ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਤੇ ਸਿੱਖਿਆ ਨੂੰ ਹੁਲਾਰਾ ਦਿੱਤਾ ਜਾਵੇਗਾ: ਮੁੱਖ ਮੰਤਰੀ

CM Bhagwant Mann
 ਪਿੰਡ ਈਸੜੂ ਵਿਖੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।

ਭਗਵੰਤ ਸਿੰਘ ਮਾਨ ਨੇ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਦਿੱਤੀ ਸ਼ਰਧਾਂਜਲੀ | CM Bhagwant Mann 

(ਜਸਵੀਰ ਸਿੰਘ ਗਹਿਲ) ਖੰਨਾ/ਲੁਧਿਆਣਾ। ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਪ੍ਰਮੁੱਖ ਤਰਜ਼ੀਹ ਦੇ ਰਹੀ ਹੈ। ਇਹ ਗੱਲ ਇੱਥੇ ਗੋਆ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਆਖੀ।

ਇਹ ਵੀ ਪੜ੍ਹੋ: Bribe: 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

ਉਨ੍ਹਾਂ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਅਤੇ ਹਸਪਤਾਲਾਂ ਨੂੰ ਨਵਾਂ ਰੂਪ ਦਿੱਤਾ ਹੈ ਜਿੱਥੇ ਸਕੂਲਾਂ ਨੂੰ ਨਵੀਨਤਮ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ, ਉੱਥੇ ਹੀ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਕਾਰਨ ਸੂਬੇ ’ਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਰਗੀਆਂ ਸਮੱਸਿਆਵਾਂ ਵਧੀਆਂ ਹਨ। ਜਿੰਨ੍ਹਾਂ ਪ੍ਰਤੀ ਸਰਕਾਰ ਨੇ ਬਿਲਕੁਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ।

ਸ਼ਹੀਦ ਭਗਤ ਸਿੰਘ ਦਾ 35 ਫੁੱਟ ਦਾ ਬੁੱਤ ਲਗਾਇਆ ਜਾਵੇਗਾ

ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਨੇ ਗੋਆ ਨੂੰ ਪੁਰਤਗਾਲੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਇਹਨਾਂ ਮਹਾਨ ਸ਼ਹੀਦਾਂ ਦਾ ਜੀਵਨ ਅਤੇ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਮਾਨ ਨੇ ਦੱਸਿਆ ਕਿ 28 ਸਤੰਬਰ ਨੂੰ ਹਵਾਈ ਅੱਡੇ ਨੂੰ ਜਾਂਦੀ ਸੜਕ ’ਤੇ ਸ਼ਹੀਦ ਭਗਤ ਸਿੰਘ ਦਾ 35 ਫੁੱਟ ਦਾ ਬੁੱਤ ਲਗਾਇਆ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਿੱਚ ਚੰਗੇ ਅਤੇ ਬੇਦਾਗ਼ ਦਿੱਖ ਵਾਲੇ, ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਦੀ ਸੋਚ ਰੱਖਣ ਵਾਲੇ ਆਗੂਆਂ ਲਈ ਆਮ ਆਦਮੀ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।

CM Bhagwant Mann
ਪਿੰਡ ਬੜੌਲਾ (ਹਰਿਆਣਾ) ਵਿਖੇ ਚਰਨਜੀਤ ਕੌਰ ਦਾ ਸਨਮਾਨ ਕੀਤੇ ਜਾਣ ਸਮੇਂ ਤਹਿਸੀਲਦਾਰ ਖੰਨਾ ਮਨਿੰਦਰ ਸਿੰਘ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾਂ ’ਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀ ਧਰਮ ਪਤਨੀ ਚਰਨਜੀਤ ਕੌਰ ਦਾ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਤਹਿਸੀਲਦਾਰ ਖੰਨਾ ਮਨਿੰਦਰ ਸਿੰਘ ਵੱਲੋਂ ਉਨ੍ਹਾਂ ਦੇ ਪਿੰਡ ਬੜੌਲਾ (ਹਰਿਆਣਾ) ਵਿਖੇ ਜਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਿਉਂਕਿ ਚਰਨਜੀਤ ਕੌਰ ਸਿਹਤ ਠੀਕ ਨਾ ਹੋਣ ਕਾਰਨ ਈਸੜੂ ਵਿਖੇ ਹੋਏ ਰਾਜ ਪੱਧਰੀ ਸਮਾਗਮ ’ਚ ਸ਼ਾਮਲ ਨਹੀਂ ਹੋ ਸਕੇ।