
ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ: ਐਸ.ਪੀ ਜਸਕੀਰਤ ਅਹੀਰ
Bulldozer Action: (ਅਮਿਤ ਸ਼ਰਮਾ) ਮੰਡੀ ਗੋਬਿੰਦਗੜ੍ਹ। ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਲੜੀ ਤਹਿਤ ਮੰਡੀ ਗੋਬਿੰਦਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਇੱਕ ਮਹਿਲਾ ਤਸਕਰ ਵਿਰੁੱਧ ਵੀ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੁਲਿਸ ਨੇ ਸਥਾਨਕ ਗਊਸ਼ਾਲਾ ਰੋਡ ਐਸ.ਡੀ. ਮਾਡਲ ਸਕੂਲ ਨਜ਼ਦੀਕ ਸਥਿਤ ਇਕ ਮਹਿਲਾ ਨਸ਼ਾ ਤਸਕਰ ਵੱਲੋਂ ਕੀਤੀ ਗਈ ਨਜਾਇਜ਼ ਉਸਾਰੀ ’ਤੇ ਸਰਕਾਰੀ ਪੀਲਾ ਪੰਜਾ ਚਲਾ ਕੇ ਉਸ ਉਸਾਰੀ ਨੂੰ ਢਾਹ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਫਤਿਹਗੜ੍ਹ ਸਾਹਿਬ ਦੇ ਐਸ.ਐਸ.ਪੀ ਸ਼ੁਭਮ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਸ ਕਾਰਵਾਈ ਦੀ ਅਗਵਾਈ ਐਸ.ਪੀ (ਪੀ.ਬੀ.ਆਈ) ਜਸਕੀਰਤ ਅਹੀਰ ਤੇ ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ ਵੱਲੋਂ ਕੀਤੀ ਗਈ। ਉਨ੍ਹਾਂ ਨਾਲ ਭਾਰੀ ਪੁਲਿਸ ਫੋਰਸ ਅਤੇ ਨਗਰ ਕੌਂਸਲ ਦੇ ਅਧਿਕਾਰੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਨਗਰ ਕੌਂਸਲ ਵੱਲੋਂ ਦਿੱਤੀ ਗਈ ਰਿਪੋਰਟ ਦੇ ਅਧਾਰ ’ਤੇ ਕੀਤੀ ਗਈ ਹੈ, ਜਿਸ ਵਿੱਚ ਉਸਾਰੀ ਨੂੰ ਨਿਯਮਾਂ ਦੇ ਵਿਰੁੱਧ ਅਤੇ ਨਜਾਇਜ਼ ਪਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸਿਮਰਨ ਨਾਂ ਦੀ ਇਸ ਮਹਿਲਾ ਤਸਕਰ ਵਿਰੁੱਧ ਪਹਿਲਾਂ ਹੀ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਹੇਠ ਐਨਡੀਪੀਐਸ ਐਕਟ ਤਹਿਤ ਐੱਫ.ਆਈ.ਆਰ ਦਰਜ ਹਨ।
ਇਹ ਵੀ ਪੜ੍ਹੋ: Congress Worker FIR: ਕਾਂਗਰਸੀ ਵਰਕਰ ਦੀ ਮੌਤ ਤੋਂ ਬਾਅਦ ਦੋ ਵਿਧਾਇਕਾਂ ਖ਼ਿਲਾਫ਼ ਐਫਆਈਆਰ ਦਰਜ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸ.ਪੀ. ਜਸਕੀਰਤ ਅਹੀਰ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਜਾਇਜ਼ ਕਮਾਈ ਨਾਲ ਬਣਾਈਆਂ ਜਾਇਦਾਦਾਂ ਅਤੇ ਉਸਾਰੀਆਂ ਵਿਰੁੱਧ ਅਜਿਹੀ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ। ਇਸ ਮੌਕੇ ਉਨ੍ਹਾਂ ਸਥਾਨਕ ਨਿਵਾਸੀਆਂ ਨੂੰ ਅਪੀਲ ਵੀ ਕੀਤੀ ਕੀ ਉਹ ਵੀ ਆਪਣੇ ਇਲਾਕੇ ਵਿੱਚ ਪੂਰੀ ਤਰਾਂ ਮੁਸਤੈਦ ਹੋ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਇਸ ਭਿਆਨਕ ਬਿਮਾਰੀ ਨੂੰ ਸਮਾਜ ਵਿੱਚੋਂ ਦੂਰ ਕੀਤਾ ਜਾ ਸਕੇ। ਸੂਚਨਾ ਤੇ ਜਾਣਕਾਰੀ ਦੇਣ ਵਾਲੇ ਦਾ ਨਾਂਅ ਤੇ ਪਤਾ ਗੁਪਤ ਰੱਖਿਆ ਜਾਵੇਗਾ। ਉਥੇ ਹੀ ਪੁਲਿਸ ਦੀ ਇਸ ਕਾਰਵਾਈ ਨਾਲ ਆਮ ਲੋਕਾਂ ਨੇ ਪੁਲਿਸ ਤੇ ਪ੍ਰਸ਼ਾਸਨ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ। Bulldozer Action













