
ਸਿੱਖਿਆ ਕ੍ਰਾਂਤੀ ਤਹਿਤ 4 ਸਰਕਾਰੀ ਸਕੂਲਾਂ ’ਚ 59.76 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | Government Schools Punjab
Government Schools Punjab: (ਅਨਿਲ ਲੁਟਾਵਾ) ਅਮਲੋਹ। ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਨਵੀਂਆਂ ਪੈੜਾਂ ’ਤੇ ਅੱਗੇ ਲਿਜਾਣ ਦੇ ਕੀਤੇ ਵਾਅਦੇ ’ਤੇ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਹਰ ਬੱਚੇ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਅਧੀਨ ਹਲਕੇ ਦੇ 4 ਸਕੂਲਾਂ ਵਿੱਚ 59.76 ਲੱਖ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਵਾ ਤਿੰਨਾਂ ਸਾਲਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਸਿੱਖਿਆ ਸੁਧਾਰਾਂ ਵਿੱਚ ਸ਼ਾਨਦਾਰ ਕੰਮ ਕੀਤਾ ਹੈ, ਜੋ ਅੰਤਰਰਾਸ਼ਟਰੀ ਪੱਧਰ ’ਤੇ ਵੀ ਸਲਾਹਿਆ ਗਿਆ ਹੈ।
ਇਹ ਵੀ ਪੜ੍ਹੋ: Rajnath Singh: ਪਾਕਿਸਤਾਨ ਨੂੰ ਲੈ ਕੇ ਰਾਜਨਾਥ ਸਿੰਘ ਨੇ ਆਖ ਦਿੱਤੀ ਇਹ ਵੱਡੀ ਗੱਲ, ਜਾਣੋ
ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਸਾਡੀ ਸਰਕਾਰ ਨੂੰ ਸੱਤਾ ਸੰਭਾਲਣ ਮੌਕੇ ਸੂਬੇ ਦੇ 20 ਹਜ਼ਾਰ ਸਰਕਾਰੀ ਸਕੂਲ ਅਜਿਹੇ ਮਿਲੇ ਸਨ ਜਿਨ੍ਹਾਂ ਵਿੱਚੋਂ ਬਹੁਤਿਆਂ ਵਿੱਚ ਚਾਰ ਦੀਵਾਰੀ ਨਹੀਂ ਸੀ, ਢੁਕਵੇਂ ਪਖਾਨੇ ਨਹੀਂ ਸਨ ਅਤੇ ਵਿੱਦਿਅਕ ਸਹੂਲਤਾਂ ਦੀ ਵੀ ਬਹੁਤ ਮਾੜੀ ਹਾਲਤ ਸੀ। ਪ੍ਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ, ਪੰਜਾਬ ਦੇ ਲਗਭਗ ਹਰੇਕ ਸਰਕਾਰੀ ਸਕੂਲ ਵਿੱਚ ਚਾਰਦੀਵਾਰੀ ਹੈ, ਕੁੜੀਆਂ ਅਤੇ ਮੁੰਡਿਆਂ ਲਈ ਵੱਖਰੇ ਪਖਾਨੇ ਹਨ, ਵਧੀਆ ਫਰਨੀਚਰ, ਪੀਣ ਵਾਲੇ ਸਾਫ਼ ਪਾਣੀ ਦੀਆਂ ਸਹੂਲਤਾਂ ਅਤੇ ਵਾਈਫਾਈ ਕਨੈਕਟੀਵਿਟੀ ਹੈ।
ਵਿਧਾਇਕ ਗੈਰੀ ਬੜਿੰਗ ਨੇ ਸਰਕਾਰੀ ਪ੍ਰਾਇਮਰੀ ਸਕੂਲ ਅੰਬੇ ਮਾਜਰਾ ਵਿਖੇ 10.48 ਲੱਖ, ਸਰਕਾਰੀ ਮਿਡਲ ਸਕੂਲ ਅਜਨਾਲੀ ਵਿਖੇ 7.51 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਤਰਲੋਕਪੁਰੀ ਵਿਖੇ 35.73 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਡਗੁੱਜਰਾਂ ਵਿਖੇ 6.04 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਸਲਾਣਾ, ਹਰਜੀਤ ਸਿੰਘ ਗਰੇਵਾਲ, ਜਗਜੀਵਨ ਸਿੰਘ ਔਲਖ, ਲਖਵਿੰਦਰ ਸਿੰਘ, ਅਵਤਾਰ ਸਿੰਘ ਅਤੇ ਸਰਪੰਚ ਸੁਰਿੰਦਰ ਸਿੰਘ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀ, ਵਿਦਿਆਰਥੀ, ਸਕੂਲਾਂ ਦੇ ਅਧਿਆਪਕ, ਮਾਪੇ ਤੇ ਪਿੰਡਾਂ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ।