
ਜਨਤਕ ਥਾਵਾਂ ’ਤੇ ਤੰਬਾਕੂ ਪਦਾਰਥਾਂ ਦਾ ਸੇਵਨ ਕਰਨਾ ਕਨੂੰਨੀ ਅਪਰਾਧ-ਸਿਵਲ ਸਰਜਨ
Anti Tobacco Drive: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ.ਅਰਵਿੰਦ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਅਤੇ ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫਸਰ ਅਮਨਪ੍ਰੀਤ ਸਿੰਘ ਦੀ ਟੀਮ ਵੱਲੋਂ ਸਰਹਿੰਦ, ਫ਼ਤਹਿਗੜ੍ਹ ਸਾਹਿਬ ਵਿਖੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ 09 ਦੁਕਾਨਦਾਰਾਂ ਦੇ ਚਲਾਨ ਕੀਤੇ ਅਤੇ ਬੱਸ ਸਟੈਂਡ ਸਰਹਿੰਦ/ਫ਼ਤਹਿਗੜ੍ਹ ਸਾਹਿਬ ਵਿਖੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲੇ 4 ਵਿਅਕਤੀਆਂ ਦੇ ਮੌਕੇ ’ਤੇ ਹੀ ਚਲਾਨ ਕੀਤੇ ਗਏ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਨੇ ਦੱਸਿਆ ਕਿ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ਕਾਨੂਨੀ ਅਪਰਾਧ ਹੈ ਅਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਦੀ ਮਨਾਹੀ ਹੈ। ਇਸ ਲਈ ਕੋਟਪਾ ਦੀ ਉਲੰਘਣਾ ਕਰਨ ਵਾਲੇ ਅਜਿਹੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਰੰਭੀ ਗਈ ਇਸ ਮੁਹਿੰਮ ਤਹਿਤ ਆਮ ਲੋਕਾਂ ਅਤੇ ਦੁਕਾਨਦਾਰਾਂ ਨੁੰ ਤੰਬਾਕੂ ਸੇਵਨ ਨਾਲ ਮਨੁੱਖੀ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Mulethi Benefits: ਸਰਦੀਆਂ ’ਚ ਖੰਘ ਅਤੇ ਗਲੇ ਦੀ ਖਰਾਸ਼ ਦੂਰ ਕਰਨ ਦਾ ਆਸਾਨ ਉਪਾਅ ਮਲੱਠੀ, ਮਜ਼ਬੂਤ ਹੋਵੇਗੀ ਇਮਿਊਨਿਟੀ
ਉਨ੍ਹਾਂ ਕਿਹਾ ਕਿ ਤੰਬਾਕੂ ਦੀ ਕਿਸੇ ਵੀ ਰੂਪ ਵਿੱਚ ਵਰਤੋਂ ਕਰਨਾ ਮਨੁੱਖੀ ਸਿਹਤ ਲਈ ਹਾਨੀਕਾਰਕ ਹੁੰਦਾ ਹੈ ਕਿਉਕਿ ਤੰਬਾਕੂ ਸੇਵਨ ਨਾਲ ਮੂੰਹ, ਗਲੇ ਅਤੇ ਫੇਫੜਿਆਂ ਅਤੇ ਸਰੀਰ ਦੇ ਹੋਰ ਅੰਗਾਂ ਦਾ ਕੈਂਸਰ ਹੋਣ ਦਾ ਖ਼ਤਰਾ ਹੁੰਦਾ ਹੈ। ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਅਨੁਸਾਰ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨਾ ਅਤੇ ਵਿੱਦਿਅਕ ਸੰਸਥਾਵਾਂ ਦੇ ਸੌ ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿਕਰੀ ਕਰਨ ’ਤੇ ਪੂਰਨ ਪਾਬੰਦੀ ਹੈ। ਇਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ ਦੁਕਾਨਦਾਰ ਦਾ ਮੌਕੇ ’ਤੇ ਚਲਾਨ ਕਰਕੇ ਜੁਰਮਾਨਾ ਵਸੂਲ ਕੀਤਾ ਜਾਂਦਾ ਹੈ ਅਤੇ ਕੋਟਪਾ ਦੀਆਂ ਕਈ ਹੋਰ ਧਾਰਾਵਾਂ ਅੰਦਰ ਕੋਰਟ ਚਲਾਨ ਵੀ ਕੀਤੇ ਜਾ ਸਕਦੇ ਹਨ। Anti Tobacco Drive













