ਹਰਕਮਲਪ੍ਰੀਤ ਸਿੰਘ ਖੱਖ ਨੇ ਬਤੌਰ ਸੀਨੀਅਰ ਪੁਲਿਸ ਕਪਤਾਨ ਮਾਲੇਰਕੋਟਲਾ ਦਾ ਅਹੁਦਾ ਸੰਭਾਲਿਆ

Malerkotla News
ਹਰਕਮਲਪ੍ਰੀਤ ਸਿੰਘ ਖੱਖ ਨੇ ਬਤੌਰ ਸੀਨੀਅਰ ਪੁਲਿਸ ਕਪਤਾਨ ਮਾਲੇਰਕੋਟਲਾ ਦਾ ਅਹੁਦਾ ਸੰਭਾਲਿਆ

(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਹਰਕਮਲਪ੍ਰੀਤ ਸਿੰਘ ਖੱਖ ,ਪੀ.ਪੀ.ਐਸ . ਨੇ ਅੱਜ ਜ਼ਿਲ੍ਹਾ ਮਾਲੇਰਕੋਟਲਾ ਦੇ ਨਵੇਂ ਸੀਨੀਅਰ ਪੁਲਿਸ ਕਪਤਾਨ ਵਜੋਂ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੂੰ ਪੁਲਿਸ ਟੁਕੜੀ ਵੱਲੋਂ ਗਾਰਡ-ਆਫ਼-ਆਨਰਜ ਪੇਸ਼ ਕੀਤਾ ਗਿਆ ।ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਮਾਲੇਰਕੋਟਲਾ ਤੋਂ ਪਹਿਲਾ ਐਸ.ਐਸ.ਪੀ ਪਠਾਨਕੋਟ,ਕਪੂਰਥਲਾ,ਸ੍ਰੀ ਅੰਮ੍ਰਿਤਸਰ ਸਾਹਿਬ (ਦਿਹਾਤੀ),ਏ.ਆਈ.ਜੀ (ਕਾਊਂਟਰ ਇੰਟੈਲੀਜੈਂਸ) ਜਲੰਧਰ ਰੇਂਜ, ਏ.ਆਈ.ਜੀ ਫ਼ਿਰੋਜਪੁਰ, ਪੀਏ ਪੀ ਦੀ ਸੱਤਵੀਂ ਬਟਾਲੀਅਨ ਦੇ ਕਮਾਂਡੈਂਟ ਤੋਂ ਇਲਾਵਾ ਹੋਰ ਉੱਚ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। (Malerkotla News)

ਅਹੁਦਾ ਸੰਭਾਲਣ ਉਪਰੰਤ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸ ਪ੍ਰਸ਼ਾਸਨ ਪ੍ਰਦਾਨ ਕਰਨ ਅਤੇ ਸਮੇਂ –ਸਮੇਂ ’ਤੇ ਆਉਣ ਵਾਲੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਵਚਨਬੱਧ ਹੈ। ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਹਰ ਹਾਲਤ ਵਿੱਚ ਬਰਕਰਾਰ ਰੱਖੀ ਜਾਵੇਗੀ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੀ ਅਵਾਮ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਪੁਲਿਸ ਨੂੰ ਸਹਿਯੋਗ ਦੇਣ। ਨਸ਼ਿਆਂ ਅਤੇ ਅਪਰਾਧੀਆਂ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਰੰਭੀ ਲੜਾਈ ਦੀ ਸਫਲਤਾ ਲਈ ਬਿਨਾਂ ਕਿਸੇ ਡਰ ਤੋਂ ਪੁਲਿਸ ਦਾ ਸਾਥ ਦੇਣ।

ਇਹ ਵੀ ਪੜ੍ਹੋ : ਮਿੱਟੀ ਦੀ ਢਿੱਗ ਡਿੱਗਣ ਨਾਲ ਮਜ਼ਦੂਰ ਦੀ ਮੌਤ

ਨਸ਼ੀਲੇ ਪਦਾਰਥਾਂ ਦੀ ਤਸਕਰੀ,ਸਾਈਬਰ ਕਰਾਈਮ, ਜਾਇਦਾਦ ,ਔਰਤਾਂ,ਮਰਦਾ ਅਤੇ ਬੱਚਿਆਂ ਵਿਰੁੱਧ ਅਤੇ ਸਨਸਨੀਖ਼ੇਜ਼ ਅਪਰਾਧਾਂ ਨੂੰ ਰੋਕਣਾ ਅਤੇ ਨਜਿੱਠਣਾ ਉਨ੍ਹਾਂ ਦੀ ਪ੍ਰਮੁੱਖਤਾ ਹੋਵੇਗੀ । ਉਨ੍ਹਾਂ ਨਸ਼ਿਆਂ ਅਤੇ ਗੁੰਡਾਗਰਦੀ ਵਰਗੀਆਂ ਅਲਾਮਤਾਂ ਖ਼ਿਲਾਫ਼ ਜੰਗ ਜਿੱਤਣ ਲਈ ਆਮ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪ੍ਰਮੁੱਖਤਾ ਹੋਵੇਗੀ। (Malerkotla News)

ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ । ਹਰੇਕ ਨਾਗਰਿਕ ਦਾ ਉਨ੍ਹਾਂ ਦੇ ਦਫ਼ਤਰ ਵਿਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ । ਜ਼ਿਲ੍ਹਾ ਨਿਵਾਸੀਆਂ ਦੇ ਕੰਮ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕੀਤੇ ਜਾਣਗੇ ।ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਫ਼ਵਾਹਾਂ ਤੇ ਵਿਸ਼ਵਾਸ ਨਾ ਕਰਨ ਲਈ ਕਿਹਾ।ਸੋਸ਼ਲ ਮੀਡੀਆ ਰਾਹੀ ਸਮਾਜ ਵਿਰੋਧੀ ਸ਼ਰਾਰਤੀ ਅਨਸਰਾਂ ਵੱਲੋਂ ਭੇਜੇ ਜਾਂਦੇ ਸੰਦੇਸ਼ਾਂ ਤੇ ਵਿਸ਼ਵਾਸ ਨਾ ਕਰਨ ਦਾ ਸੁਝਾਅ ਵੀ ਦਿੱਤਾ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਆਮ ਲੋਕਾਂ ਦੀ ਹਮਦਰਦ ਹੈ। ਇਸ ਲਈ ਘਬਰਾਉਣ ਦੀ ਲੋੜ ਨਹੀਂ। ਇਸ ਮੌਕੇ ਐਸ.ਪੀ.(ਐਚ) ਸ੍ਰੀਮਤੀ ਸਵਰਨਜੀਤ ਕੌਰ, ਐਸ.ਪੀ.(ਡੀ) ਸ੍ਰੀ ਜਗਦੀਸ਼ ਬਿਸ਼ਨੋਈ , ਡੀ.ਐਸ.ਪੀ.ਅਹਿਮਦਗੜ੍ਹ ਸ੍ਰੀ ਦਵਿੰਦਰ ਸਿੰਘ, ਡੀ.ਐਸ.ਪੀ.ਮਾਲੇਰਕੋਟਲਾ ਸ੍ਰੀ ਕੁਲਦੀਪ ਸਿੰਘ,ਡੀ.ਐਸ.ਪੀ.(ਡੀ) ਅਮਰਜੀਤ ਸਿੰਘ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।