ਘਟਨਾ ਲਈ ਸਾਬਕਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੂੰ ਠਹਿਰਾਇਆ ਜ਼ਿੰਮੇਵਾਰ
ਕੋਟਕਪੂਰਾ, (ਸੁਭਾਸ਼ ਸ਼ਰਮਾ)। ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ , ਸੂਬਾ ਸਲਾਹਕਾਰ ਪ੍ਰੇਮ ਚਾਵਲਾ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ ਨੇ ਅੱਜ ਪਿੰਡ ਹਰੀ ਨੌ ਕੋਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਾਰ ਵਾਲਾ ਦੇ ਦਸਵੀੰ ਜਮਾਤ ਦੇ ਵਿਦਿਆਰਥੀ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (Govt. Senior Secondary School ) ਰੋੜੀਕਪੂਰਾ ਵਿਖੇ ਪੇਪਰ ਦੇਣ ਜਾ ਰਹੇ ਸਨ , ਨਾਲ ਵਾਪਰੇ ਸੜਕ ਹਾਦਸੇ ਵਿੱਚ ਕਈ ਵਿਦਿਆਰਥੀਆਂ ਦੇ ਜ਼ਖਮੀ ਹੋ ਜਾਣ ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਅਤੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ ।
ਆਗੂਆਂ ਨੇ ਇਸ ਘਟਨਾ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਅਤੇ ਸਾਬਕਾ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਜਿਸ ਦੇ ਕਾਰਜਕਾਲ ਦੌਰਾਨ ਇਹ ਫ਼ੈਸਲੇ ਕੀਤਾ ਗਿਆ ਕਿ ਮੈਟ੍ਰਿਕ ਅਤੇ 10+2 ਜਮਾਤ ਦੇ ਵਿਦਿਆਰਥੀ ਆਪਣੇ ਸਥਾਨਕ ਸਕੂਲ ਵਿੱਚ ਪੇਪਰ ਦੇਣ ਦੀ ਥਾਂ ਹੋਰਨਾਂ ਸਕੂਲਾਂ ਵਿਚ ਪੇਪਰ ਦੇਣਗੇ ।
ਅਧਿਆਪਕ ਆਗੂਆਂ ਨੇ ਅੱਗੇ ਕਿਹਾ ਕਿ ਜੱਥੇਬੰਦੀ ਪਿਛਲੇ ਤਿੱਨ ਚਾਰ ਸਾਲਾਂ ਤੋਂ ਲਗਾਤਾਰ ਮੰਗ ਕਰਦੀ ਰਹੀ ਹੈ ਕਿ ਵਿਦਿਆਰਥੀਆਂ ਦੇ ਪੇਪਰ ਪਹਿਲਾਂ ਵਾਂਗ ਸਥਾਨਕ ਸਕੂਲਾਂ ਵਿਚ ਹੀ ਲਏ ਜਾਣ ਪਰ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸਿੱਖਿਆ ਵਿਭਾਗ ਦੇ ਕਿਸੇ ਵੀ ਅਧਿਕਾਰੀ ਨੇ ਇਸ ਮੰਗ ਵੱਲ ਰੱਤੀ ਭਰ ਵੀ ਧਿਆਨ ਨਹੀਂ ਦਿੱਤਾ ।
ਸੀਨੀਅਰ ਪੁਲਿਸ ਕਪਤਾਨ ਫਰੀਦਕੋਟ ਅਵਨੀਤ ਕੌਰ ਸੰਧੂ ਜਖਮੀ ਬੱਚਿਆਂ ਦਾ ਹਾਲ-ਚਾਲ ਪੁੱਛਦੇ ਹੋਏ। ਤਸਵੀਰ : ਸੁਭਾਸ਼ ਸ਼ਰਮਾ
ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਮਜਬੂਰੀ ਵੱਸ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਆਪਣੀ ਆਤਮਿਕ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੂਰ ਦੁਰੇਡੇ ਪ੍ਰੀਖਿਆ ਕੇਂਦਰਾਂ ਵਿੱਚ ਕੋਈ ਨਾ ਕੋਈ ਸਾਧਨ ਕਰਕੇ ਲੈ ਕੇ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ ।ਅਧਿਆਪਕ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਤੋਂ ਮੰਗ ਕੀਤੀ ਹੈ ਕਿ ਤੁਰੰਤ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ