ਵਿਰੋਧੀ ਧਿਰ ਦੇ ਨੇਤਾ ਦੀ ਅਗਵਾਈ ਹੇਠ ‘ਆਪ’ ਨੇ ਸਪੀਕਰ ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਅਤੇ ਪੰਜਾਬ ਵਿਰੋਧੀ ਤਿੰਨ ਆਰਡੀਨੈਂਸਾਂ ਵਿਰੁੱਧ ਪੰਜਾਬ ਵਿਧਾਨ ਸਭਾ ਦਾ ਉਚੇਚਾ ਇਜਲਾਸ (ਲਾਇਵ ਟੈਲੀਕਾਸਟ) ਬੁਲਾਉਣ ਦੀ ਮੰਗ ਕੀਤੀ ਹੈ। ਇਸ ਬਾਰੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ‘ਆਪ’ ਦੇ ਵਫਦ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ।
ਮੰਗਲਵਾਰ ਨੂੰ ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਨੇ ਕਿਹਾ ਕਿ ਮੋਦੀ ਕੈਬਨਿਟ ਵੱਲੋਂ ਖੇਤੀ ਸੁਧਾਰਾਂ ਦੇ ਨਾਂ ‘ਤੇ ਲੰਘੀ 5 ਜੂਨ ਨੂੰ ਲਿਆਂਦੇ ਗਏ ਤਿੰਨ ਆਰਡੀਨੈਂਸਾਂ ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਆਰਡੀਨੈਂਸ-2020, ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸੰਬੰਧੀ ਕਿਸਾਨ (ਸ਼ਕਤੀਕਰਨ ਅਤੇ ਸੁਰੱਖਿਆ) ਆਰਡੀਨੈਂਸ-2020 ਅਤੇ ਜ਼ਰੂਰੀ ਵਸਤਾਂ (ਸੋਧ) ਆਰਡੀਨੈਂਸ-2020 ਨੂੰ ਕਿਸਾਨ ਅਤੇ ਖੇਤੀਬਾੜੀ ਨਾਲ ਜੁੜੇ ਸਾਰੇ ਵਰਗਾਂ ਸਮੇਤ ਸੰਘੀ ਢਾਂਚੇ ਤਹਿਤ ਮਿਲੇ ਸੂਬੇ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ। ਇਸ ਲਈ ਪੰਜਾਬ ਵਿਧਾਨ ਸਭਾ ਦੇ ਉਚੇਚਾ ਇਜਲਾਸ ਰਾਹੀਂ ਮੋਦੀ ਸਰਕਾਰ ਦੇ ਇਸ ਤਾਨਾਸ਼ਾਹੀ ਫੈਸਲੇ ਖਿਲਾਫ ਮਤਾ ਪਾਸ ਕਰਕੇ ਪੰਜਾਬ ਵੱਲੋਂ ਸਖਤ ਸੰਦੇਸ਼ ਦਿੱਤਾ ਜਾਵੇ ਤਾਂ ਕਿ ਕੇਂਦਰ ਸਰਕਾਰ ਇਹ ਮਾਰੂ ਫੈਸਲੇ ਵਾਪਸ ਲੈਣ ਲਈ ਮਜਬੂਰ ਹੋ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।