ਕਾਲੀ ਦੀਵਾਲੀ ਮਨਾਉਣਗੇ ਸਿਹਤ ਵਿਭਾਗ ਦੇ ਸਿਹਤ ਕਾਮੇ

ਆਮ ਆਦਮੀ ਪਾਰਟੀ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦਾ ਕੀਤਾ ਜਾਵੇਗਾ ਘਿਰਾਓ

ਸੰਗਰੂਰ, (ਗੁਰਪ੍ਰੀਤ ਸਿੰਘ) ਪਿਛਲੇ ਦਿਨੀਂ ਮਿਤੀ 26 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਦੀ ਸਥਾਨਕ ਰਿਹਾਇਸ਼ ਦੇ ਬਾਹਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਿਹਤ ਕਰਮਚਾਰੀਆਂ ਵੱਲੋਂ ਆਪਣੀ ਰੈਗੂਲਾਈਜੇਸ਼ਨ ਦੀ ਮੰਗ ਨੂੰ ਲੈ ਕੇ ਰੋਸ ਰੈਲੀ ਅਤੇ ਧਰਨਾ ਪ੍ਰਦਰਸ਼ਨ ਰੱਖਿਆ ਕੀਤਾ ਸੀ। ਸੰਗਰੂਰ ਪ੍ਰਸ਼ਾਸ਼ਨ ਵੱਲੋਂ ਮੌਕੇ ਉੱਤੇ ਪਹੁੰਚ ਕੇ ਮੁਲਾਜ਼ਮਾਂ ਨੂੰ ਸ਼ਾਂਤ ਕਰਵਾਇਆ ਗਿਆ ਅਤੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਯੂਨੀਅਨ ਦੇ ਨੁਮਾਇੰਦਿਆਂ ਦੀ ਪੰਜਾਬ ਦੇ ਦੋ ਸੀਨੀਅਰ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਅਤੇ ਸ. ਚੇਤਨ ਸਿੰਘ ਜੋੜੇਮਾਜਰਾ ਸਿਹਤ ਮੰਤਰੀ ਨਾਲ ਮਿਤੀ 29 ਸਤੰਬਰ ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੀਟਿੰਗ ਤੈਅ ਕੀਤੀ ਗਈ ਸੀ ਪਰ ਐਨ ਮੌਕੇ ਤੇ ਸਰਕਾਰ ਮੀਟਿੰਗ ਕਰਨ ਤੋਂ ਭੱਜ ਗਈ ਅਤੇ ਵਿਧਾਨ ਸਭਾ ਸੈਸ਼ਨ ਦਾ ਹਵਾਲਾ ਦੇ ਕੇ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਜਿਸ ਨਾਲ ਸਮੂਹ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ਼ ਯੂਨੀਅਨ ਦੇ ਸੂਬਾ ਆਗੂਆਂ ਡਾ. ਵਾਹਿਦ ਮੁਹੰਮਦ ਅਤੇ ਸ਼੍ਰੀ ਜੋਗਿੰਦਰ ਸਿੰਘ ਫਿਰੋਜ਼ਪੁਰ ਨੇ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੂਨੀਅਨ ਆਉਣ ਵਾਲੇ ਦਿਨਾਂ ਵਿਚ ਕਿਸੇ ਵੇਲੇ ਵੀ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਇਕ ਵਿਸ਼ਾਲ ਰੋਸ ਰੈਲੀ ਅਤੇ ਧਰਨਾ ਪ੍ਰਦਰਸ਼ਨ ਕਰੇਗੀ ਜਿਸਦੀ ਸਿੱਧੀ ਜਿੰਮੇਦਾਰੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਬਣੇਗੀ।

ਇਸ ਤੋਂ ਇਲਾਵਾ ਯੂਨੀਅਨ ਵੱਲੋਂ ਆਉਣ ਵਾਲੇ ਦੀਵਾਲੀ ਦੇ ਤਿਉਹਾਰ ਨੂੰ ਕਾਲੀ ਦੀਵਾਲੀ ਦੇ ਰੂਪ ਵਿੱਚ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਸਰਕਾਰ ਅਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਰੱਦ ਕੀਤੀ ਗਈ ਮੀਟਿੰਗ ਜਲਦੀ ਆਉਣ ਵਾਲੇ ਦੋ-ਚਾਰ ਦਿਨਾਂ ਵਿੱਚ ਨਹੀਂ ਕਰਵਾਈ ਗਈ ਤਾਂ ਮੁੱਖ ਮੰਤਰੀ ਪੰਜਾਬ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦਾ ਉਹਨਾਂ ਦੇ ਹਲਕਿਆਂ ਵਿੱਚ ਘਿਰਾਓ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ