ਨਗਦ ਮੁਆਵਜ਼ੇ ਬਦਲੇ ਵਿਕਸਤ ਕੀਤੇ ਪਲਾਟ ਮਿਲਣਗੇ
ਪਲਾਟ ਵੇਚ ਕੇ ਖੇਤੀਬਾੜੀ ਜ਼ਮੀਨ ਖਰੀਦਣ ‘ਤੇ ਸਟੈਂਪ ਡਿਊਟੀ ਤੋਂ ਮਿਲੇਗੀ ਛੋਟ
ਪੰਜਾਬ ਮੰਤਰੀ ਮੰਡਲ ਵੱਲੋਂ ਮਿਲ ਚੁੱਕੀ ਹੈ ਪ੍ਰਵਾਨਗੀ
ਚੰਡੀਗੜ, (ਅਸ਼ਵਨੀ ਚਾਵਲਾ) ਵਿਕਾਸ ਪ੍ਰਾਜੈਕਟਾਂ ਲਈ ਸਵੈ-ਇੱਛਾ ਨਾਲ ਆਪਣੀ ਜਾਇਦਾਦ ਦੇਣ ਵਾਲਿਆਂ ਲਈ ਲੈਂਡ ਪੂਲਿੰਗ ਨੀਤੀ ਨੂੰ ਹੋਰ ਅਸਰਦਾਰ ਬਣਾਉਂਦਿਆਂ ਪੰਜਾਬ ਸਰਕਾਰ ਨੇ ਅਜਿਹੇ ਵਿਅਕਤੀਆਂ ਨੂੰ ਮੁਆਵਜ਼ੇ ਵਜੋਂ ਵਾਧੂ ਜ਼ਮੀਨ ਦੇਣ ਦਾ ਫੈਸਲਾ ਕੀਤਾ ਹੈ। ਉਦਯੋਗਿਕ ਸੈਕਟਰ ਲਈ ਵੀ ਅਜਿਹੀ ਹੀ ਨਵੀਂ ਨੀਤੀ ਲਿਆਂਦੀ ਜਾ ਰਹੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਬਹੁਤ ਜਲਦ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਾਰੀ ਕੀਤਾ ਜਾਵੇਗਾ।
ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪਿਛਲੇ ਮਹੀਨੇ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਅਧਿਕਾਰ ਖੇਤਰ ਵਿੱਚ ਰਿਹਾਇਸ਼ੀ ਸੈਕਟਰ ਸਬੰਧੀ ਲੈਂਡ ਪੂਲਿੰਗ ਨੀਤੀ ਨੂੰ ਸੋਧਣ ਅਤੇ ਇਸ ਨੀਤੀ ਨੂੰ ਉਦਯੋਗਿਕ ਸੈਕਟਰ ਵਿੱਚ ਵੀ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਫੈਸਲਾ ਗਮਾਡਾ ਵੱਲੋਂ ਐਰੋਟ੍ਰੋਪੋਲਿਸ ਅਸਟੇਟ ਦੇ ਵਿਕਾਸ ਲਈ ਪਹਿਲੇ ਪੜਾਅ ਵਿੱਚ 1680 ਏਕੜ ਜ਼ਮੀਨ ਐਕੁਵਾਇਰ ਕਰਨ ਮੌਕੇ ਲਿਆ ਗਿਆ ਹੈ। ਇਹ ਸੋਧੀ ਹੋਈ ਨੀਤੀ ਐਸ.ਏ.ਐਸ. ਨਗਰ (ਮੁਹਾਲੀ) ਵਿੱਚ 101 ਅਤੇ 103 ਸੈਕਟਰਾਂ ਵਿੱਚ ਉਦਯੋਗਿਕ ਅਸਟੇਟ ਦੇ ਵਿਕਾਸ ਲਈ ਵੀ ਸਹਾਈ ਹੋਵੇਗੀ ਜਿੱਥੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਚਲਾਉਣ ਲਈ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕ੍ਰਿਆ ਸੁਖਾਲੀ ਬਣਾ ਦਿੱਤੀ ਗਈ ਹੈ।
ਉਨਾਂ ਦੱਸਿਆ ਕਿ ਗਮਾਡਾ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਤਹਿਤ ਨਵੀਂ ਬਣ ਰਹੀ ਐਰੋਟ੍ਰੋਪੋਲਿਸ ਰੈਜ਼ੀਡੈਂਸ਼ੀਅਲ ਅਸਟੇਟ ਲਈ ਜ਼ਮੀਨ ਮਾਲਕਾਂ ਪਾਸੋਂ ਐਕੁਵਾਇਰ ਕੀਤੇ ਜਾਣ ਵਾਲੇ ਹਰੇਕ ਇਕ ਏਕੜ ਲਈ ਨਗਦ ਮੁਆਵਜ਼ੇ ਦੇ ਬਦਲੇ ਵਿਕਸਤ ਕੀਤੇ ਪਲਾਟਾਂ ਵਿੱਚੋਂ 1000 ਵਰਗ ਗਜ਼ ਰਿਹਾਇਸ਼ੀ ਪਲਾਟ ਤੇ 200 ਵਰਗ ਗਜ਼ ਕਮਰਸ਼ੀਅਲ ਪਲਾਟ (ਪਾਰਕਿੰਗ ਬਿਨਾਂ) ਦਿੱਤਾ ਜਾਵੇਗਾ। ਉਦਯੋਗਿਕ ਸੈਕਟਰ ਦੇ ਵਿਕਾਸ ਲਈ ਪਹਿਲੀ ਵਾਰ ਲਾਗੂ ਕੀਤੀ ਜਾਣ ਵਾਲੀ ਲੈਂਡ ਪੂਲਿੰਗ ਨੀਤੀ ਤਹਿਤ ਹਰੇਕ ਇਕ ਏਕੜ ਲਈ ਮੁਆਵਜ਼ੇ ਦੇ ਬਦਲੇ ਜ਼ਮੀਨ ਮਾਲਕ ਨੂੰ ਉਦਯੋਗਿਕ ਪਲਾਟਾਂ ਵਿੱਚੋਂ 1100 ਵਰਗ ਗਜ਼ ਉਦਯੋਗਿਕ ਪਲਾਟ ਅਤੇ 200 ਵਰਗ ਗਜ਼ ਵਿਕਸਤ ਕਮਰਸ਼ੀਅਲ ਪਲਾਟ (ਪਾਰਕਿੰਗ ਬਿਨਾਂ) ਦਿੱਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.