ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਪਰਲ ਕੰਪਨੀ (Pearl Company) ’ਚ ਫਸੇ ਲੋਕਾਂ ਦੇ ਪੈਸੇ ਉਨਾਂ ਨੂੰ ਵਾਪਸ ਕਰਵਾਏ ਜਾਣਗੇ। ਉਨਾਂ ਕਿਹਾ ਕਿ ਸਰਕਾਰ ਨੇ ਪੰਜਾਬ ਵਿੱਚ ਚਿੱਟ ਫੰਡ ਕੰਪਨੀ “ਪਰਲ” ਦੀਆਂ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜਲਦੀ ਹੀ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਨਿਲਾਮੀ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਪੈਸੇ ਵਾਪਸ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਰਲ ਕੰਪਨੀ ਦੀਆਂ ਸਾਰੀਆਂ ਜਾਇਦਾਦਾਂ ਦੀ ਨਿਲਾਮੀ ਕਰਕੇ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਦੀ ਮਿਹਨਤ ਦੀ ਕਮਾਈ ਵਾਪਸ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧੀ ਫੈਸਲਾ ਲਿਆ ਹੈ।
ਸਰਕਾਰ ਨੇ ਉੱਚ ਪੱਧਰੀ ਜਾਂਚ ਕਰਵਾਈ | Pearls News
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੀ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਚੁੱਕੀ ਹੈ। ਸੀਐਮ ਭਗਵੰਤ ਮਾਨ ਨੇ ਖੁਦ ਜਾਂਚ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਲੁੱਟ ਕੇ ਅਰਬਾਂ ਦੀ ਚੱਲ-ਅਚੱਲ ਜਾਇਦਾਦ ਬਣਾਉਣ ਵਾਲੀ ਚਿੱਟ ਫੰਡ ਕੰਪਨੀ ਪਰਲ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰਨ ਦੀ ਗੱਲ ਕਹੀ ਸੀ। ਕਰੀਬ 9 ਮਹੀਨੇ ਪਹਿਲਾਂ ਵੀ ਉਸ ਨੇ ਇਸ ਮਾਮਲੇ ਵਿੱਚ ਜਾਣਕਾਰੀ ਦੇਣ ਦੀ ਗੱਲ ਕਹੀ ਸੀ। ਪੰਜਾਬ ਦੇ ਕਰੀਬ 10 ਲੱਖ ਲੋਕ ਪਰਲ ਗਰੁੱਪ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਦੱਸੇ ਗਏ ਹਨ।
ਸਰਕਾਰ ਜਾਇਦਾਦ ਦੀ ਨਿਲਾਮੀ ਕਰੇਗੀ (Pearl Company)
ਇਸ ਤੋਂ ਪਹਿਲਾਂ ਸੂਤਰਾਂ ਅਨੁਸਾਰ ਇਹ ਗੱਲ ਸਾਹਮਣੇ ਆਈ ਸੀ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਨਿਯੁਕਤ ਲੋਢਾ ਕਮੇਟੀ ਨੂੰ ਸਹਿਯੋਗ ਦਿੱਤਾ ਸੀ। ਇਸ ਤਹਿਤ ਪਰਲ ਗਰੁੱਪ ਦੀ ਜਾਇਦਾਦ ਵੇਚ ਕੇ ਨਿਵੇਸਕਾਂ ਨੂੰ ਪੈਸੇ ਵਾਪਸ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਕਰੀਬ ਡੇਢ ਲੱਖ ਨਿਵੇਸ਼ਕਾਂ ਨੇ ਲੋਢਾ ਕਮੇਟੀ ਕੋਲ ਪਹੁੰਚ ਕੀਤੀ ਸੀ ਅਤੇ ਉਸ ਤੋਂ ਬਾਅਦ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਪਰਲ ਗਰੁੱਪ ਦੀ ਜਾਇਦਾਦ ਦੀ ਨਿਲਾਮੀ ਕਰਨ ਲਈ ਕਿਹਾ ਗਿਆ ਸੀ।
5.50 ਕਰੋੜ ਨਿਵੇਸ਼ਕਾਂ ਨਾਲ 60 ਹਜਾਰ ਕਰੋੜ ਦੀ ਠੱਗੀ
ਪਰਲ ਗਰੁੱਪ ’ਤੇ ਦੋਸ਼ ਹਨ ਕਿ ਉਸ ਨੇ ਕਰੀਬ 5.50 ਕਰੋੜ ਲੋਕਾਂ ਨੂੰ ਦੇਸ਼ ’ਚ ਜਾਇਦਾਦ ’ਚ ਨਿਵੇਸ਼ ਕਰਨ ਲਈ ਲਿਆ। ਇਸ ਤੋਂ ਕਰੀਬ 60 ਹਜਾਰ ਕਰੋੜ ਰੁਪਏ ਕਮਾਏ ਪਰ ਕੰਪਨੀ ਵੱਲੋਂ ਨਿਵੇਸ਼ਕਾਂ ਨੂੰ ਜਾਅਲੀ ਅਲਾਟਮੈਂਟ ਪੱਤਰ ਦੇ ਕੇ ਇਹ ਪੈਸਾ ਹੜੱਪ ਲਿਆ ਗਿਆ।
ਮਾਨ ਨੇ ਲੋਕ ਸਭਾ ’ਚ ਉਠਾਈ ਸੀ ਆਵਾਜ (Pearl)
ਸੀਐੱਮ ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹੁੰਦਿਆਂ ਇਸ ਤੋਂ ਪਹਿਲਾਂ ਪਰਲ ਗਰੁੱਪ ਦੀ ਧੋਖਾਧੜੀ ਦਾ ਮਾਮਲਾ ਸੰਸਦ ’ਚ ਉਠਾਇਆ ਸੀ। ਜਦੋਂ ਤੋਂ ਮਾਨ ਦੇ ਮੁੱਖ ਮੰਤਰੀ ਬਣੇ ਹਨ, ਲੋਕਾਂ ਨੂੰ ਉਨ੍ਹਾਂ ਦੇ ਪੈਸੇ ਵਾਪਸ ਮਿਲਣ ਦੀ ਉਮੀਦ ਹੈ। ਇਸ ਦੇ ਨਾਲ ਹੀ ਪਰਲ ਗਰੁੱਪ ਦੇ ਦੋਸ਼ੀ ਮਾਲਕ ਨਿਰਮਲ ਸਿੰਘ ਭੰਗੂ ਨੂੰ ਸਰਕਾਰ ਨੇ ਜਨਵਰੀ ਮਹੀਨੇ ਗਿ੍ਰਫਤਾਰ ਕਰ ਲਿਆ ਸੀ।