ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਲਈ ਪੂਰਾ ਪਰਿਵਾਰ ਵਾਰਿਆ: ਪ੍ਰਨੀਤ ਕੌਰ

Guru Gobind Singh, Sacrificed, Family, Humanity, Preneet Kaur

ਪੰਜਾਬੀ ਯੂਨਿਵਰਸਿਟੀ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਐਡਵਾਂਸਡ ਸਟੱਡੀਜ਼ ਸੈਂਟਰ ਦੀ ਸਥਾਪਨਾ ਲਈ ਦਿੱਤੇ ਜਾਣਗੇ ਸੱਤ ਕਰੋੜ ਰੁਪਏ

ਖੁਸ਼ਵੀਰ ਸਿੰਘ ਤੂਰ
ਪਟਿਆਲਾ , 23 ਦਸੰਬਰ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਦੀ ਸੇਵਾ ਲਈ ਆਪਣੇ ਪੂਰੇ ਪਰਿਵਾਰ ਦੀ ਕੁਰਬਾਨੀ ਦੇ ਦਿੱਤੀ ਅਤੇ ਜਾਤ ਪਾਤ ਤੋਂ ਉਪਰ ਉਠ ਕੇ ਇੱਕ ਅਜਿਹੇ ਸਮਾਜ ਦੀ ਉਸਾਰੀ ਕੀਤੀ ਜਿੱਥੇ ਛੂਤ-ਛਾਤ ਤੋਂ ਦੂਰ ਹਰ ਕੋਈ ਇੱਕ ਸਮਾਨ ਅਧਿਕਾਰ ਰੱਖਦਾ ਹੈ। ਪੰਜਾਬੀ ਯੂਨਿਵਰਸਿਟੀ ਪਟਿਆਲਾ ਦੇ ਸੈਨੇਟ ਹਾਲ ਵਿੱਚ ‘ਸ੍ਰੀ ਗੁਰੂ ਗੋਬਿੰਦ ਸਿੰਘ ਸ਼ਾਂਤੀ ਅਤੇ ਅਜ਼ਾਦੀ ਦੇ ਰਾਖੇ’ ਵਿਸ਼ੇ ‘ਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਸੈਮੀਨਾਰ ‘ਚ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਉੱਕਤ ਵਿਚਾਰਾਂ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੰਜਾਬੀ ਯੂਨਿਵਰਸਿਟੀ ਦੇ ਧਰਮ ਅਧਿਐਨ ਵਿਭਾਗ ਤਹਿਤ ਸ੍ਰੀ ਗੁਰੂ ਗੋਬਿੰਦ ਸਿੰਘ ਐਡਵਾਂਸਡ ਸਟੱਡੀਜ਼ ਸੇਂਟਰ ਸਥਾਪਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੱਤ ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪਰਨੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦੇ ਹੋਏ ਪੰਜਾਬ ਭਰ ਵਿੱਚ ਵੱਖੋ ਵੱਖਰੇ ਪ੍ਰੋਗਰਾਮ ਕਰਵਾ ਰਹੀ ਹੈ ਅਤੇ ਇਨ੍ਹਾਂ ਵਿੱਚ ਸੂਬਾ ਪੱਧਰੀ ਸਮਾਗਮ 24 ਦਸੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਰੱਖਿਆ ਗਿਆ ਹੈ, ਜਿੱਥੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਿਲ ਹੋਣ ਜਾ ਰਹੇ ਹਨ।

ਉਥੇ ਹੀ ਯੂਨਿਵਰਸਿਟੀ ਦੀ ਆਰਥਿਕ ਹਾਲਤ ਦੇ ਸੰਬੰਧੀ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ‘ਚ ਪਰਨੀਤ ਕੌਰ ਨੇ ਕਿਹਾ ਕਿ ਉਹ ਸਵੀਕਾਰ ਕਰਦੇ ਹਨ ਕਿ ਆਰਥਿਕ ਹਾਲਤ ਚੰਗੀ ਨਹੀਂ ਹੈ ਅਤੇ ਅਸਲ ਵਿਚ ਰਾਜ ਸਰਕਾਰ ਦਾ ਹਰ ਵਿਭਾਗ ਆਰਥਿਕ ਸੰਕਟ ‘ਚੋਂ ਲੰਘ ਰਿਹਾ ਹੈ ਜੋ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਦਾ ਨਤੀਜਾ ਹੈ।

ਇਸ ਮੌਕੇ ਪਰਨੀਤ ਕੌਰ ਅਤੇ ਕੈਬੀਨਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰੋ. ਰਤਨ ਸਿੰਘ ਜੱਗੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ’ ਦੇ ਹਿੰਦੀ ਭਾਸ਼ਾ ਵਿੱਚ ਕੀਤੇ ਟੀਕੇ ਦੀ ਪੁਸਤਕ ਨੂੰ ਵੀ ਜਾਰੀ ਕੀਤਾ। ਜਦੋਂ ਕਿ ਭਾਈ ਵੀਰ ਸਿੰਘ ਸਾਹਿਤ ਸਦਨ ਦਿੱਲੀ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਇਸ ਸੈਮੀਨਾਰ ਨੇ ਮੁੱਖ ਬੁਲਾਰੇ ਸਨ।ਇਸ ਮੌਕੇ ਵਾਇਸ ਚਾਂਸਲਰ ਡਾ. ਬੀ.ਐਸ ਘੁੰਮਣ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਗੁਰਮੀਤ ਸਿੰਘ ਸਿੱਧੂ, ਡਾ. ਇੰਦਰਜੀਤ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।