ਹਰਸਿਮਰਤ ਨੇ ਛੱਡੀ ਕੇਂਦਰ ‘ਚੋਂ ਵਜ਼ੀਰੀ

Not Interested, Coming, Politics, Harsimrat Kaur Badal

ਕੇਂਦਰ ਦੇ ਖੇਤੀ ਬਿੱਲਾਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਲਿਆ ਸਖ਼ਤ ਫੈਸਲਾ

  • ਕੇਂਦਰੀ ਮੰਤਰੀ ਨੇ ਆਪਣਾ ਅਸਤੀਫ਼ਾ ਪ੍ਰਧਾਨ ਮੰਤਰੀ ਦਫਤਰ ਨੂੰ ਭੇਜਿਆ
  • ਭਾਜਪਾ ਅਤੇ ਅਕਾਲੀ ਦਲ ਦੇ ਰਾਹ ਵੱਖ ਹੋਣ ਦੀਆਂ ਸੰਭਾਵਨਾਵਾਂ ਹੋਈਆਂ ਤੇਜ਼

ਖੁਸ਼ਵੀਰ ਸਿੰਘ ਤੂਰ (ਪਟਿਆਲਾ)। ਕੇਂਦਰ ਸਰਕਾਰ ਵੱਲੋਂ ਸੰਸਦ ‘ਚ ਪੇਸ਼ ਕੀਤੇ ਗਏ ਦੋ ਖੇਤੀ ਬਿੱਲਾਂ ਅਤੇ ਜ਼ਰੂਰੀ ਵਸਤੂਆਂ ਸੋਧ ਬਿੱਲ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਉਨ੍ਹਾਂ ਨੇ ਇਹ ਅਸਤੀਫ਼ਾ ਪ੍ਰਧਾਨ ਮੰਤਰੀ ਦਫਤਰ ਨੂੰ ਭੇਜ ਦਿੱਤਾ ਹੈ

Harsimrat

ਉਂਜ ਅੱਜ ਦਿਨ ਭਰ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਦੀਆਂ ਕਿਆਸ ਅਰਾਈਆਂ ਲੱਗ ਰਹੀਆਂ ਸਨ, ਜੋ ਕਿ ਦੇਰ ਸ਼ਾਮ ਤੱਕ ਸਹੀ ਸਾਬਤ ਹੋਈਆਂ। ਅਕਾਲੀ ਦਲ ਦਾ ਕਹਿਣਾ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਖੇਤੀ ਆਰਡੀਨੈਂਸਾਂ ਦੇ ਵਿਰੋਧ ‘ਚ ਅਤੇ ਪੰਜਾਬ ਦੀ ਕਿਸਾਨੀ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੀ ਇਹ ਕਦਮ ਚੁੱਕਿਆ ਹੈ। ਦੱਸਣਯੋਗ ਹੈ ਕਿ ਬਾਦਲ ਪਿੰਡ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕੇਂਦਰੀ ਮੰਗਾਂ ਸਬੰਧੀ ਪੱਕਾ ਮੋਰਚਾ ਠੋਕਿਆ ਹੋਇਆ ਹੈ।

ਹਰਸਿਮਰਤ ਕੌਰ ਬਾਦਲ ਵੱਲੋਂ ਪੰਜਾਬ ਦੇ ਹਿੱਤਾਂ ਲਈ ਕੇਂਦਰੀ ਵਜ਼ਾਰਤ ਨੂੰ ਠੋਕਰ ਮਾਰੀ

ਕਿਸਾਨਾਂ ਵੱਲੋਂ ਅਕਾਲੀ ਦਲ ਨੂੰ ਪਹਿਲਾਂ ਹੀ ਸੁਚੇਤ ਕਰ ਦਿੱਤਾ ਗਿਆ ਸੀ ਕਿ ਜੇਕਰ ਉਹ ਬਿੱਲਾਂ ਦੇ ਹੱਕ ਵਿੱਚ ਗਏ ਤਾਂ ਪੰਜਾਬ ਦੇ ਕਿਸਾਨਾਂ ਵੱਲੋਂ ਅਕਾਲੀ ਦਲ ਖਿਲਾਫ਼ ਵੱਡਾ ਵਿਦਰੋਹ ਸ਼ੁਰੂ ਕੀਤਾ ਜਾਵੇਗਾ।  ਕਿਸਾਨਾਂ ਦੇ ਦਬਾਅ ਕਾਰਨ ਹੀ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਵਜ਼ਾਰਤ ‘ਚੋਂ ਅਸਤੀਫ਼ਾ ਦੇਣ ਲਈ ਮਜ਼ਬੂਰ ਹੋਣਾ ਪਿਆ ਹੈ। ਇੱਧਰ ਹਰਸਿਮਰਤ ਦੇ ਅਸਤੀਫ਼ੇ ਤੋਂ ਬਾਅਦ ਭਾਜਪਾ ਅਤੇ ਅਕਾਲੀ ਦਲ ਦੇ ਰਾਹ ਅਲੱਗ ਹੋਣ ਦੀਆਂ ਸੰਭਾਵਨਾਵਾਂ ਤੇਜ਼ ਹੋ ਗਈਆਂ ਹਨ। ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਦਿਨੀਂ ਲੋਕ ਸਭਾ ਵਿੱਚ ਖੇਤੀ ਬਿੱਲਾਂ ਦੇ ਵਿਰੁੱਧ ਅਵਾਜ਼ ਚੁੱਕੀ ਗਈ ਸੀ ਅਤੇ ਇਨ੍ਹਾਂ ਬਿੱਲਾਂ ਨੂੰ ਕਿਸਾਨ ਮਾਰੂ ਆਖਿਆ ਗਿਆ ਹੈ। ਉਂਜ ਭਾਵੇਂ ਭਾਜਪਾ ਦੇ ਕੇਂਦਰੀ ਆਗੂਆਂ ਵੱਲੋਂ ਅਕਾਲੀ ਦਲ ਦੇ ਇਨ੍ਹਾਂ ਬਿੱਲਾਂ ਸਬੰਧੀ ਪੈਦਾ ਹੋਏ ਸੰਸਿਆਂ ਨੂੰ ਦੂਰ ਕਰਨ ਦੀ ਗੱਲ ਵੀ ਆਖੀ ਗਈ ਸੀ।

ਹਰਸਿਮਰਤ ਦੇ ਅਸਤੀਫੇ ਤੋਂ ਬਾਅਦ ਅਕਾਲੀ ਦਲ ਨੇ ਪੰਜਾਬ ‘ਚ ਆਪਣੇ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ‘ਤੇ ਰੋਕ ਲਗਾ ਦਿੱਤੀ ਹੈ। ਇੱਧਰ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਆਖਿਆ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਪੰਜਾਬ ਦੇ ਹਿੱਤਾਂ ਲਈ ਕੇਂਦਰੀ ਵਜ਼ਾਰਤ ਨੂੰ ਠੋਕਰ ਮਾਰੀ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲਈ ਸਭ ਤੋਂ ਪਹਿਲਾਂ ਪੰਜਾਬ ਦੇ ਹਿੱਤ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.