ਦੂਰ-ਦੁਰਾਡੇ ਭੇਜੇ ਜਾਣਗੇ ਨਸ਼ਾ ਤਸਕਰਾਂ ਦੇ ‘ਯਾਰ’

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੱਕੀ ਪੁਲਿਸ ਮੁਲਾਜ਼ਮਾਂ ਦੀ ਬਦਲੀ ਦੇ ਹੁਕਮ ਜਾਰੀ

  • ਮੁੱਖ ਸਕੱਤਰ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ ਨਾਲ ਮੁਲਾਕਾਤ ਕਰਨ ਦੇ ਨਿਰਦੇਸ਼

ਚੰਡੀਗੜ੍ਹ, (ਅਸ਼ਵਨੀ ਚਾਵਲਾ) । ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਸਕਰਾਂ ਤੇ ਸਮੱਗਲਰਾਂ ਨਾਲ ਮਿਲੇ ਸ਼ੱਕੀ ਪੁਲਿਸ ਮੁਲਾਜ਼ਮਾਂ ਨੂੰ ਦੂਰ-ਦੁਰਾਡੇ ਦੇ ਇਲਾਕਿਆਂ ‘ਚ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਨਸ਼ਿਆਂ ਦੀ ਅਲਾਮਤ ਵਿਰੁੱਧ ਆਪਸੀ ਤਾਲਮੇਲ ਨਾਲ ਠੋਸ ਕੋਸ਼ਿਸ਼ਾਂ ਕਰਨ ਲਈ ਅੰਤਰ ਵਿਭਾਗੀ ਕਮੇਟੀ ਵੀ ਗਠਿਤ ਕੀਤੀ ਹੈ। ਇਹ ਫੈਸਲਾ ਵਿਸ਼ੇਸ਼ ਟਾਸਕ ਫੋਰਸ ਦੀ ਪ੍ਰਗਤੀ ਬਾਰੇ ਹੋਈ ਇੱਕ ਉੱਚ ਪੱਧਰੀ ਜਾਇਜ਼ਾ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਨੇ ਨਸ਼ਿਆਂ ‘ਤੇ ਕਾਬੂ ਪਾਉਣ ਲਈ ਵਿਸ਼ੇਸ਼ ਟਾਸਕ ਫੋਰਸ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਪਰ ਇਸ ਦੇ ਨਾਲ ਹੀ ਇਸ ਸਮੱਸਿਆ ਨਾਲ ਨਜਿੱਠਣ ਲਈ ਹੋਰ ਤਾਲਮੇਲ ਵਾਲੀ ਪਹੁੰਚ ਅਪਣਾਏ ਜਾਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਮੁੱਖ ਮੰਤਰੇ ਸਾਹਮਣੇ ਵਿਸਤਰਿਤ ਪੇਸ਼ਕਾਰੀ ਕਰਦੇ ਹੋਏ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਬਹੁਤ ਸਾਲਾਂ ਤੋਂ ਸਰਹੱਦੀ ਇਲਾਕਿਆਂ ‘ਚ ਤਾਇਨਾਤ ਦਰਮਿਆਨੇ ਪੱਧਰ ਦੇ ਕੁਝ ਪੁਲਿਸ ਮੁਲਾਜ਼ਮਾਂ ਦੀ ਮਿਲੀਭੁਗਤ ਤੋੜੇ ਬਿਨਾਂ ਨਸ਼ਿਆਂ ਦੇ ਗੈਰ-ਕਾਨੂੰਨੀ ਵਪਾਰ ਨੂੰ ਖਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਨਸ਼ੇ ਤਸਕਰਾਂ, ਵਪਾਰੀਆਂ ਦੇ ਨਾਲ ਗੰਢਤੁਪ ਤੋੜਨ ਲਈ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਦੂਰ-ਦਰਾਡੇ ਦੇ ਇਲਾਕਿਆਂ ‘ਚ ਤਬਦੀਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਤਸਕਰਾਂ ਨਾਲ ਸਾਂਝ ਵਾਲੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਵੀ ਤਬਦੀਲ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਸ੍ਰੀ ਸਿੱਧੂ ਦੇ ਇਨ੍ਹਾਂ ਵਿਚਾਰਾਂ ‘ਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਇਹ ਮੁੱਦਾ ਪੁਲਿਸ ਦੇ ਡਾਇਰੈਕਟਰ ਜਨਰਲ ਕੋਲ ਉਠਾਉਣ ਲਈ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਤਾਂ ਜੋ ਅਜਿਹੇ ਪੁਲਿਸ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਤਬਦੀਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ ਸੂਬੇ ‘ਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਢਾਹ ਲਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਸਬੰਧੀ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਸਿੱਖਿਆ ਵਿਭਾਗ ਨੂੰ ਮੁਹਿੰਮ ਸ਼ੁਰੂ ਕਰਨ ਲਈ ਆਖਿਆ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਫਿਲਮਾਂ ਦਿਖਾਈਆਂ ਜਾਣ।

LEAVE A REPLY

Please enter your comment!
Please enter your name here