ਸ਼ਹਿਰ ਲੁਧਿਆਣਾ ਨੂੰ ਮਿਲਣਗੀਆਂ ਅਤਿ-ਆਧੁਨਿਕ ਖੇਡ ਸਹੂਲਤਾਂ: ਭਾਰਤ ਭੂਸ਼ਣ ਆਸ਼ੂ
ਦੋਵਾਂ ਕੈਬਨਿਟ ਮੰਤਰੀਆਂ ਵੱਲੋਂ ਲੁਧਿਆਣਾ ਵਿਖੇ 65ਵੀਂਆਂ ਰਾਸ਼ਟਰੀ ਸਕੂਲ ਖੇਡਾਂ ਦਾ ਉਦਘਾਟਨ
ਸੱਚ ਕਹੂੰ ਨਿਊਜ਼/ਲੁਧਿਆਣਾ। ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਸਕੂਲ ਵਿਦਿਆਰਥੀਆਂ ਨੂੰ ਉੱਚ ਦਰਜੇ ਦੀਆਂ ਖੇਡ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕਈ ਉਪਰਾਲੇ ਵਿੱਢੇ ਗਏ ਹਨ, ਜਿਸ ਤਹਿਤ ਨੌਜਵਾਨਾਂ ਨੂੰ ਖੇਡਾਂ ਨੂੰ ਉਨ੍ਹਾਂ ਦੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਸ਼ਬਦ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ ਹੋਈਆਂ 65ਵੀਂਆਂ ਰਾਸ਼ਟਰੀ ਸਕੂਲ ਖੇਡਾਂ ਦਾ ਉਦਘਾਟਨ ਕਰਨ ਦੌਰਾਨ ਕਹੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੀ ਹਾਜ਼ਰ ਸਨ। ਇਨ੍ਹਾਂ ਖੇਡਾਂ ਦੌਰਾਨ ਨੈੱਟਬਾਲ ਅੰਡਰ-19 ਲੜਕੇ ਲੜਕੀਆਂ, ਕਿੱਕ ਬਾਕਸਿੰਗ ਅੰਡਰ 14 ਅਤੇ 19 ਲੜਕੇ ਲੜਕੀਆਂ, ਵੁਸ਼ੂ ਅੰਡਰ 19 ਲੜਕੇ ਲੜਕੀਆਂ, ਸੀਪਕ ਟਕਰਾਅ ਅੰਡਰ 14 ਲੜਕੇ ਲੜਕੀਆਂ ਖੇਡਾਂ ਦਾ ਅੱਜ ਉਦਘਾਟਨ ਕੀਤਾ ਗਿਆ।
ਖੇਡਾਂ ਵਿੱਚ ਭਾਗ ਲੈਣ ਲਈ 25 ਰਾਜਾਂ ਖ਼ਿਡਾਰੀ ਪਹੁੰਚੇ
ਇਨਾਂ ਖੇਡਾਂ ਵਿੱਚ ਭਾਗ ਲੈਣ ਲਈ 25 ਰਾਜਾਂ ਪੰਜਾਬ, ਆਂਧਰਾ ਪ੍ਰਦੇਸ਼, ਆਸਾਮ, ਬਿਹਾਰ, ਸੀ. ਬੀ. ਐੱਸ. ਈ. ਵੈੱਲਫੇਅਰ ਸਪੋਰਟਸ ਆਰਗੇਨਾਈਜੇਸ਼ਨ, ਚੰਡੀਗੜ੍ਹ, ਛੱਤੀਸਗੜ੍ਹ, ਦਿੱਲੀ, ਗੁਜਰਾਤ, ਹਰਿਆਣਾ, ਆਈ. ਪੀ. ਐੱਸ. ਸੀ., ਜੰਮੂ ਅਤੇ ਕਸ਼ਮੀਰ, ਝਾਰਖੰਡ, ਕਰਨਾਟਕਾ, ਕੇਰਲਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮਨੀਪੁਰ, ਓਡੀਸ਼ਾ, ਰਾਜਸਥਾਨ, ਤਾਮਿਲਨਾਡੂ, ਤੇਲੰਗਾਨਾ, ਉੱਤਰ ਪ੍ਰਦੇਸ਼, ਵਿਦਿਆ ਭਾਰਤੀ ਅਤੇ ਪੱਛਮੀ ਬੰਗਾਲ ਦੇ ਹਜ਼ਾਰਾਂ ਖ਼ਿਡਾਰੀ ਪਹੁੰਚੇ ਹਨ। ਇਹ ਮੁਕਾਬਲੇ 24 ਦਸੰਬਰ, 2019 ਤੱਕ ਚੱਲਣਗੇ। ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਸ਼ਹਿਰ ਲੁਧਿਆਣਾ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕਈ ਕਦਮ ਉਠਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਜੈਨਪੁਰ ਵਿਖੇ ਕੂੜਾ-ਕਰਕਟ ਸੁੱਟਣ ਵਾਲੀ ਜਗ੍ਹਾਂ ‘ਤੇ 40 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਖੇਡ ਪਾਰਕ ਉਸਾਰਿਆ ਜਾ ਰਿਹਾ ਹੈ। ਗੁਰੂ ਨਾਨਕ ਸਟੇਡੀਅਮ ਵਿਖੇ ਨਵੀਂ ਅਥਲੈਟਿਕ ਸਿੰਥੈਟਿਕ ਟਰੈਕ ਵਿਛਾਈ ਜਾਵੇਗੀ। ਇੰਡੋਰ ਸਵੀਮਿੰਗ ਪੂਲ ਦਾ ਕੰਮ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸੁਰਿੰਦਰ ਡਾਵਰ, ਵਿਧਾਇਕ ਸੰਜੇ ਤਲਵਾੜ, ਵਿਧਾਇਕ ਲਖਬੀਰ ਸਿੰਘ ਲੱਖਾ, ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਚੇਅਰਮੈਨ ਕੇ. ਕੇ. ਬਾਵਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਜ਼ਿਲਾ ਕਾਂਗਰਸ (ਸ਼ਹਿਰੀ) ਪ੍ਰਧਾਨ ਅਸ਼ਵਨੀ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਇਕਬਾਲ ਸਿੰਘ ਸੰਧੂ, ਐੱਸ. ਡੀ. ਐੱਮ. ਅਮਰਿੰਦਰ ਸਿੰਘ ਮੱਲੀ, ਤੇਜਾ ਸਿੰਘ ਧਾਲੀਵਾਲ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।