ ਮਾਨਸਾ ਅਤੇ ਮੌੜ ਤੋਂ ਵੀ ਕਾਂਗਰਸੀ ਉਮੀਦਵਾਰ ਵਜੋਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ। ਇਸ ਤੋਂ ਪਹਿਲਾਂ ਲੋਕ ਸਭਾ ਹਲਕਾ ਸੰਗਰੂਰ ਤੋਂ ਵੀ ਬਤੌਰ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵਜੋਂ ਵੀ ਚੋਣ ਲੜ ਚੁੱਕੇ ਹਨ, ਜਿੱਥੇ ਉਨ੍ਹਾਂ ਨੇ ਸੰਗਰੂਰ ਹਲਕੇ ਤੋਂ 65000 ਤੋਂ ਵੱਧ ਵੋਟ ਪ੍ਰਾਪਤ ਕੀਤੀ ਸੀ।
ਮਾਲਵਾ ਖੇਤਰ ਅੰਦਰ ਮੰਗਤ ਰਾਏ ਬਾਂਸਲ ਦਾ ਲੋਕਾਂ ਨਾਲ ਸਮਾਜ ਵਿੱਚ ਕਾਫੀ ਪ੍ਰਭਾਵ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਡਾ. ਮਨੋਜ ਮੰਜੂ ਬਾਂਸਲ ਵੀ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੀ ਪ੍ਰਧਾਨ ਰਹਿ ਚੁੱਕੇ ਹਨ। ਕਾਂਗਰਸ ਪਾਰਟੀ ਅੰਦਰ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰਦਿਆਂ ਬਾਂਸਲ ਪਰਿਵਾਰ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜੇ ਹੋਏ ਹਨ। ਅੱਜ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਦੀ ਖਬਰ ਜਿਉਂ ਹੀ ਲੋਕ ਸਭਾ ਹਲਕੇ ਅੰਦਰ ਪਹੁੰਚੀ ਤਾਂ ਭਾਜਪਾ ਵਰਕਰਾਂ ਅਤੇ ਬਾਂਸਲ ਸਮਰਥਕਾਂ ’ਚ ਭਾਰੀ ਖੁਸ਼ੀ ਵੇਖਣ ਨੂੰ ਮਿਲ ਰਹੀ ਸੀ।
Also Read : ਵਿਜੀਲੈਂਸ ਬਿਊਰੋ ਵੱਲੋਂ ਥਾਣੇ ਦੇ ਮੁੱਖ ਮੁਨਸ਼ੀ ਨੂੰ 30 ਹਜ਼ਾਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ