ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਯਾਫ਼ਤਾ ਚਾਰ ਨੌਜਵਾਨਾਂ ਦੀ ਰਿਹਾਈ ਦੀ ਉਮੀਦ ਹੋਈ ਪੱਕੀ

Sharjah

ਇੱਕ ਭਾਰਤੀ ਤੇ ਤਿੰਨ ਪਾਕਿਸਤਾਨੀ ਸ਼ਾਮਿਲ | Sharjah

ਅੰਮ੍ਰਿਤਸਰ (ਰਾਜਨ ਮਾਨ)। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ: ਐੱਸ. ਪੀ. ਸਿੰਘ ਓਬਰਾਏ ਦੀ ਬਦੌਲਤ ਅੱਜ ਇੱਕ ਭਾਰਤੀ ਤੇ ਤਿੰਨ ਪਾਕਿਸਤਾਨੀ ਨੌਜਵਾਨਾਂ ਦੀ ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਮੁਆਫ਼ ਹੋਣ ਦੀ ਉਮੀਦ ਪੱਕੀ ਹੋ ਗਈ ਹੈ। ਇਹ ਚਾਰੇ ਨੌਜਵਾਨ ਸਾਲ 2019 ਤੋਂ ਸ਼ਾਰਜਾਹ ਵਿਖੇ ਇੱਕ ਹੋਰ ਭਾਰਤੀ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਫੜੇ ਗਏ ਸਨ। ਇਹਨਾਂ ਨੌਜਵਾਨਾਂ ਵਿੱਚ ਭਾਰਤੀ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਗੁਰਪ੍ਰੀਤ ਸਿੰਘ ਅਤੇ ਪਾਕਿਸਤਾਨੀ ਪੰਜਾਬ ਨਾਲ ਸੰਬੰਧਿਤ ਰਾਓ ਮੁਹੰਮਦ ਆਦਿਲ, ਰਾਣਾ ਤਾਬਿਸ਼ ਰਸ਼ੀਦ ਅਤੇ ਆਦਿਲ ਜਾਵੇਦ ਚੀਮਾ ਸ਼ਾਮਿਲ ਹਨ। (Sharjah)

ਗੁਰਦਾਸਪੁਰ ਜ਼ਿਲ੍ਹੇ ਦੇ ਗੁਰਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਇਕਾਈ ਨਾਲ ਸੰਪਰਕ ਕਰਨ ਤੋਂ ਬਾਅਦ ਡਾ: ਐੱਸ.ਪੀ. ਓਬਰਾਏ ਨੇ ਹੱਦਾਂ-ਸਰਹੱਦਾਂ ਤੋਂ ਉੱਪਰ ਉੱਠਦਿਆਂ ਇਸ ਕੇਸ ਦੀ ਪੈਰਵੀ ਸ਼ੁਰੂ ਕੀਤੀ ਸੀ। ਦੋ ਸਾਲ ਮੁਕੱਦਮਾ ਚੱਲਣ ਤੋਂ ਬਾਅਦ ਸ਼ਾਰਜਾਹ ਦੀ ਅਦਾਲਤ ਨੇ ਇਹਨਾਂ ਚਾਰ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਸੀ। ਕਤਲ ਹੋਏ ਨੌਜਵਾਨ ਦੇ ਮਾਪਿਆਂ ਨਾਲ ਲੰਬੇ ਸੰਪਰਕ ਤੋਂ ਬਾਅਦ ਡਾਕਟਰ ਐਸ ਪੀ ਸਿੰਘ ਉਬਰਾਏ ਉਹਨਾਂ ਨੂੰ ਬਲੱਡ ਮਨੀ ਲੈਣ ਲਈ ਸਹਿਮਤ ਕਰਨ ਵਿੱਚ ਕਾਮਯਾਬ ਹੋਏ।

ਇਸ ਸਹਿਮਤੀ ਤੋਂ ਬਾਅਦ ਸ਼ਾਰਜਾਹ ਅਦਾਲਤ ਵਿੱਚ ਜੱਜ ਸਾਹਿਬਾਨਾਂ ਦੀ ਮੌਜੂਦਗੀ ਵਿੱਚ ਮ੍ਰਿਤਕ ਨੌਜਵਾਨ ਦੀ ਪਤਨੀ ਅਤੇ ਭਰਾ ਨੂੰ ਡਾਕਟਰ ਉਬਰਾਏ ਨੇ ਬਲੱਡ ਮਨੀ ਦੇ ਤੌਰ ਤੇ 2 ਲੱਖ ਦਰਾਮ (ਕਰੀਬ 46 ਲੱਖ ਭਾਰਤੀ ਰੁਪਏ) ਮੌਕੇ ਤੇ ਪੀੜਿਤ ਪਰਿਵਾਰ ਨੂੰ ਸੌਂਪੇ ਅਤੇ ਇਸ ਰਕਮ ਨੂੰ ਮਾਣਯੋਗ ਜੱਜ ਦੇ ਹੁਕਮਾਂ ਮੁਤਾਬਕ 5 ਹਿੱਸਿਆਂ ਵਿੱਚ ਵੰਡ ਕੇ ਮ੍ਰਿਤਕ ਦੇ ਪਰਿਵਾਰ ਕੋਲੋਂ ਦੋਸ਼ੀ ਨੌਜਵਾਨਾਂ ਵਾਸਤੇ ਫਾਂਸੀ ਦੀ ਸਜ਼ਾ ਮੁਆਫੀ ਵਾਸਤੇ ਪ੍ਰਵਾਨਗੀ ਹਾਸਿਲ ਕੀਤੀ।

Also Read : ਭੂਚਾਲ ਦੇ ਜ਼ੋਰਦਾਰ ਝਟਕੇ, ਲੋਕਾਂ ’ਚ ਦਹਿਸ਼ਤ

ਇਸ ਮਾਮਲੇ ਸੰਬੰਧੀ ਡਾ: ਉਬਰਾਏ ਨੇ ਦੱਸਿਆ ਕਿ ਸ਼ਾਰਜਾਹ ਅਦਾਲਤ ਨੇ ਹੁਣ ਅੰਤਿਮ ਫੈਸਲਾ ਦੇਣ ਲਈ ਅਗਲੀ ਸੁਣਵਾਈ 22 ਜਨਵਰੀ 2024 ਨੀਯਤ ਕੀਤੀ ਹੈ ਅਤੇ ਉਸ ਦਿਨ ਇਹਨਾਂ ਨੌਜਵਾਨਾਂ ਦੀ ਰਿਹਾਈ ਦੀ ਵੀ ਪੂਰੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਸ਼ਰੀਆ ਕਾਨੂੰਨ ਮੁਤਾਬਿਕ ਜੇਕਰ ਦੋਵਾਂ ਧਿਰਾਂ ਵਿਚਾਲੇ ਸਹਿਮਤੀ ਹੋਣ ਉਪਰੰਤ ਅਦਾਲਤ ਵਿੱਚ ਬਲੱਡ ਮਨੀ ਜਮਾਂ ਕਰਵਾਉਣ ਦੀ ਆਗਿਆ ਮਿਲ ਜਾਵੇ ਤਾਂ ਇਹ ਸਮਝਿਆ ਜਾ ਸਕਦਾ ਹੈ ਕਿ ਫਾਂਸੀ ਮਾਫ਼ ਹੋਣੀ ਤਹਿ ਹੈ।

ਡਾਕਟਰ ਉਬਰਾਏ ਨੇ ਵਿਦੇਸ਼ੀ ਮੁਲਕਾਂ ਅਤੇ ਖਾਸ ਕਰਕੇ ਖਾੜੀ ਮੁਲਕਾਂ ਵਿੱਚ ਰੁਜ਼ਗਾਰ ਦੀ ਭਾਲ ਲਈ ਆਉਣ ਵਾਲੇ ਨੌਜਵਾਨਾਂ ਨੂੰ ਕਿਸੇ ਵੀ ਕਿਸਮ ਦੇ ਅਪਰਾਧ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ। ਸ਼ਾਰਜਾਹ ਅਦਾਲਤ ਵਿੱਚ ਬਲੱਡ ਮਨੀ ਲੈ ਕੇ ਦੋਸ਼ੀ ਚਾਰੇ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਤੋਂ ਮੁਆਫ ਕਰਨ ਦੇ ਹੋਏ ਸਮਝੌਤੇ ਤੋਂ ਬਾਅਦ ਦੋਸ਼ੀ ਭਾਰਤੀ ਅਤੇ ਪਾਕਿਸਤਾਨੀ ਨੌਜਵਾਨਾਂ ਦੇ ਪਰਿਵਾਰਾਂ ਨੇ ਵੀ ਡਾ: ਐਸ ਪੀ ਸਿੰਘ ਉਬਰਾਏ ਦਾ ਧੰਨਵਾਦ ਕੀਤਾ । ਇੱਥੇ ਇਹ ਜ਼ਿਕਰਯੋਗ ਹੈ ਕਿ ਸਾਲ 2010 ਤੋਂ ਲੈ ਕੇ ਹੁਣ ਤੱਕ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾਕਟਰ ਓਬਰਾਏ ਦੇ ਯਤਨਾਂ ਕਾਰਨ 129 ਵਿਅਕਤੀਆਂ ਨੂੰ ਫਾਂਸੀ ਜਾਂ 45 ਸਾਲਾਂ ਤੱਕ ਦੀਆਂ ਲੰਮੀਆਂ ਸਜ਼ਾਵਾਂ ਤੋਂ ਮੁਕਤੀ ਮਿਲੀ ਹੈ।

LEAVE A REPLY

Please enter your comment!
Please enter your name here