ਪੁਲਵਾਮਾ ‘ਚ ਸ਼ਹੀਦ ਹੋਏ ਨਾਇਕ ਰਾਜਵਿੰਦਰ ਸਿੰਘ ਦਾ ਜੱਦੀ ਪਿੰਡ ਦੋਦੜਾ ‘ਚ ਅੰਤਿਮ ਸਸਕਾਰ

ਭਾਰਤੀ ਫ਼ੌਜ ਵੱਲੋਂ ਦਿੱਤੀ ਸਲਾਮੀ ਮੌਕੇ ਲੱਗੇ ਸ਼ਹੀਦ ਰਾਜਵਿੰਦਰ ਸਿੰਘ ਅਮਰ ਰਹੇ ਦੇ ਨਾਅਰੇ

ਸਮਾਣਾ, (ਸੁਨੀਲ ਚਾਵਲਾ)। ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਵਿੱਚ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ ਅੱਤਵਾਦੀਆਂ ਨਾਲ ਬਹਾਦਰੀ ਨਾਲ ਲੜਦਿਆਂ ਸ਼ਹੀਦ ਹੋਏ ਨੇੜਲੇ ਪਿੰਡ ਦੋਦੜਾ ਦੇ ਵਸਨੀਕ ਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਨਾਇਕ ਰਾਜਵਿੰਦਰ ਸਿੰਘ (29 ਸਾਲ) ਦੇ ਅੰਤਿਮ ਸਸਕਾਰ ਮੌਕੇ ਸਾਰਾ ਪਿੰਡ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ।

 ਪਰਿਵਾਰ ‘ਤੇ ਦੁੱਖ ਦੀ ਘੜੀ ‘ਚ ਸ਼ਾਮਲ ਹੋਏ ਹਰ ਸ਼ਖ਼ਸ ਨੇ ਭਾਵੁਕ ਹੁੰਦਿਆਂ ਨਮ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਈ ਦਿੱਤੀ। ਜਦੋਂਕਿ ਸ਼ਹੀਦ ਦੇ ਪਿਤਾ ਅਵਤਾਰ ਸਿੰਘ, ਮਾਤਾ ਸ੍ਰੀਮਤੀ ਮਹਿੰਦਰ ਕੌਰ, ਵੱਡੇ ਭਰਾ ਬਲਵੰਤ ਸਿੰਘ ਨੇ ਸ਼ਹੀਦ ਰਾਜਵਿੰਦਰ ਸਿੰਘ ਨੂੰ ਸਲਿਊਟ ਕਰਕੇ ਸਲਾਮੀ ਦਿੱਤੀ।

ਅੱਜ ਕਸ਼ਮੀਰ ਤੋਂ ਭਾਰਤੀ ਫ਼ੌਜ ਦੇ ਵਿਸ਼ੇਸ਼ ਜਹਾਜ਼ ਰਾਹੀਂ ਨਾਇਕ ਰਾਜਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਚੰਡੀਗੜ ਲਿਆ ਕੇ ਅੱਗੇ ਪਟਿਆਲਾ ਮਿਲਟਰੀ ਸਟੇਸ਼ਨ ਲਿਆਂਦਾ ਗਿਆ, ਜਿੱਥੋਂ ਸੜਕ ਰਸਤੇ ਵੱਡੇ ਕਾਫ਼ਲੇ ਨਾਲ ਪਿੰਡ ਦੋਦੜਾ ਵਿਖੇ ਲਿਆਂਦਾ ਗਿਆ। ਇਸ ਮਗਰੋਂ ਪੂਰੇ ਸਰਕਾਰੀ ਤੇ ਫ਼ੌਜੀ ਸਨਮਾਨਾਂ ਸਮੇਤ ਧਾਰਮਿਕ ਰਹੁ ਰੀਤਾਂ ਨਾਲ ਨਾਇਕ ਰਾਜਵਿੰਦਰ ਸਿੰਘ ਦੀ ਚਿਖਾ ਨੂੰ ਅਗਨੀ ਦਿਖਾਈ ਗਈ।

ਸ਼ਹੀਦ ਰਾਜਵਿੰਦਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੀ ਤਰਫ਼ੋਂ ਐਸ.ਡੀ.ਐਮ. ਨਾਭਾ ਕਾਲਾ ਰਾਮ ਕਾਂਸਲ ਨੇ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਨੇ ਸ਼ਹੀਦ ਦੀ ਦੇਹ ‘ਤੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ। ਲੋਕ ਸਭਾ ਮੈਂਬਰ ਪਟਿਆਲਾ ਸ੍ਰੀਮਤੀ ਪਰਨੀਤ ਕੌਰ ਦੀ ਤਰਫ਼ੋਂ ਉਨ੍ਹਾਂ ਦੇ ਨਿੱਜੀ ਸਕੱਤਰ ਬਲਵਿੰਦਰ ਸਿੰਘ ਨੇ ਰੀਥ ਰੱਖੀ।

ਭਾਰਤੀ ਫ਼ੌਜ ਦੇ ਮੁੱਖੀ ਜਨਰਲ ਐਮ.ਐਮ. ਨਰਵਾਣੇ ਦੀ ਤਰਫ਼ੋਂ ਪਟਿਆਲਾ ਸਟੇਸ਼ਨ ਦੇ ਕਮਾਂਡਰ ਬ੍ਰਿਗੇਡੀਅਰ ਪ੍ਰਤਾਪ ਸਿੰਘ ਰਾਣਾਵਤ ਨੇ ਰੀਥ ਰੱਖ ਕੇ ਸ਼ਰਧਾਂਜਲੀ ਅਰਪਿਤ ਕੀਤੀ। ਜਦੋਂਕਿ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਵੀ ਰੀਥ ਰੱਖੀ।

ਇਸ ਤੋਂ ਪਹਿਲਾਂ ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ। ਪਟਿਆਲਾ ਮਿਲਟਰੀ ਸਟੇਸ਼ਨ ਦੇ ਕਮਾਂਡਰ ਬ੍ਰਿਗੇਡੀਅਰ ਪ੍ਰਤਾਪ ਸਿੰਘ ਰਾਣਾਵਤ ਨੇ ਸ਼ਹੀਦ ਦੇ ਤਾਬੂਤ ‘ਤੇ ਲਿਪਟਿਆ ਤਿਰੰਗਾ ਝੰਡਾ ਸ਼ਹੀਦ ਦੇ ਮਾਤਾ ਸ੍ਰੀਮਤੀ ਮਹਿੰਦਰ ਕੌਰ ਅਤੇ ਪਿਤਾ ਅਵਤਾਰ ਸਿੰਘ ਨੂੰ ਸੌਂਪਕੇ ਸਲਿਊਟ ਕੀਤਾ।

ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਦੀ ਤਰਫ਼ੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਦੀ ਤਰਫ਼ੋਂ ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ. ਸਮਾਣਾ ਨਮਨ ਮੜਕਣ ਦੀ ਤਰਫ਼ੋਂ ਤਹਿਸੀਲਦਾਰ ਸੰਦੀਪ ਸਿੰਘ, ਟੂ ਕੋਰ ਕਮਾਂਡਰ ਅੰਬਾਲਾ ਦੀ ਤਰਫ਼ੋਂ ਕਰਨਲ ਉਠੱਈਆ, ਵਨ ਆਰਮਡ ਡਵੀਜਨ ਪਟਿਆਲਾ ਦੇ ਜੀਓਸੀ ਦੀ ਤਰਫ਼ੋਂ ਲੈਫਟੀਨੈਂਟ ਕਰਨਲ ਅਨਿਲ ਪੁੰਨ, 53 ਆਰ.ਆਰ. ਦੀ ਤਰਫ਼ੋਂ ਮੇਜਰ ਰਮੇਸ਼ ਭੱਟ ਤੇ ਸੂਬੇਦਾਰ ਹਰਪ੍ਰੀਤ ਸਿੰਘ, ਫਰਸਟ ਗਾਰਡ ਦੀ ਤਰਫ਼ੋਂ ਸੂਬੇਦਰ ਮੈਨਪਾਲ ਸਿੰਘ, 102 ਟੀ.ਏ. ਪੰਜਾਬ ਦੀ ਤਰਫ਼ੋਂ ਲਾਂਸ ਨਾਇਕ ਧਰਮਿੰਦਰ, ਗਾਰਡਸਮੈਂਨ ਦੀ ਤਰਫ਼ੋਂ ਸੈਨਿਕ ਅਕਾਸ਼ ਨੇ ਰੀਥਾਂ ਰੱਖੀਆਂ।ਇਸ ਮੌਕੇ ਡੀਏਵੀ ਸਕੂਲ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ, ਜ਼ਿਲ੍ਹਾ ਪ੍ਰਧਾਨ ਆਪ ਚੇਤੰਨ ਸਿੰਘ ਜੌੜੇਮਾਜਰਾ, ਸਰਪੰਚ ਪਰਮਜੀਤ ਕੌਰ, ਸਮੇਤ ਵੱਡੀ ਗਿਣਤੀ ਹੋਰ ਸ਼ਖ਼ਸੀਅਤਾਂ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ