Hardial Singh Kamboj BJP: ਕਾਂਗਰਸ ਨੂੰ ਵੱਡਾ ਝਟਕਾ, ਦੋ ਵਾਰ ਵਿਧਾਇਕ ਰਹੇ ਹਰਦਿਆਲ ਕੰਬੋਜ ਭਾਜਪਾ ’ਚ ਸ਼ਾਮਲ
ਕਾਂਗਰਸ ਦੀ ਚੋਣ ਮਨੋਰਥ ਪੱਤਰ ਕਮੇਟੀ ਦੇ ਸਹਿ-ਪ੍ਰਧਾਨ ਨੇ ਛੱਡੀ ਪਾਰਟੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਸਿਆਸੀ ਝਟਕਾ ਦੇ ਦਿੱਤਾ ਹੈ। ਰਾਜਪੁਰਾ ਤੋਂ ਦੋ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਹਰਦਿਆਲ ਸਿੰਘ ਕੰਬੋਜ ਨੇ ਕਾਂਗਰਸ ਨੂੰ ਅਲਵਿਦਾ ਕਹਿੰਦਿਆਂ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਹੈ। ਉਹ ਕਾਂਗਰਸ ਵੱਲੋਂ ਬਣਾਈ ਗਈ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਕਮੇਟੀ ਦੇ ਸਹਿ-ਪ੍ਰਧਾਨ ਵੀ ਸਨ।
ਉਨ੍ਹਾਂ ਦੇ ਨਾਲ ਰਾਜਪੁਰਾ, ਬਨੂੜ, ਪਟਿਆਲਾ ਅਤੇ ਸ਼ੁਤਰਾਣਾ ਇਲਾਕਿਆਂ ਦੇ ਕਈ ਕਾਂਗਰਸੀ ਅਹੁਦੇਦਾਰਾਂ ਅਤੇ ਹਮਾਇਤੀਆਂ ਨੇ ਵੀ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੰਬੋਜ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਇਸ ਮੌਕੇ ਪੰਜਾਬ ਭਾਜਪਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਸੂਬਾ ਜਨਰਲ ਸਕੱਤਰ ਅਨਿਲ ਸਰੀਨ ਅਤੇ ਮੀਡੀਆ ਮੁਖੀ ਵਿਨੀਤ ਜੋਸ਼ੀ ਸਮੇਤ ਕਈ ਆਗੂ ਮੌਜ਼ੂਦ ਸਨ। ਹਰਦਿਆਲ ਸਿੰਘ ਕੰਬੋਜ 2012 ਅਤੇ 2017 ਵਿੱਚ ਰਾਜਪੁਰਾ ਤੋਂ ਵਿਧਾਇਕ ਚੁਣੇ ਗਏ ਸਨ। ਵਿਧਾਨ ਸਭਾ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਰਹੀ ਹੈ ਅਤੇ ਇਲਾਕੇ ਵਿੱਚ ਵੀ ਉਨ੍ਹਾਂ ਦਾ ਸਿਆਸੀ ਅਧਾਰ ਮੰਨਿਆ ਜਾਂਦਾ ਹੈ।
ਖਾਸ ਗੱਲ ਇਹ ਹੈ ਕਿ ਜਿਸ ਆਗੂ ਨੂੰ ਕਾਂਗਰਸ ਨੇ ਆਉਣ ਵਾਲੀਆਂ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਤਿਆਰ ਕਰਨ ਦੀ ਜ਼ਿੰਮੇਵਾਰੀ ਦਿੱਤੀ ਸੀ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ, ਗੈਂਗਸਟਰਵਾਦ, ਭ੍ਰਿਸ਼ਟਾਚਾਰ ਅਤੇ ਮਾਫੀਆ ਰਾਜ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਬਹੁਤ ਮਾੜੇ ਹਾਲਾਤ ਵਿੱਚ ਪਹੁੰਚਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਬਾਹਰ ਕੱਢਣ ਲਈ ਕੇਂਦਰ ਸਰਕਾਰ ਦੇ ਸਹਿਯੋਗ ਅਤੇ ਮਜ਼ਬੂਤ ਅਗਵਾਈ ਦੀ ਲੋੜ ਹੈ, ਜੋ ਭਾਜਪਾ ਹੀ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਲੰਬੀ ਵਿਚਾਰ-ਚਰਚਾ ਤੋਂ ਬਾਅਦ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਨੂੰ ਜਿੰਨਾ ਮਾਣ-ਸਤਿਕਾਰ ਭਾਜਪਾ ਦੇ ਸਕਦੀ ਹੈ, ਕਾਂਗਰਸ ਅਤੇ ਰਾਹੁਲ ਗਾਂਧੀ ਉਸ ਬਾਰੇ ਸੋਚ ਵੀ ਨਹੀਂ ਸਕਦੇ।
ਹਰਦਿਆਲ ਕੰਬੋਜ ਦੀ ਭਾਜਪਾ ਵਿੱਚ ਸ਼ਮੂਲੀਅਤ ਨੂੰ ਪੰਜਾਬ ਕਾਂਗਰਸ ਲਈ ਵੱਡੀ ਸਿਆਸੀ ਚੁਣੌਤੀ ਵਜੋਂ ਦੇਖਿਆ ਜਾ ਰਿਹਾ ਹੈ। ਖਾਸ ਕਰਕੇ ਰਾਜਪੁਰਾ ਅਤੇ ਪਟਿਆਲਾ ਇਲਾਕੇ ਵਿੱਚ ਇਸ ਦਾ ਸਿਆਸੀ ਅਸਰ ਪੈ ਸਕਦਾ ਹੈ। ਚੋਣਾਂ ਤੋਂ ਪਹਿਲਾਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਭਾਜਪਾ ਵਿੱਚ ਜਾਣਾ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੇ ਸੰਕੇਤ ਦੇ ਰਿਹਾ ਹੈ।
ਪਾਰਟੀ ਨਾਲ ਮਿਲ ਰਹੀ ਐ ਮਜ਼ਬੂਰੀ, ਹਰਦਿਆਲ ਕੰਬੋਜ਼ ਨਾਲ ਹੋਏਗਾ ਫਾਇਦਾ : ਢਿੱਲੋਂ
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਹਰਦਿਆਲ ਸਿੰਘ ਕੰਬੋਜ ਨਾਲ ਕੰਮ ਕਰਦਿਆਂ ਉਨ੍ਹਾਂ ਨੇ ਉਨ੍ਹਾਂ ਦੀ ਪ੍ਰਸ਼ਾਸਨਿਕ ਸਮਰੱਥਾ, ਤਜ਼ਰਬੇ ਅਤੇ ਕੰਮ ਕਰਨ ਦੀ ਲਗਨ ਨੂੰ ਨੇੜਿਓਂ ਦੇਖਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੂਝਵਾਨ ਅਤੇ ਤਜਰਬੇਕਾਰ ਆਗੂ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਭਾਜਪਾ ਪਰਿਵਾਰ ਵਿੱਚ ਸਵਾਗਤ ਕਰਦਿਆਂ ਉਨਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ।
ਖਟਕੜ ਕਲਾਂ ਦੀ ਸਹੁੰ ਚੁੱਕਣ ਵਾਲੇ ਇੱਕ ਸੀਟ ਵੀ ਨਹੀਂ ਜਿੱਤਣਗੇ : ਨਾਇਬ ਸੈਣੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਖਟਕੜ ਕਲਾਂ ਵਿੱਚ ਸਹੁੰ ਚੁੱਕ ਕੇ ਪੰਜਾਬ ਦੀ ਜਨਤਾ ਨਾਲ ਵਾਅਦੇ ਕਰਨ ਵਾਲੀ ਸਰਕਾਰ ਨੇ ਸੂਬੇ ਨੂੰ ਕਰਜ਼ੇ ’ਚ ਡੁਬੋ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੀ ਸਰਕਾਰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਨਹੀਂ ਜਿੱਤ ਸਕੇਗੀ। ਨਾਇਬ ਸੈਣੀ ਨੇ ਹਰਦਿਆਲ ਸਿੰਘ ਕੰਬੋਜ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰਫ਼ ਇੱਕ ਆਗੂ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਮਜ਼ਬੂਤ ਅਧਾਰ ਰੱਖਣ ਵਾਲੀ ਇੱਕ ਸੰਸਥਾ ਕਰਾਰ ਦਿੱਤਾ।
ਇਹ ਵੀ ਪੜ੍ਹੋ : Body Donation: ਪਿੰਡ ਉਭਿਆ ਦੇ ਪਹਿਲੇ ਸਰੀਰਦਾਨੀ ਬਣੇ ਬਲਵੀਰ ਕੌਰ ਇੰਸਾਂ
Comments