ਹਾਈ ਕੋਰਟ ਤੋਂ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਰਾਹਤ

High Court to DGP Relief to Dinkar Gupta

26 ਫਰਵਰੀ ਨੂੰ ਹੋਏਗੀ ਮਾਮਲੇ ਦੀ ਅਗਲੀ ਸੁਣਵਾਈ, ਯੂ.ਪੀ.ਐਸ.ਸੀ ਅਤੇ ਸਰਕਾਰ ਨੂੰ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਪੁਲਿਸ ਮੁਖੀ ਦਿਨਕਰ ਗੁਪਤਾ ਨੂੰ ਵੱਡੀ ਰਾਹਤ ਦਿੰਦਿਆਂ ਉਨਾਂ ਦੀ ਨਿਯੁਕਤੀ ਦੇ ਖ਼ਿਲਾਫ਼ ਜਾਰੀ ਹੋਏ ਕੈਟ ਦੇ ਆਦੇਸ਼ ‘ਤੇ ਸਟੇਅ ਜਾਰੀ ਕਰ ਦਿੱਤਾ ਹੈ। ਹਾਈ ਕੋਰਟ ਵੱਲੋਂ ਸਟੇਅ ਲਗਾਉਣ ਤੋਂ ਬਾਅਦ ਹੁਣ 26 ਫਰਵਰੀ ਤੱਕ ਸ੍ਰੀ ਗੁਪਤਾ ਖ਼ਿਲਾਫ਼ ਆਏ ਆਦੇਸ਼ ਅਨੁਸਾਰ ਕੋਈ ਵੀ ਕਾਰਵਾਈ ਨਹੀਂ ਹੋਏਗੀ ਇਥੇ ਹੀ ਯੂ.ਪੀ.ਐਸ.ਸੀ. ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ ਨੂੰ ਹੋਏਗੀ। ਇਹ ਆਦੇਸ਼ ਮੰਗਲਵਾਰ ਨੂੰ ਹਾਈ ਕੋਰਟ ਦੇ ਜਸਟਿਸ ਜਸਵੰਤ ਸਿੰਘ ਅਤੇ ਸੰਤ ਨਰਾਇਨ ਦੀ ਬੈਂਦ ਵੱਲੋਂ ਜਾਰੀ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ ਪਿਛਲੇ ਹਫ਼ਤੇ 17 ਜਨਵਰੀ ਨੂੰ ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ (ਕੈਟ) ਵਲੋਂ ਡੀ.ਜੀ.ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਦੇ ਖ਼ਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਪੰਜਾਬ ਸਰਕਾਰ ਨੂੰ ਡੀ.ਜੀ.ਪੀ. ਲਾਉਣ ਲਈ 4 ਹਫ਼ਤੇ ਵਿੱਚ ਨਵਾਂ ਪੈਨਲ ਤਿਆਰ ਕਰਨ ਦੇ ਆਦੇਸ਼ ਜਾਰੀ ਕੀਤੇ ਸਨ। ਇਨਾਂ ਆਦੇਸ਼ਾਂ ਤੋਂ ਬਾਅਦ ਇਹ ਸਾਫ਼ ਹੋ ਗਿਆ ਸੀ ਕਿ ਦਿਨਕਰ ਗੁਪਤਾ ਨੂੰ ਹਟਾਇਆ ਜਾ ਸਕਦਾ ਹੈ ਅਤੇ ਇਨਾਂ ਆਦੇਸ਼ਾਂ ਤੋਂ ਬਾਅਦ ਮੁਹੰਮਦ ਮੁਸਤਫ਼ਾ ਅਤੇ ਸਿਧਾਰਥ ਚਟੋਪਾਧਿਆਏ ਵੱਲੋਂ ਖ਼ੁਸ਼ੀ ਵੀ ਜ਼ਾਹਿਰ ਕੀਤੀ ਗਈ ਸੀ, ਕਿਉਂਕਿ ਇਨ੍ਹਾਂ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਵਲੋਂ ਹੀ ਕੈਟ ਵਿੱਚ ਪਟੀਸ਼ਨ ਪਾਈ ਗਈ ਸੀ।

ਆਪਣੇ ਅਹੁਦੇ ‘ਤੇ ਬਣੇ ਰਹਿਣਗੇ

ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ (ਕੈਟ) ਦੇ ਆਦੇਸ਼ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦਿਨਕਰ ਗੁਪਤਾ ਦੇ ਹੱਕ ਵਿੱਚ ਕਿਹਾ ਸੀ ਕਿ ਉਹ ਆਪਣੇ ਅਹੁਦੇ ‘ਤੇ ਬਣੇ ਰਹਿਣਗੇ ਅਤੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਖ਼ੁਦ ਹਾਈ ਕੋਰਟ ਜਾ ਕੇ ਮਾਮਲੇ ਦੀ ਪੈਰਵੀ ਕਰੇਗੀ। ਪੰਜਾਬ ਸਰਕਾਰ ਤੋਂ ਪਹਿਲਾਂ ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਹੀ ਪਟੀਸ਼ਨ ਦਾਇਰ ਕਰਕੇ ਵਕੀਲ ਪੁਨੀਤ ਬਾਲੀ ਰਾਹੀਂ ਕੇਸ ਪੇਸ਼ ਕੀਤਾ ਗਿਆ ਜਿਥੇ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਸਟੇਅ ਆਰਡਰ ਜਾਰੀ ਕਰਦੇ ਹੋਏ 26 ਫਰਵਰੀ ਲਈ ਨੋਟਿਸ ਜਾਰੀ ਕਰ ਦਿੱਤਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।