ਕਾਂਗਰਸੀ ਆਗੂ ਦੇ ਘਰ ਅੱਗੇ ਧਰਨੇ ਤੋਂ ਬਾਅਦ ਝੁਕੀ ਸਰਕਾਰ

ਮ੍ਰਿਤਕ ਕਿਸਾਨ ਦੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ, 10 ਲੱਖ ਦਾ ਮੁਆਵਜ਼ੇ ਦੀ ਮੰਗ ਸਰਕਾਰ ਨੇ ਮੰਨੀ

ਸੁਨਾਮ ਊਧਮ ਸਿੰਘ ਵਾਲਾ, (ਖੁਸ਼ਪ੍ਰੀਤ ਜੋਸ਼ਨ) ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਤਿੰਨ ਖੇਤੀਬਾੜੀ ਕਾਨੂੰਨ ਪਾਸ ਕਰਨ ਦੇ ਵਿਰੋਧ ਵਿੱਚ ਦੇਸ਼ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਲਗਾਤਾਰ ਰੇਲਵੇ ਟਰੈਕ, ਰਿਲਾਇੰਸ ਪੰਪਾਂ, ਭਾਜਪਾ ਆਗੂਆਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕਰਕੇ ਆਪਣਾ ਰੋਸ ਪ੍ਰਗਟ ਕਰ ਰਹੀਆਂ ਹਨ ਬੀਤੇ ਦਿਨੀਂ ਇਸ ਕਿਸਾਨੀ ਸੰਘਰਸ਼ ਵਿੱਚ ਨਾਗਰੀ ਦੇ ਕਿਸਾਨ ਮੇਘ ਰਾਜ ਨਾਗਰੀ ਦੀ ਮੌਤ ਹੋ ਗਈ ਸੀ ਇਸ ਸਬੰਧੀ  ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੇਘ ਰਾਜ ਦੇ ਪਰਿਵਾਰ ਨੂੰ 10 ਲੱਖ ਦਾ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਅਤੇ ਮ੍ਰਿਤਕ ਕਿਸਾਨ ਦੇ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰਨ ਸਬੰਧੀ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹੇ ਦੇ ਡੀ.ਸੀ. ਦਫ਼ਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਸੀ ਤੇ ਅੱਜ ਮੰਗਾਂ ਨਾ ਮੰਨਣ ਕਾਰਨ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਸਨ,

ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਯੂਨੀਅਨ ਵੱਲੋਂ ਰੱਖਿਆ ਗਿਆ ਮੰਗਾਂ ਨੂੰ ਮੰਨ ਲਿਆ ਗਿਆ ਹੈ ਅਤੇ ਇਸ ਤੋਂ ਬਾਅਦ ਨਾਅਰਿਆਂ ਦੀ ਗੂੰਜ ਵਿੱਚ ਧਰਨੇ ਨੂੰ ਚੁੱਕ ਲਿਆ ਗਿਆ ਇਸ ਸਮੇਂ ਬੋਲਦਿਆਂ ਕਿਸਾਨ ਆਗੂ ਅਮਰੀਕ ਸਿੰਘ ਗੰਢੂਆਂ, ਦਰਬਾਰਾ ਸਿੰਘ ਛਾਜਲਾ, ਜਸਵੰਤ ਸਿੰਘ ਤੋਲਾਵਾਲ, ਰਾਮਸ਼ਰਨ ਸਿੰਘ, ਪਾਲ ਸਿੰਘ ਦੋਲੇਵਾਲ, ਰਾਮਪਾਲ ਸੁਨਾਮ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਐਮ.ਐਸ.ਪੀ. ਦੀ ਗਾਰੰਟੀ ਦਿੱਤੀ ਜਾਵੇ ਅਤੇ ਕਿਸਾਨਾਂ ਨੂੰ ਫਸਲਾਂ ਦੇ ਯੋਗ ਭਾਅ ਦਿੱਤੇ ਜਾਣ

ਕਿਸਾਨ ਆਗੂਆਂ ਨੇ ਮੋਦੀ ਸਰਕਾਰ ਦੇ ਅੜੀਅਲ ਵਤੀਰੇ ਦੀ ਨਿਖੇਦੀ ਕਰਦਿਆਂ ਕਿਹਾ ਕਿ ਇੱਕ ਪਾਸੇ ਸਾਰੇ ਸੂਬੇ ਦੇ ਕਿਸਾਨ ਆਪਣੇ ਪਰਿਵਾਰਾਂ ਸਮੇਤ ਧਰਨਿਆਂ ਵਿੱਚ ਬੈਠੇ ਹਨ ਅਤੇ ਉਨ੍ਹਾਂ ਦੇ ਮੰਤਰੀ ਕਿਸਾਨਾਂ ਨੂੰ ਕਾਂਗਰਸੀ ਜਾਂ ਨਕਸਲੀ ਦੱਸ ਕੇ ਉਨ੍ਹਾਂ ਦਾ ਮਜ਼ਾਕ ਉਡਾ ਰਹੇ ਹਨ  ਉਨਾਂ ਨੇ ਕਿਹਾ ਕਿ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ  ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਔਰਤਾਂ ਧਰਨੇ ਵਿੱਚ ਮੌਜ਼ੂਦ ਸਨ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.