ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲਾ ਫਰੀਦਕੋਟ ਦਾ ਆਮ ਇਜਲਾਸ 6 ਮਾਰਚ ਨੂੰ
ਕੋਟਕਪੂਰਾ (ਅਜੈ ਮਨਚੰਦਾ)। ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ , ਚੰਡੀਗੜ ਇਕਾਈ ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਜੱਥੇਬੰਦੀਆਂ ਦੇ ਮੁੱਖ ਆਗੂਆਂ ਦੀ ਮੀਟਿੰਗ ਪ੍ਰਦੀਪ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਥਾਨਕ ਲਾਲਾ ਲਾਜਪਤ ਰਾਏ ਮਿਉਂਸਪਲ ਪਾਰਕ ਵਿੱਚ ਹੋਈ । ਇਸ ਮੀਟਿੰਗ ਵਿੱਚ ਜੱਥੇਬੰਦੀ ਦੇ ਸੂਬਾਈ ਆਗੂ ਬਲਦੇਵ ਸਿੰਘ ਸਹਿਦੇਵ ਤੇ ਪ੍ਰੇਮ ਚਾਵਲਾ , ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ , ਵਿੱਤ ਸਕੱਤਰ ਸੋਮ ਨਾਥ ਅਰੋਡ਼ਾ ਤੇ ਸਕੱਤਰ ਗੁਰਚਰਨ ਸਿੰਘ ਮਾਨ , ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿਲੋਂ ਤੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸਹਿਦੇਵ , ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲਾ ਫਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ ਸ਼ਾਮਲ ਹੋਏ ।
ਵੱਖ ਵੱਖ ਆਗੂਆਂ ਨੇ ਦੱਸਿਆ ਕਿ ਭਾਰਤ ਦੇਸ਼ ਅਤੇ ਪੰਜਾਬ ਵਿੱਚ ਸਮੇਂ ਸਮੇਂ ਦੀਆਂ ਹੁਕਮਰਾਨ ਸਰਕਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਲੜੇ ਗਏ ਸਾਂਝੇ ਸੰਘਰਸ਼ਾਂ ਦੇ ਦਬਾਅ ਸਦਕਾ ਹੀ ਇਨ੍ਹਾਂ ਮੰਗਾਂ ਦਾ ਕੁੱਝ ਹਿੱਸਾ ਮੰਨਣ ਲਈ ਮਜਬੂਰ ਹੋਈਆਂ ਹਨ । ਪਰ ਇਹ ਵੀ ਹਕੀਕਤ ਹੈ ਕਿ ਸੰਸਾਰ ਬੈਂਕ ਦੇ ਦਬਾਅ ਹੇਠ ਪਬਲਿਕ ਸੈਕਟਰ ਨੂੰ ਖ਼ਤਮ ਕਰ ਕੇ ਸਰਕਾਰਾਂ ਵੱਲੋਂ ਨਿੱਜੀਕਰਨ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ , ਰੈਗੂਲਰ ਭਰਤੀਆਂ ਕਰਨ ਦੀ ਥਾ੍ ਅਸਾਮੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ ਤੇ ਆਊਟਸੋਰਸਿੰਗ ਰਾਹੀਂ ਬੇਰੁਜ਼ਗਾਰ ਨੌਜਵਾਨਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਪੁਰਾਣੀ ਪੈਨਸ਼ਨ ਸਕੀਮ ਖ਼ਤਮ ਕਰਕੇ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਲਾਗੂ ਕੀਤੀ ਹੋਈ ਹੈ । ਇਸ ਤੋਂ ਇਲਾਵਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਬੰਧਤ ਬਹੁਤ ਸਾਰੇ ਮਸਲੇ ਹੱਲ ਕਰਵਾਉਣ ਵਾਲੇ ਹਨ ਇਸ ਕਰਕੇ ਮਿਹਨਤਕਸ਼ ਵਰਗ ਨੂੰ ਹਮੇਸ਼ਾਂ ਹੀ ਵਿਸ਼ਾਲ ਜੱਥੇਬੰਦਕ ਏਕਤਾ ਦੀ ਲੋੜ ਹੈ ।
ਆਗੂਆਂ ਨੇ ਅੱਗੇ ਦੱਸਿਆ ਕਿ ਪ.ਸ.ਸ.ਫ. ਜ਼ਿਲ੍ਹਾ ਫ਼ਰੀਦਕੋਟ ਦੀ ਕਮੇਟੀ ਦਾ ਪੁਨਰਗਠਨ ਕਰਨ ਲਈ , ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਤੇ ਵਿਚਾਰ ਚਰਚਾ ਕਰਨ ਲਈ 6 ਮਾਰਚ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸਰਕਾਰੀ ਮਿਡਲ ਸਕੂਲ ਪੁਰਾਣਾ ਕਿਲਾ ਕੋਟਕਪੂਰਾ ਵਿਖੇ ਆਮ ਇਜਲਾਸ ਕਰਵਾਇਆ ਜਾ ਰਿਹਾ ਹੈ । ਆਗੂਆਂ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਇਸ ਇਜਲਾਸ ਵਿੱਚ ਸਮੇਂ ਸਿਰ ਨਿਸ਼ਚਿਤ ਸਥਾਨ ਤੇ ਪਹੁੰਚਣ ਦਾ ਸੱਦਾ ਦਿੱਤਾ। ।ਇਸ ਮੌਕੇ ‘ ਤੇ ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮਾਰਚ ਮਹੀਨੇ ਦੀ ਹੋਣ ਵਾਲੀ ਮਹੀਨਾਵਾਰ ਮੀਟਿੰਗ ਦਾ ਅਜੰਡਾ ਵੀ ਵਿਚਾਰਦੇ ਹੋਏ ਲੋੜੀਂਦੇ ਫੈਸਲੇ ਕੀਤੇ ਜਾਣਗੇ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ