ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਿਆਂ ਦੀਆਂ ਖੇਪਾਂ ਦੀ ਤਸਕਰੀ ਕੀਤੀ ਜਾ ਰਹੀ ਸੀ : ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ | Amritsar News
Amritsar News: ਅੰਮ੍ਰਿਤਸਰ (ਰਾਜਨ ਮਾਨ)। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ.) ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ’ਚੋਂ 18.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰ ਦੀ ਪਛਾਣ ਹੀਰਾ ਸਿੰਘ ਉਰਫ਼ ਹੀਰਾ ਵਾਸੀ ਪਿੰਡ ਖੈਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਉਸਦੀ ਐਚਐਫ ਡੀਲਕਸ ਮੋਟਰਸਾਈਕਲ (ਪੀਬੀ 02 ਬੀਡਬਲਿਊ 7803) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਨੂੰ ਉਹ ਚਲਾ ਰਿਹਾ ਸੀ।
ਇਹ ਖਬਰ ਵੀ ਪੜ੍ਹੋ : CSK vs KKR: ਧੋਨੀ ਸੰਭਾਲਣਗੇ ਕਪਤਾਨੀ, ਚੇਨਈ ਲਈ ਕਰੋ ਜਾਂ ਮਰੋ ਦਾ ਮੈਚ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜਮ ਹੀਰਾ ਸਿੰਘ ਤੇ ਉਸਦਾ ਸਾਥੀ, ਜਿਸ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਕਿੰਦਾ ਵਾਸੀ ਪਿੰਡ ਦਾਉਕੇ, ਅੰਮ੍ਰਿਤਸਰ ਵਜੋਂ ਹੋਈ ਹੈ, ਪਾਕਿਸਤਾਨ ਅਧਾਰਤ ਨਸ਼ਾ ਤਸਕਰ ਬਿੱਲਾ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਬਿੱਲਾ ਪਿਛਲੇ ਸਾਲ ਤੋਂ ਸਰਹੱਦ ਪਾਰੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਨੂੰ ਇਸ ਪਾਰ ਡਰੋਨ ਦੀ ਵਰਤੋਂ ਕਰਕੇ ਪਹੁੰਚਾ ਰਿਹਾ ਸੀ। ਡੀਜੀਪੀ ਨੇ ਕਿਹਾ ਕਿ ਮੁਲਜਮ ਕੁਲਵਿੰਦਰ ਸਿੰਘ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਨੇ ਦੱਸਿਆ ਕਿ ਏਐਨਟੀਐਫ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਦੋਵੇਂ ਮੁਲਜਮ ਨਸ਼ਾ ਤਸਕਰ ਹਨ। ਜਿਸ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਪੀ ਏਐਨਟੀਐਫ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਕਾਰਵਾਈ ਸ਼ੁਰੂ ਕੀਤੀ ਤੇ ਹੀਰਾ ਸਿੰਘ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਮੋਟਰਸਾਈਕਲ ’ਤੇ ਆਪਣੇ ਘਰੋਂ ਨਿਕਲ ਰਿਹਾ ਸੀ। Amritsar News