ਖੇਤੀ ਕਾਨੂੰਨਾਂ ਨੂੰ ਪੰਜਾਬ ’ਚ ਲਾਗੂ ਕਰਨ ਨਾਲ ਕੈਪਟਨ-ਮੋਦੀ ਸਬੰਧਾਂ ਦਾ ਹੋਇਆ ਪਰਦਾਫਾਸ : ਆਪ

ਪੰਜਾਬ ਦੇ ਲੋਕਾਂ ਨੂੰ ਖੇਤੀ ਕਾਨੂੰਨਾਂ ’ਤੇ ਝੂਠ ਬੋਲਣ ਲਈ ਕੈਪਟਨ ਅਮਰਿੰਦਰ ਮੰਗਣ ਜਨਤਕ ਮੁਆਫੀ

ਚੰਡੀਗੜ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਪੰਜਾਬ ਵਿੱਚ ਨਵੇਂ ਕੇਂਦਰੀ ਖੇਤੀ ਕਾਨੂੰਨ ਲਾਗੂ ਹੋਣ ਸਬੰਧੀ ਦਿੱਤੇ ਬਿਆਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦਾ ਕਿਸਾਨਾਂ ਪ੍ਰਤੀ ਧਾਰਿਆ ਦੋਗਲਾ ਚੇਹਰਾ ਸਾਹਮਣੇ ਆਇਆ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਵੱਲੋਂ ਦਿੱਤੇ ਬਿਆਨ ਨੇ ਸਿੱਧ ਕਰ ਦਿੱਤਾ ਹੈ ਕਿ ਖੇਤੀ ਕਾਨੂੰਨਾਂ ਸਬੰਧੀ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਆਪਸ ਵਿੱਚ ਮਿਲੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਾਂਗਰਸ ਸਰਕਾਰ ਪੰਜਾਬ ਵਿੱਚ ਤਰ੍ਹਾਂ-ਤਰ੍ਹਾਂ ਦੇ ਡਰਾਮੇ ਕਰਕੇ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਕਿਸਾਨ ਹਿਤੈਸ਼ੀ ਬਣ ਰਹੀ ਹੈ, ਦੂਜੇ ਪਾਸੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਨੂੰ ਚੁੱਪਚਾਪ ਲਾਗੂ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਹਿਲਾਂ ਤੋਂ ਹੀ ਕੈਪਟਨ ਅਮਰਿੰਦਰ ਦੇ ਮੋਦੀ-ਸ਼ਾਹ ਦੀ ਜੋੜੀ ਨਾਲ ਮਿਲੇ ਹੋਣ ਦਾ ਸ਼ੱਕ ਸੀ, ਪ੍ਰੰਤੂ ਹੁਣ ਇਸ ਨਾਲ ਸਿੱਧ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਨੇ ਕਿਸਾਨਾਂ ਨਾਲ ਮੀਟਿੰਗ ਕਰਕੇ ਤਿੰਨੇ ਕਾਲੇ ਕਾਨੂੰਨਾਂ ਨੂੰ ਪੰਜਾਬ ’ਚ ਲਾਗੂ ਨਾ ਕਰਨ ਦਾ ਵਾਅਦਾ ਕੀਤਾ ਸੀ, ਪਰ ਕੈਪਟਨ ਨੇ ਕਿਸਾਨਾਂ ਨਾਲ ਗੱਦਾਰੀ ਕਰਦੇ ਹੋਏ ਇੱਕ ਵਾਰ ਫਿਰ ਦੋਗਲਾਪਣ ਕੀਤਾ ਹੈ। ‘ਆਪ’ ਆਗੂ ਨੇ ਕਿਹਾ ਕਿ ਪੁੱਤਰ ਮੋਹ ਦੇ ਚਲਦਿਆਂ ਪ੍ਰਕਾਸ਼ ਸਿੰਘ ਬਾਦਲ ਵਾਂਗ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹਿੱਤਾਂ ਨੂੰ ਕੇਂਦਰ ਕੋਲ ਵੇਚ ਦਿੱਤਾ ਹੈ। ਆਪਣੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ ਦੇ ਕੇਸਾਂ ’ਚੋਂ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨਾਲ ਮਿਲ ਕੇ ਪੰਜਾਬ ਦੇ ਕਿਸਾਨਾਂ ਨੂੰ ਧੋਖਾ ਦੇ ਰਹੇ ਹਨ।

AAP, Announced, Candidates

ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਅੱਜ ਪੰਜਾਬ ਦੇ ਕਿਸਾਨ ਆਪਣੀ ਹੋਂਦ ਬਚਾਉਣ ਲਈ ਤਿੰਨ ਕਾਲੇ ਕਾਨੂੰਨਾਂ ਖਿਲਾਫ ਲੜਾਈ ਲੜ ਰਹੇ ਹਨ, ਰੋਜ਼ਾਨਾ ਕਿਸਾਨ ਸ਼ਹੀਦ ਹੋ ਰਹੇ ਹਨ, ਦੂਜੇ ਪਾਸੇ ਕਾਂਗਰਸ ਦੇ ਮੰਤਰੀ ਅਤੇ ਕੈਪਟਨ ਸਰਕਾਰ ਦੇ ਅਧਿਕਾਰੀ ਇਨ੍ਹਾਂ ਕਾਨੂੰਨਾਂ ਦਾ ਗੁਣਗਾਨ ਕਰਦੇ ਹੋਏ ਕਹਿ ਰਹੇ ਹਨ ਕਿ ਨਵੇਂ ਕਾਨੂੰਨਾਂ ਤਹਿਤ ਹੀ ਪੰਜਾਬ ’ਚ ਝੋਨੇ ਦੀ ਫਸਲ ਦੀ ਜਿਆਦਾ ਖਰੀਦ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਉਸ ਝੂਠ ਦਾ ਵੀ ਪਰਦਾਫਾਸ ਹੋ ਗਿਆ ਹੈ

ਜਿਸ ’ਚ ਕਹਿ ਰਹੀ ਸੀ ਕਿ ਬਾਹਰਲੇ ਸੂਬਿਆਂ ਤੋਂ ਆਈ ਫਸਲ ਨੂੰ ਪੰਜਾਬ ਵਿੱਚ ਵਿਕਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ, ਪ੍ਰੰਤੂ ਹੁਣ ਮੰਤਰੀ ਕਹਿ ਰਹੇ ਹਨ ਕਿ ਇਸ ਕਰਕੇ ਬਾਹਰਲੇ ਸੂਬਿਆਂ ਤੋਂ ਆਉਣ ਵਾਲੀ ਫਸਲ ਨੂੰ ਨਹੀਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਝੂਠ ਬੋਲਣ ਲਈ ਕੈਪਟਨ ਅਮਰਿੰਦਰ ਸਿੰਘ ਜਨਤਕ ਤੌਰ ’ਤੇ ਪੰਜਾਬ ਵਾਸੀਆਂ ਤੋਂ ਮੁਆਫੀ ਮੰਗਣ।  ਉਨ੍ਹਾਂ ਪੰਜਾਬ ਦੇ ਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਦਿੱਲੀ ਦੀ ਸਰਹੱਦ ’ਤੇ ਡਟਦੇ ਹੋਏ ਪੰਜਾਬ ਦੀ ਦੋਗਲੀ ਕੈਪਟਨ ਸਰਕਾਰ ਤੋਂ ਵੀ ਸੁਚੇਤ ਰਹਿਣ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਕਾਂਗਰਸ, ਅਕਾਲੀ ਤੇ ਭਾਜਪਾ ਦੀਆਂ ਸਾਂਝੀਆਂ ਲੂੰਬੜਚਾਲਾਂ ਤੋਂ ਚੌਕਸ ਰਹਿਣ, ਇਹ ਤਿੰਨੇ ਪਾਰਟੀਆਂ ਕਿਸਾਨ ਅੰਦੋਲਨ ਨੂੰ ਫੇਲ ਕਰਨ ਦੇ ਲਈ ਕਿਸੇ ਵੀ ਹੱਦ ਤੱਕ ਜਾ ਸਕਦੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.