ਮੁਸਲਿਮ ਭਾਈਚਾਰੇ ਨੂੰ ਦਿੱਤੀ ਈਦ ਦੀ ਵਧਾਈ | Eid Mubarak
Eid Mubarak: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਮੁਸਲਿਮ ਭਾਈਚਾਰੇ ਨੇ ਅੱਜ ਏਸ਼ੀਆ ਦੀ ਸਭ ਤੋਂ ਵੱਡੀ ਈਦਗਾਹ ਮਾਲੇਰਕੋਟਲਾ ਵਿਖੇ ਈਦ ਦੀ ਨਮਾਜ਼ ਅਦਾ ਕੀਤੀ ਅਤੇ ਇੱਕ ਦੂਜੇ ਨੂੰ ਮੁਬਾਰਕਬਾਦ ਦਿੱਤੀ।ਇਸ ਪਵਿੱਤਰ ਮੌਕੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਵਧਾਈਆਂ ਦਿੱਤੀਆਂ।
ਇਸ ਉਪਰੰਤ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਮੁਸਲਿਮ ਭਰਾਵਾਂ ਨੂੰ ਈਦ ਦੇ ਵੱਡੇ ਤੋਹਫੇ ਵਜੋਂ ਇਤਿਹਾਸਕ ਕਸਬੇ ਮਾਲੇਰਕੋਟਲਾ ਦੇ ਸਰਬਪੱਖੀ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ ਕੀਤਾ। ਭਗਵੰਤ ਸਿੰਘ ਮਾਨ ਨੇ ਸਰਬ ਸਾਂਝੀਵਾਲਤਾ, ਸ਼ਾਂਤੀ ਅਤੇ ਸਦਭਾਵਨਾ ਦੇ ਪ੍ਰਤੀਕ ਇਸ ਪਵਿੱਤਰ ਤਿਉਹਾਰ ਦੀ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸਮਾਪਤੀ ਨੂੰ ਦਰਸਾਉਂਦਾ ਹੈ, ਜੋ ਦਾਨ ਅਤੇ ਉਦਾਰਤਾ ਦੀ ਭਾਵਨਾ ਨੂੰ ਦਿੜ੍ਹ ਕਰਵਾਉਂਦਾ ਹੈ ਅਤੇ ਹਮਦਰਦੀ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਦਾ ਹੈ।
ਇਹ ਵੀ ਪੜ੍ਹੋ: Summer Juice Benefits: ਗਰਮੀਆਂ ’ਚ ਇਹ ਪੀਓ ਤਿੰਨ ਜੂਸ, ਪਾਣੀ ਦੀ ਨਹੀਂ ਰਹੇਗੀ ਕਮੀ ਅਤੇ ਊਰਜਾ ਰਹੇਗੀ ਬਰਕਰਾਰ
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪਵਿੱਤਰ ਦਿਹਾੜਾ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੇ ਬੰਧਨਾਂ ਨੂੰ ਮਜ਼ਬੂਤ ਕਰੇਗਾ, ਜੋ ਸਾਡੇ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੁਆਰਾ ਪ੍ਰਚਾਰੀਆਂ ਗਈਆਂ ਮਹਾਨ ਮਨੁੱਖੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਵਿੱਤਰ ਤਿਉਹਾਰ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਪਿਆਰ, ਦੋਸਤੀ ਅਤੇ ਸਦਭਾਵਨਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਸਮੂਹਿਕ ਤੌਰ ‘ਤੇ ਇਸ ਖੁਸ਼ੀ ਦੇ ਤਿਉਹਾਰ ਨੂੰ ਉਤਸ਼ਾਹ ਅਤੇ ਧਾਰਮਿਕ ਸ਼ਰਧਾ ਨਾਲ ਮਨਾਉਣ।


ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਜਿਸ ਲਈ ਪਹਿਲਾਂ ਹੀ ਰੋਡਮੈਪ ਤਿਆਰ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਬੁਨਿਆਦੀ ਨਾਗਰਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ, ਜਿਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਵਿੱਚ ਸਮਾਜਿਕ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਉੱਗੇਗਾ। Eid Mubarak