High Court: ਪੰਜਾਬ ਦੇ ਹਸਪਤਾਲਾਂ ’ਚ ਕਮੀਆਂ ਨੂੰ ਲੈ ਕੇ ਹਾਈਕੋਰਟ ਸਖ਼ਤ

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਨੂੰ 10,000 ਰੁਪਏ ਦਾ ਜੁਰਮਾਨਾ

High Court: (ਐੱਮ ਕੇ ਸ਼ਾਇਨਾ) ਚੰਡੀਗੜ੍ਹ। ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਅਤੇ ਬੰਦ ਪਏ ਆਕਸੀਜਨ ਪਲਾਂਟਾਂ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਖ਼ਤਿਆਰ ਕੀਤਾ ਹੈ। ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੇ ਬੈਂਚ ਨੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਵੱਲੋਂ ਦਾਇਰ ਕੀਤੇ ਗਏ ਜਵਾਬ ਨੂੰ ਨਾਕਾਫੀ ਮੰਨਦਿਆਂ ਖਾਰਜ ਕਰ ਦਿੱਤਾ ਹੈ ਅਤੇ ਕਾਰਪੋਰੇਸ਼ਨ ਨੂੰ 10,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਇਹ ਹੁਕਮ ਐਡਵੋਕੇਟ ਕੰਵਰ ਪਾਹੁਲ ਸਿੰਘ ਵੱਲੋਂ ਦਾਇਰ ਜਨਹਿੱਤ ਪਟੀਸ਼ਨ ਅਤੇ ਇੱਕ ਹੋਰ ਸਬੰਧਤ ਪਟੀਸ਼ਨ ’ਤੇ ਸੁਣਵਾਈ ਦੌਰਾਨ ਜਾਰੀ ਕੀਤੇ ਗਏ।

ਇਹ ਵੀ ਪੜ੍ਹੋ: Patiala House Court: ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਦੀ ਹਿਰਾਸਤ ’ਚ ਵਾਧਾ

ਅਦਾਲਤ ਮੁਤਾਬਕ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਨੇ ਸਿਰਫ਼ ਇੱਕ ’ਛੋਟਾ ਜਵਾਬ’ ਦਾਇਰ ਕੀਤਾ ਸੀ, ਜੋ ਕਿ ਪਟੀਸ਼ਨ ਵਿੱਚ ਚੁੱਕੇ ਗਏ ਨੁਕਤਿਆਂ ਦਾ ਵਿਸਥਾਰਪੂਰਵਕ ਜਵਾਬ ਨਹੀਂ ਸੀ। ਇਸ ਲਈ ਅਦਾਲਤ ਨੇ ਇਸ ਜਵਾਬ ਨੂੰ ਮੁੱਢੋਂ ਰੱਦ ਕਰ ਦਿੱਤਾ। ਅਦਾਲਤ ਨੇ ਕਾਰਪੋਰੇਸ਼ਨ ਨੂੰ 10,000 ਰੁਪਏ ਹਾਈਕੋਰਟ ਬਾਰ ਐਸੋਸੀਏਸ਼ਨ ਕੋਲ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਨਾਲ ਹੀ, ਉਨ੍ਹਾਂ ਨੂੰ ਦੋ ਹਫ਼ਤਿਆਂ ਦੇ ਅੰਦਰ ਨਵਾਂ ਅਤੇ ਵਿਸਥਾਰਪੂਰਵਕ ਜਵਾਬ ਦਾਇਰ ਕਰਨ ਦੀ ਮੋਹਲਤ ਦਿੱਤੀ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 29 ਜਨਵਰੀ, 2026 ਨੂੰ ਹੋਵੇਗੀ। High Court