ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਦੇ ਵਿਧਾਇਕਾਂ ਦੀ ਤਨਖਾਹ 56009 ਤੋਂ ਵਧਾ ਕੇ 90000 ਕਰਨ ਦੀ ਕੀਤੀ ਸਖ਼ਤ ਨਿਖੇਧੀ
ਕੋਟਕਪੂਰਾ, (ਸੁਭਾਸ਼ ਸ਼ਰਮਾ)। ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਫਰੀਦਕੋਟ ਦੀ ਇੱਕ ਮੀਟਿੰਗ ਸਥਾਨਕ ਮਿਊਂਸਪਲ ਪਾਰਕ ਵਿੱਚ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ ਅਤੇ ਜੱਥੇਬੰਦੀ ਦੀ ਸੂਬਾਈ ਸਲਾਹਕਾਰ ਪ੍ਰੇਮ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਵਿੱਚ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਭਗਵੰਤ ਸਿੰਘ ਮਾਨ ਸਰਕਾਰ ਦੇ ਪਲੇਠੇ ਬਜਟ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੇ ਗਏ ਚੋਣ ਮੈਨੀਫੈਸਟੋ ਦੇ ਬਿਲਕੁਲ ਉਲਟ ਮੁਲਾਜ਼ਮ ਅਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਨੂੰ ਬਿਲਕੁਲ ਨਜ਼ਰ ਅੰਦਾਜ਼ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ।
ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ
ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਸ ਸੀ ਕਿ ਇਸ ਬਜਟ ਵਿੱਚ ਕੇਂਦਰੀ ਪੈਟਰਨ ਅਨੁਸਾਰ ਮਹਿੰਗਾਈ ਭੱਤੇ ਦੀਆਂ ਪਿਛਲੀਆਂ ਦੋ ਰਹਿੰਦੀਆਂ ਕਿਸ਼ਤਾਂ ਦੇਣ ਦਾ ਐਲਾਨ ਕੀਤਾ ਜਾਵੇਗਾ, ਵੱਖ-ਵੱਖ ਵਿਭਾਗਾਂ ਵਿੱਚ ਪਿਛਲੇ ਕਈ ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਪੰਜਾਬ ਵਿਧਾਨ ਸਭਾ ਵੱਲੋਂ ਨਵਾਂ ਕਾਨੂੰਨ ਪਾਸ ਕੀਤਾ ਜਾਵੇਗਾ ,ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ।
ਸਿਹਤ, ਸਿੱਖਿਆ ਅਤੇ ਸਮਾਜ ਭਲਾਈ ਵਿਭਾਗ ਵਿੱਚ ਵੱਖ-ਵੱਖ ਸਕੀਮਾਂ ਅਧੀਨ ਭਰਤੀ ਵਰਕਰਾਂ ਨੂੰ ਮੌਜੂਦਾ ਸਮੇਂ ਦੌਰਾਨ ਮਿਲ ਰਿਹਾ ਮਾਣ ਭੱਤਾ ਚੋਣ ਵਾਅਦੇ ਅਨੁਸਾਰ ਦੁੱਗਣਾ ਕੀਤਾ ਜਾਵੇਗਾ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਪੈਦਾ ਕੀਤੀਆਂ ਤਨਖਾਹ ਤਰੁੱਟੀਆਂ ਨੂੰ ਦੂਰ ਕਰਨ ਲਈ ਅਨਾਮਲੀ ਕਮੇਟੀ ਦਾ ਗਠਨ ਕੀਤਾ ਜਾਵੇਗਾ ਅਤੇ 9 ਜੂਨ ਨੂੰ ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਵਿੱਚ ਵਿਚਾਰੇ ਗਏ ਮੁੱਦਿਆਂ ਅਨੁਸਾਰ ਪੰਜਾਬ ਦੇ ਬਜਟ ਵਿੱਚ ਢੁੱਕਵੀਂ ਥਾਂ ਦਿੱਤੀ ਜਾਵੇਗੀ ।
ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਭਗਵੰਤ ਸਿੰਘ ਮਾਨ ਸਰਕਾਰ ਦੇ ਖਿਲਾਫ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜ਼ਬੂਰ ਹੋਣਗੇ
ਆਗੂਆਂ ਨੇ ਅਫਸੋਸ ਪ੍ਰਗਟ ਕੀਤਾ ਕਿ ਵਿੱਤ ਮੰਤਰੀ ਪੰਜਾਬ ਦੀ ਸਾਰੀ ਬਜਟ ਸਪੀਚ ਅਤੇ ਬਾਅਦ ਵਿੱਚ ਇੰਟਰਨੈੱਟ ਤੋਂ ਪ੍ਰਾਪਤ ਮੁਕੰਮਲ ਬਜਟ ਪੜ੍ਹਨ ਉਪਰੰਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪੱਲੇ ਨਿਰਾਸ਼ਾ ਹੀ ਪਈ ਹੈ ਜਿਸ ਕਾਰਨ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਭਗਵੰਤ ਸਿੰਘ ਮਾਨ ਸਰਕਾਰ ਦੇ ਖਿਲਾਫ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜ਼ਬੂਰ ਹੋਣਗੇ। ਆਗੂਆਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਹੇੜੀ ਤਿੱਖੀ ਨਾਰਾਜ਼ਗੀ ਕਾਰਨ ਪੰਜਾਬ ਦੇ ਪਿਛਲੇ ਅਕਾਲੀ, ਭਾਜਪਾ ਤੇ ਕਾਂਗਰਸ ਪਾਰਟੀਆਂ ਦੀ ਹੁਕਮਰਾਨ ਅਤੇ ਕਈ ਵੱਡੇ ਵੱਡੇ ਰਾਜਨੀਤਕ ਦਿੱਗਜ ਇਸ ਵਾਰ ਵਿਧਾਨ ਸਭਾ ਦੀਆਂ ਪੌੜੀਆਂ ਨਹੀਂ ਚੜ੍ਹ ਸਕੇ ਤੇ ਆਮ ਆਦਮੀ ਪਾਰਟੀ ਨੂੰ ਵੀ ਹਕੂਮਤ ਵਿੱਚ ਆਉਣ ਦਾ ਘੁਮੰਡ ਨਹੀਂ ਕਰਨਾ ਚਾਹੀਦਾ ਤੇ ਇਹ ਗੱਲ ਆਮ ਕਹੀ ਜਾਂਦੀ ਹੈ ਕਿ ਹੰਕਾਰ ਦਾ ਸਿਰ ਨੀਵਾਂ ਹੁੰਦਾ ਹੈ।
ਆਗੂਆਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਸਰਕਾਰ ਵੱਲੋਂ ਤੇ ਵਿਰੋਧੀ ਧਿਰ ਭਾਰਤੀ ਜਨਤਾ ਪਾਰਟੀ ਦੇ ਸਮਰਥਨ ਨਾਲ ਸਾਰੇ ਵਿਧਾਇਕਾਂ ਦੀਆਂ ਤਨਖਾਹਾਂ 56000 ਤੋੰ ਵਧਾ ਕੇ 90000 ਕਰਨ ਦੇ ਫ਼ੈਸਲੇ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ । ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂ ਕੁਲਦੀਪ ਸਿੰਘ ਸਹਿਦੇਵ , ਗੁਰਿੰਦਰ ਸਿੰਘ ਮਨੀ ,ਸੋਹਣ ਸਿੰਘ ਪੱਖੀ ,ਧਰਮਿੰਦਰ ਸਿੰਘ , ਨਿਰਮਲ ਸਿੰਘ ,ਰਾਕੇਸ਼ ਕਟਾਰੀਆ , ਦਵਿੰਦਰ ਸਿੰਘ ਗਿੱਲ ,ਰੇਸ਼ਮ ਸਿੰਘ ਸਰਾਂ , ਨਵਲ ਕਿਸ਼ੋਰ ਤੇ ਜਸਕਰਨ ਸਿੰਘ ਫਿੱਡੇ ਕਲਾਂ ਆਦਿ ਸ਼ਾਮਲ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ