ਫਰੀਦਕੋਟ ਵਿਖੇ 16 ਸਤੰਬਰ ਨੂੰ ਅਕਾਲੀ ਦਲ ਨੇ ਕਰਨੀ ਐ ਪੋਲ ਖੋਲ ਰੈਲੀ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਫਰੀਦਕੋਟ ਵਿਖੇ ਪੋਲ ਖੋਲ੍ਹ ਰੈਲੀ ਕਰਨ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੰਦੇ ਹੋਏ ਰੈਲੀ ਦੀ ਇਜਾਜ਼ਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ, ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪੁੱਜ ਗਿਆ ਹੈ ਜਿੱਥੇ ਕਿ ਪਟੀਸ਼ਨ ਪਾਉਂਦੇ ਹੋਏ ਤੁਰੰਤ ਸੁਣਵਾਈ ਕਰਨ ਦੀ ਮੰਗ ਕੀਤੀ ਗਈ ਹੈ। ਹਾਈ ਕੋਰਟ ਦੇ ਡਬਲ ਬੈਂਚ ਨੇ ਇਸ ‘ਤੇ ਸ਼ਨਿੱਚਰਵਾਰ ਨੂੰ ਸੁਣਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਇਸ ਕਾਂਗਰਸ ਸਰਕਾਰ ਵਿੱਚ ਪਿਛਲੇ ਇੱਕ ਸਾਲ ਤੋਂ ਲਗਾਤਾਰ ਸਰਕਾਰ ਦੀ ਪੋਲ ਖੋਲ੍ਹ ਰੈਲੀਆਂ ਕਰ ਰਿਹਾ ਹੈ। ਇਸੇ ਕੜੀ ਤਹਿਤ ਪਿਛਲੇ ਹਫ਼ਤੇ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਬੋਹਰ ਹਲਕੇ ਵਿਖੇ ਇੱਕ ਰੈਲੀ ਕੀਤੀ ਗਈ ਸੀ ਜਿਥੇ ਵੱਡੀ ਗਿਣਤੀ ਵਿੱਚ ਇਕੱਠ ਵੀ ਹੋਇਆ ਸੀ ਅਤੇ ਹੁਣ ਤੱਕ ਅਬੋਹਰ ਹਲਕੇ ਵਿੱਚ ਕਾਂਗਰਸ ਅਤੇ ਸੁਨੀਲ ਜਾਖੜ ਖ਼ਿਲਾਫ਼ ਇਹ ਸਭ ਤੋਂ ਵੱਡੀ ਰੈਲੀ ਮੰਨੀ ਜਾ ਰਹੀ ਸੀ।
ਅਬੋਹਰ ਰੈਲੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਸਤੰਬਰ ਨੂੰ ਕੋਟਕਪੂਰਾ ਵਿਖੇ ਰੈਲੀ ਕੀਤੀ ਜਾਣੀ ਸੀ ਪਰ ਕੁਝ ਸੰਗਠਨਾਂ ਵੱਲੋਂ ਵਿਰੋਧ ਕਰਨ ਤੋਂ ਬਾਅਦ ਕੋਟਕਪੂਰਾ ਪ੍ਰਸ਼ਾਸਨ ਵੱਲੋਂ ਇਸ ਰੈਲੀ ਲਈ ਇਜਾਜ਼ਤ ਨਹੀਂ ਦਿੱਤੀ ਸੀ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ 16 ਸਤੰਬਰ ਨੂੰ ਫਰੀਦਕੋਟ ਵਿਖੇ ਰੈਲੀ ਕਰਨ ਦਾ ਐਲਾਨ ਕਰ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਗਏ ਇਸ ਐਲਾਨ ਤੋਂ ਬਾਅਦ ਹੁਣ ਜਦੋਂ ਰੈਲੀ ਨੂੰ ਸਿਰਫ਼ 2 ਦਿਨ ਦਾ ਸਮਾਂ ਰਹਿ ਗਿਆ ਹੈ ਤਾਂ ਪ੍ਰਸ਼ਾਸਨ ਵੱਲੋਂ ਸ਼ਾਮ ਲਗਭਗ 2 ਵਜੇ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਰੈਲੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਸੀਨੀਅਰ ਵਕੀਲ ਅਸ਼ੋਕ ਅਗਰਵਾਲ ਨੇ ਜਸਟਿਸ ਅਜੈ ਕੁਮਾਰ ਮਿੱਤਲ ਅਤੇ ਜਸਟਿਸ ਅਰਵਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਹੁੰਦੇ ਹੋਏ ਕਿਹਾ ਕਿ ਇਹ ਮਾਮਲਾ ਤੁਰੰਤ ਸੁਣਿਆ ਜਾਣਾ ਚਾਹੀਦਾ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ 10 ਤਾਰੀਖ਼ ਨੂੰ ਹੀ ਰੈਲੀ ਦੀ ਇਜਾਜ਼ਤ ਲੈਣ ਲਈ ਅਰਜ਼ੀ ਦੇ ਦਿੱਤੀ ਸੀ ਪਰ ਜਾਣ ਬੁੱਝ ਕੇ ਸ਼ੁੱਕਰਵਾਰ ਬਾਅਦ ਦੁਪਹਿਰ ਨੂੰ ਰੈਲੀ ਦੀ ਇਜਾਜ਼ਤ ਦੇਣ ਤੋਂ ਸਾਫ਼ ਇਨਕਾਰ ਕੀਤਾ ਗਿਆ, ਜਦੋਂ ਕਿ ਐਤਵਾਰ ਨੂੰ ਰੈਲੀ ਹੋਣੀ ਹੈ। ਇਸ ‘ਤੇ ਹਾਈ ਕੋਰਟ ਦੀ ਡਬਲ ਬੈਂਚ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸ਼ਨੀਵਾਰ ਨੂੰ ਸੁਣਵਾਈ ਕਰਨ ਦਾ ਭਰੋਸਾ ਦਿੰਦੇ ਹੋਏ ਪਟੀਸ਼ਨ ਨੂੰ ਚੀਫ਼ ਜਸਟਿਸ ਨੂੰ ਭੇਜ ਦਿੱਤਾ ਹੈ, ਜਿੱਥੇ ਇਹ ਤੈਅ ਹੋਵੇਗਾ ਕਿ ਸ਼ਨੀਵਾਰ ਨੂੰ ਕਿਹੜੀ ਬੈਂਚ ਕੋਲ ਇਹ ਮਾਮਲਾ ਲੱਗੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।