ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਸੂਬੇ ਦੇ ਸਰਕਾਰੀ ਕਾਲਜਾਂ ਨੂੰ ਸਾਲ 2003 ਤੋਂ ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਚਲਾ ਰਹੀ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਰੋਜ਼ਗਾਰ ਨੂੰ ਖੋਹਣ ਲਈ ਪੰਜਾਬ ਸਰਕਾਰ ਪੱਬਾਂ ਭਾਰ ਹੋਈ ਹੈ। ਇੱਕ ਪਾਸੇ ਘਰ-ਘਰ ਰੁਜ਼ਗਾਰ ਦੇਣ ਦਾ ਨਾਅਰਾ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਵਿੱਚ ਧੱਕੇ ਖਾਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਜਿਹੜੇ ਨੌਜਵਾਨ ਮੁਲਾਜ਼ਮ ਸਰਕਾਰੀ ਕਾਲਜਾਂ ਵਿੱਚ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰਕੇ ਲੰਮੇਂ ਸਮੇਂ ਤੋਂ ਸਰਕਾਰੀ ਕਾਲਜਾਂ ਨੂੰ ਸਾਂਭੀ ਬੈਠੇ ਹਨ ਉਹਨਾਂ ਨੂੰ ਵੀ ਰੋਜ਼ਗਾਰ ਤੋਂ ਵਾਂਝਾ ਕਰਨ ਲਈ ਸਰਕਾਰੀ ਕਾਲਜਾਂ ਵਿਚ ਨਵੀਆਂ ਅਸਾਮੀਆਂ ਭਰਨ ਦੀ ਪਾਲਿਸੀ ਜਾਰੀ ਕਰ ਦਿੱਤੀ ਹੈ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਪੰਜਾਬ ਦੇ ਆਗੂ ਡਾ. ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ 48 ਸਰਕਾਰੀ ਕਾਲਜਾਂ ਵਿਚ 1873 ਅਸਾਮੀਆਂ ਹਨ ਜਿਨ੍ਹਾਂ ਵਿਚੋਂ 962 ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਕੰਮ ਕਰ ਰਹੇ ਹਨ ਜਦਕਿ 417 ਦੇ ਕਰੀਬ ਮੰਨਜ਼ੂਰ ਸ਼ੁਦਾ ਅਸਾਮੀਆਂ ਖਾਲੀ ਪਈਆਂ ਹਨ ਅਤੇ ਨਵੇਂ ਖੋਲੇ ਸਰਕਾਰੀ ਕਾਲਜਾਂ ਵਿਚ ਵੀ 160 ਅਸਾਮੀਆਂ ਖਾਲੀ ਹਨ। ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਸਲ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਚਾਹੁੰਦੀ ਹੈ ਤਾਂ ਉਹ ਨਿਰੋਲ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰੇ ਜਿਨ੍ਹਾਂ ’ਤੇ ਕੋਈ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਕੰਮ ਨਹੀਂ ਕਰ ਰਿਹਾ।
ਉਹਨਾਂ ਦੱਸਿਆ ਕਿ ਪਿਛਲੇ ਤਕਰੀਬਨ 20 ਸਾਲਾਂ ਤੋਂ ਸਰਕਾਰ ਨੇ ਬੱਚਿਆਂ ਦੇ ਮਾਪਿਆਂ ਤੋਂ ਪੀ.ਟੀ.ਏ ਫੰਡ ਉਗਰਾਹ ਕੇ ਸਰਕਾਰੀ ਕਾਲਜਾਂ
ਚ ਕੰਮ ਕਰਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਤਨਖਾਹ ਦਿੱਤੀ ਹੈ ਜਿਸ ਨਾਲ ਬਹੁਤ ਸਾਰੇ ਗਰੀਬ ਵਿਦਿਆਰਥੀ ਪੀ.ਟੀ.ਏ ਫੰਡਾਂ ਦਾ ਬੋਝ ਨਾ ਝੱਲਣ ਕਰਕੇ ਉੱਚ ਸਿੱਖਿਆ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਗਏ। ਇਹਨਾਂ ਨਵੀਆਂ ਅਸਾਮੀਆਂ ਦੇ ਖ਼ਿਲਾਫ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਦੇ ਕੰਮ ਕਾਰ ਠੱਪ ਕਰਕੇ ਸਰਕਾਰ ਖ਼ਿਲਾਫ ਰੋਸ ਪ੍ਰਦਰਸ਼ਨ ਕੀਤੇ। ਪ੍ਰੋਫ਼ੈਸਰ ਸ਼ਾਹਿਦ ਨੇ ਕਿਹਾ ਕਿ ਜੇਕਰ ਸਰਕਾਰ ਨੇ 962 ਪਰਿਵਾਰਾਂ ਦੀ ਨੌਕਰੀ ਨੂੰ ਸੁਰੱਖਿਅਤ ਕਰਨ ਦੇ ਨਾਲ ਨਾਲ ਸਰਕਾਰੀ ਖਜਾਨੇ ਵਿਚੋਂ 56100 ਰੁਪਏ ਦੇਣ ਦਾ ਐਲਾਨ ਜਲਦ ਨਾ ਕੀਤਾ ਤਾਂ ਉਹ ਪਰਿਵਾਰਾਂ, ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਕਰਨਗੀਆਂ।
ਉਹਨਾਂ ਕਿਹਾ ਕਿ ਕਈ ਸਰਕਾਰੀ ਕਾਲਜਾਂ ਵਿੱਚ ਪੀ.ਟੀ.ਏ ਫੰਡ ਕਈ ਮਹੀਨੇ ਤੋਂ ਖਤਮ ਹੈ ਅਤੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਆਰਥਿਕ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ। ਉਹਨਾਂ ਦੱਸਿਆ ਕਿ ਸੂਬੇ ਦੀ ਕਾਂਗਰਸ ਸਰਕਾਰ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਬੇਰੁਜ਼ਗਾਰ ਕਰਕੇ ਉਹਨਾਂ ਦੇ ਚੁੱਲੇ ਠੰਡੇ ਕਰਕੇ ਦਿਵਾਲੀ ਦਾ ਤੋਹਫਾ ਦੇਣ ਜਾ ਰਹੀ ਹੈ।ਇਸ ਮੌਕੇ ਸਰਕਾਰੀ ਕਾਲਜ ਮਾਲੇਰਕੋਟਲਾ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਡਾ. ਪਰਮਜੀਤ ਸਿੰਘ ਢਿੱਲੋਂ, ਡਾ. ਪਿ੍ਰਤਪਾਲ ਕੌਸ਼ਿਕ, ਪ੍ਰੋਫ਼ੈਸਰ ਸੁਖਚੈਨ ਸਿੰਘ, ਪ੍ਰੋਫ਼ੈਸਰ ਕਰਮਪ੍ਰੀਤ ਕੌਰ, ਪ੍ਰੋਫ਼ੈਸਰ ਨੇਹਾ ਵੋਹਰਾ, ਪ੍ਰੋਫ਼ੈਸਰ ਇਕਰਾਮ-ਉਰ-ਰਹਿਮਾਨ, ਪ੍ਰੋਫ਼ੈਸਰ ਜਤਿੰਦਰ ਸਿੰਘ ਆਦਿ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ