ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੇ ਦੇਹਾਂਤ ਕਾਰਨ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਪ੍ਰਕਾਸ਼ ਸਿੰਘ ਬਾਦਲ ਦੇ ਸਨਮਾਨ ’ਚ 27 ਅਪਰੈਲ ਦਿਨ ਵੀਰਵਾਰ ਇੱਕ ਦਿਨ ਦੀ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਾਰੇ ਸਰਕਾਰੀ, ਬੋਰਡ ਅਤੇ ਕਾਰਪੋਰੇਸ਼ਨ ਦਫ਼ਤਰ, ਸਕੂਲ ਅਤੇ ਉੱਚ ਵਿੱਦਿਅਕ ਅਦਾਰੇ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੋ ਦਿਨ ਦਾ ਰਾਸ਼ਟਰੀ ਸੋਗ ਰਹੇਗਾ।
ਦੂਜੇ ਪਾਸੇ ਸ੍ਰੋਮਣੀ ਅਕਾਲੀ ਦਲ ਨੇ ਫੈਸਲਾ ਕੀਤਾ ਹੈ ਕਿ ਬਾਦਲ ਦੀ ਮਿ੍ਰਤਕ ਦੇਹ ਅੱਜ ਸਵੇਰੇ 10 ਵਜੇ ਸੈਕਟਰ-28 ਸਥਿੱਤ ਪਾਰਟੀ ਹੈੱਡਕੁਆਰਟਰ ਵਿਖੇ ਰੱਖੀ ਜਾਵੇਗੀ, ਜਿੱਥੇ ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਲੋਕ ਦੁਪਹਿਰ 12 ਵਜੇ ਤੱਕ ਉਨ੍ਹਾ ਨੂੰ ਸ਼ਰਧਾਂਜਲੀ ਭੇਂਟ ਕਰਨਗੇ। ਇਸ ਤੋਂ ਬਾਅਦ ਬਾਦਲ ਦੀ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਸਥਿੱਤ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਲਈ ਰਵਾਨਾ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਬਾਦਲ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਐਸ.ਏ.ਐਸ. ਨਗਰ (ਮੁਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਮੰਡਲ ਵਿੱਚ ਮੰਤਰੀ ਵਜੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ।
ਇਹ ਵੀ ਪੜ੍ਹੋ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ
ਬਾਦਲ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਇਹ ਵੱਡਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।