ਅਧਿਆਪਕ ਦਿਵਸ ਮੌਕੇ 55 ਅਧਿਆਪਕਾਂ ਨੂੰ ਸਟੇਟ ਐਵਾਰਡ
- ਸਿੱਧੀ ਭਰਤੀ ਵਾਲੇ 1933 ਹੈਡ ਟੀਚਰਾਂ ਅਤੇ ਸੈਂਟਰ ਹੈਡ ਟੀਚਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
ਚੰਡੀਗੜ੍ਹ/ਮੋਹਾਲੀ (ਸੱਚ ਕਹੂੰ ਨਿਊਜ਼)। ਰਾਸ਼ਟਰ ਦੇ ਨਿਰਮਾਣ ਵਿੱਚ ਅਧਿਆਪਕਾਂ ਦੀ ਭੂਮਿਕਾ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਘ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਠੋਸ ਅਤੇ ਨਿਰੋਈਆਂ ਕਦਮਾਂ-ਕੀਮਤਾਂ ਪੈਦਾ ਕਰਨ ‘ਤੇ ਆਪਣਾ ਪੂਰਾ ਧਿਆਨ ਕੇਂਦਰਿਤ ਕਰਨ ਦਾ ਸੱਦਾ ਦਿੱਤਾ ਹੈ। ਅੱਜ ਅਧਿਆਪਕ ਦਿਵਸ ਦੇ ਮੌਕੇ ਸਿੱਖਿਆ ਮੰਤਰੀ ਨੇ 55 ਅਧਿਆਪਕਾਂ ਦਾ ਸਟੇਟ ਐਵਾਰਡ ਨਾਲ ਸਨਮਾਨ ਕੀਤਾ ਅਤੇ ਸਿੱਧੀ ਭਰਤੀ ਵਾਲੇ 1933 ਹੈਡ ਟੀਚਰਾਂ ਅਤੇ ਸੈਂਟਰ ਹੈਡ ਟੀਚਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਐਡੀਟੋਰੀਅਮ ਵਿਖੇ ਅਧਿਆਪਕਾਂ ਨੂੰ ਸੰਬੋਧਨ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਨੇ ਹੀ ਅੱਗੇ ਦੇਸ਼ ਦੀ ਵਾਗਡੋਰ ਸੰਭਾਲਣੀ ਹੈ ਜਿਸ ਕਰਕੇ ਇਨ੍ਹਾਂ ਦੀ ਬੁਨਿਆਦ ਨੂੰ ਮਜ਼ਬੂਤ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੀ ਤਕਦੀਰ ਬਦਲਣ ਅਤੇ ਉਨ੍ਹਾਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਅਤੇ ਕਦਰਾਂ-ਕੀਮਤਾਂ ਪੈਦਾ ਕਰਨ ਲਈ ਅਧਿਆਪਕਾਂ ਨੂੰ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
ਸਟੇਟ ਐਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਸਿੱਖਿਆ ਮੰਤਰੀ ਨੇ ਉਘੇ ਸਿੱਖਿਆ ਮਾਹਿਰ, ਮਹਾਨ ਦਰਸ਼ਨ ਸਾਸ਼ਤਰੀ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨ ਨੂੰ ਵੀ ਯਾਦ ਕੀਤਾ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਢੁਕਵਾਂ ਮਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਵੱਧ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕ ਭਾਈਚਾਰੇ ਨੂੰ ਆਪਣੀ ਜ਼ਿਮੇਂਵਾਰੀ ਹੋਰ ਹੀ ਵਚਨਬੱਧਤਾ, ਦ੍ਰਿੜਤਾ ਅਤੇ ਸੰਜੀਦਗੀ ਨਾਲ ਨਿਭਾਉਣ ਦਾ ਸੱਦਾ ਦਿੱਤਾ।ਸ੍ਰੀ ਸਿੰਗਲਾ ਨੇ ਅਧਿਆਪਕਾਂ ਦੀ ਤਬਾਦਲਾ ਨੀਤੀ ਨੂੰ ਰੂਪ ਦੇਣ ਲਈ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਪ੍ਰਸ਼ੰਸਾ ਕੀਤੀ।