ਦੂਹਰੇ ਮਾਪਦੰਡ ਅਪਣਾਉਣ ਲਈ ਸੁਖਬੀਰ ਬਾਦਲ ਦੀ ਕਰੜੀ ਆਲੋਚਨਾ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕਿਸਾਨਾਂ ਦੇ ਅੱਖੀਂ ਘੱਟਾ ਪਾਉਣ ਲਈ ਖੇਤੀ ਆਰਡੀਨੈਂਸਾਂ ‘ਤੇ ਆਪਣੇ ਪਹਿਲੇ ਸਟੈਂਡ ਤੋਂ ਅਚਾਨਕ ਪਲਟਣ (ਯੂ ਟਰਨ) ਦੇ ਕਦਮ ਨੂੰ ਢਕਵੰਜ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨਾਂ ਨੇ ਸੁਖਬੀਰ ਬਾਦਲ ਨੂੰ ਇਸ ਮਸਲੇ ‘ਤੇ ਆਪਣੀ ਪਾਰਟੀ ਦੀ ਕਿਸਾਨਾਂ ਪ੍ਰਤੀ ਸੰਜੀਦਗੀ ਸਿੱਧ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਸਾਥ ਛੱਡਣ ਦੀ ਚੁਣੌਤੀ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਗੱਠਜੋੜ ਸਰਕਾਰ ਦਾ ਭਾਈਵਾਲ ਹੋਣ ਦੇ ਨਾਤੇ ਆਰਡੀਨੈਂਸ ਲਿਆਉਣ ਵਿੱਚ ਅਕਾਲੀ ਦਲ ਵੀ ਸ਼ਾਮਲ ਹੈ ਅਤੇ ਇੱਥੋਂ ਤੱਕ ਕਿ ਇਨਾਂ ਨੇ ਆਰਡੀਨੈਂਸਾਂ ਦੀ ਬਿਨਾਂ ਸ਼ਰਤ ਹਮਾਇਤ ਵੀ ਕੀਤੀ ਸੀ। ਮੁੱਖ ਮੰਤਰੀ ਨੇ ਇਸ ਮੁੱਦੇ ‘ਤੇ ਅਕਾਲੀਆਂ ਵੱਲੋਂ ਦੂਹਰੇ ਮਾਪਦੰਡ ਅਪਣਾਉਣ ਲਈ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਪੁੱਛਿਆ ਕਿ ਜਦੋਂ ਵੀ ਕੇਂਦਰ ਸਰਕਾਰ ਇਨਾਂ ਆਰਡੀਨੈਂਸਾਂ ਨੂੰ ਸੰਸਦ ਵਿੱਚ ਪਾਸ ਕਰਵਾਉਣ ਲਈ ਪੇਸ਼ ਕਰੇਗੀ ਤਾਂ ਕੀ ਅਕਾਲੀ ਲੀਡਰ ਇਨਾਂ ਦੇ ਖਿਲਾਫ ਵੋਟ ਪਾਉਣ ਲਈ ਤਿਆਰ ਹਨ?
ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਨੂੰ ਬੇਹੂਦਗੀ ਕਰਾਰ ਦਿੱਤਾ
ਜਿਸ ਨੇ ਤਿੰਨਾਂ ਕੇਂਦਰੀ ਖੇਤੀ ਆਰਡੀਨੈਂਸਾਂ ਬਾਰੇ ਕਿਸਾਨ ਜਥੇਬੰਦੀਆਂ ਦੇ ਤੌਖਲੇ ਦੂਰ ਹੋਣ ਤੱਕ ਇਨਾਂ ਨੂੰ ਪ੍ਰਵਾਨਗੀ ਲਈ ਸੰਸਦ ਵਿੱਚ ਪੇਸ਼ ਨਾ ਕਰਨ ਲਈ ਕਿਹਾ ਗਿਆ ਸੀ। ਮੁੱਖ ਮੰਤਰੀ ਨੇ ਸੁਖਬੀਰ ਦੇ ਉਸ ਦਾਅਵੇ ਨੂੰ ਯਾਦ ਕੀਤਾ ਜਦੋਂ ਉਨਾਂ (ਕੈਪਟਨ ਅਮਰਿੰਦਰ ਸਿੰਘ) ਵੱਲੋਂ ਇਸ ਮੁੱਦੇ ‘ਤੇ ਜੂਨ ਵਿੱਚ ਸੱਦੀ ਸਰਬ ਪਾਰਟੀ ਮੀਟਿੰਗ ਵਿੱਚ ਅਕਾਲੀ ਲੀਡਰ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਭਰੋਸਾ ਦਿੱਤਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਇਹ ਗੱਲ ਹੁਣ ਜੱਗ ਜ਼ਾਹਰ ਹੋ ਗਈ ਅਕਾਲੀ ਦਲ ਦੇ ਪ੍ਰਧਾਨ ਨੇ ਉਸ ਮੌਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਜਾਣਬੁੱਝ ਕੇ ਝੂਠ ਬੋਲਿਆ ਸੀ। ਉਨਾਂ ਕਿਹਾ ਕਿ ਸੁਖਬੀਰ ਦੇ ਪਿਛਲੇ ਰਿਕਾਰਡ ਨੂੰ ਦੇਖਦਿਆਂ ਇਸ ਮੁੱਦੇ ਦੇ ਉਹ ਜੋ ਵੀ ਕਹਿ ਰਹੇ ਹਨ, ਉਸ ਉਪਰ ਭਰੋਸਾ ਜਾਂ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.