ਹਲਕਾ ਅਜਨਾਲਾ ’ਚ ਜਿੱਤ ਲਈ ਸਾਰੇ ਉਮੀਦਵਾਰ ਲਾ ਰਹੇ ਅੱਡੀ-ਚੋਟੀ ਦਾ ਜ਼ੋਰ
(ਰਾਜਨ ਮਾਨ) ਅਜਨਾਲਾ। ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਮੁੱਖ ਟੱਕਰ ਆਮ ਆਦਮੀ ਪਾਰਟੀ, ਕਾਂਗਰਸ ਤੇ ਅਕਾਲੀ ਦਲ ਦੇ ਉਮੀਦਵਾਰਾਂ ਵਿਚਕਾਰ ਬਣੀ ਹੋਣ ਕਾਰਨ ਸਾਰੇ ਉਮੀਦਵਾਰਾਂ ਵੱਲੋਂ ਆਪਣੀ ਜਿੱਤ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ ਅਤੇ ਪਰਿਵਾਰਾਂ ਸਮੇਤ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ। ਕਾਂਗਰਸ ਉਮੀਦਵਾਰ ਵਲੋਂ ਅਕਾਲੀ ਦਲ ਉਪਰ ਪੰਜਾਬ ਦੀ ਜਵਾਨੀ ਤਬਾਹ ਕਰਨ ਤੇ ਪੰਜਾਬ ਦਾ ਵਿਨਾਸ਼ ਕਰਨ ਦੇ ਦੋਸ਼ ਲਾਏ ਜਾ ਰਹੇ ਹਨ ਜਦਕਿ ਅਕਾਲੀ ਵੱਲੋਂ ਹਲਕੇ ਵਿੱਚ ਧੱਕੇਸ਼ਾਹੀਆਂ ਕਰਨ ਅਤੇ ਹਾਲਤ ਬਦਤਰ ਬਣਾਉਣ ਦੇ ਦੋਸ਼ ਲਾਏ ਜਾ ਰਹੇ ਹਨ।
ਆਪ ਵੱਲੋਂ ਇਨ੍ਹਾਂ ਦੋਹਾਂ ਰਵਾਇਤੀ ਪਾਰਟੀਆਂ ਤੇ ਪੰਜਾਬ ਨੂੰ ਕੰਗਾਲ ਤੇ ਤਬਾਹ ਕਰਨ ਅਤੇ ਜਵਾਨੀ ਦਾ ਘਾਣ ਕਰਨ ਦੇ ਦੋਸ਼ ਲਾ ਕੇ ਲੋਕਾਂ ਵਿੱਚ ਹੋਕਾ ਦਿੱਤਾ ਜਾ ਰਿਹਾ ਹੈ। ਇਸ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਰੀਵਾਲ ਆਪਣੀ ਪਤਨੀ ਤੇ ਅਮਰੀਕਾ ਤੋਂ ਆਈ ਨੂੰਹ ਨਾਲ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ। ਇਨ੍ਹਾਂ ਵੱਲੋਂ ਹਲਕੇ ਅੰਦਰ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਆਪਣੇ ਸਹੁਰੇ ਦੇ ਹੱਕ ਵਿੱਚ ਘਰ ਘਰ ਜਾ ਕੇ ਪ੍ਰਚਾਰ ਕਰ ਰਹੀ ਅਮਨ ਧਾਰੀਵਾਲ ਨੇ ਕਿਹਾ ਕਿ ਉਹ ਅਮਰੀਕਾ ਤੋਂ ਆਪਣੇ ਸਹੁਰਾ ਸਾਹਿਬ ਲਈ ਹੀ ਪ੍ਰਚਾਰ ਕਰਨ ਨਹੀਂ ਆਈ ਸਗੋਂ ਸਾਰੇ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਆਈ ਹਾਂ। ਉਸ ਨੇ ਕਿਹਾ ਕਿ ਅੱਜ ਸਮਾਂ ਹੈ ਆਪਣੀਆਂ ਨਸਲਾਂ ਦੀ ਹੋ ਰਹੀ ਬਰਬਾਦੀ ਨੂੰ ਰੋਕਣ ਤੇ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਅੱਗੇ ਆਉਣ ਦਾ। ਉਨ੍ਹਾਂ ਕਿਹਾ ਕਿ ਇਹ ਰਵਾਇਤੀ ਪਾਰਟੀਆਂ ਵੱਲੋਂ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਕੰਗਾਲ ਕਰਕੇ ਆਪਣੇ ਘਰ ਖੁਸ਼ਹਾਲ ਕਰ ਲਏ ਹਨ।
ਉਧਰ ਆਪ ਦੇ ਉਮੀਦਵਾਰ ਕੁਲਦੀਪ ਧਾਰੀਵਾਲ ਵੱਲੋਂ ਅਕਾਲੀ ਦਲ ਤੇ ਕਾਂਗਰਸ ਤੇ ਤਿੱਖੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਲੋਕਾਂ ਨੂੰ ਇਨ੍ਹਾਂ ਲੁੱਟਣ ਵਾਲਿਆਂ ਤੋਂ ਸੁਚੇਤ ਰਹਿਣ ਦਾ ਹੋਕਾ ਦਿੱਤਾ ਜਾ ਰਿਹਾ ਹੈ। ਘਾਰੀਵਾਲ ਵੱਲੋਂ ਅਕਾਲੀ ਦਲ ਤੇ ਕਾਂਗਰਸ ਦੀਆਂ ਸਰਕਾਰਾਂ ਵੱਲੋਂ ਦਹਾਕਿਆਂ ਤੱਕ ਰਾਜ ਕਰਕੇ ਵੀ ਹਲਕੇ ਅੰਦਰ ਗਰੀਬਾਂ ਨੂੰ ਘਰ ਨਾ ਨਸੀਬ ਹੋਣ ਦਾ ਮੁੱਦਾ ਵੀ ਚੁੱਕਿਆ ਜਾ ਰਿਹਾ ਹੈ। ਅਕਾਲੀ ਦਲ ਦੇ ਉਮੀਦਵਾਰ ਬੋਨੀ ਅਜਨਾਲਾ ਵਲੋਂ ਆਪ ਤੇ ਕਾਂਗਰਸ ਨੂੰ ਮੌਕਾਪ੍ਰਸਤ ਕਰਾਰ ਦਿੱਤਾ ਜਾ ਰਿਹਾ ਹੈ ਅਤੇ ਅਕਾਲੀ ਦਲ ਨੂੰ ਹੀ ਲੋਕ ਹਿਤੈਸ਼ੀ ਹੋਣ ਦਾ ਹੋਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਅਕਾਲੀ ਸਰਕਾਰ ਸਮੇਂ ਕੀਤੇ ਗਏ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਅਕਾਲੀ ਸਰਕਾਰ ਆਉਣ ’ਤੇ ਉਨ੍ਹਾਂ ਨੂੰ ਖੁਸ਼ਹਾਲ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਉਧਰ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀਆਂ ਤਾਰੀਫਾਂ ਕਰਕੇ ਲੋਕਾਂ ਨੂੰ ਉਨ੍ਹਾਂ ਦਾ ਸਾਥ ਦੇਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਅਕਾਲੀ ਦਲ ਤੇ ਆਪ ਤੇ ਪੰਜਾਬ ਨੂੰ ਆਉਣ ਵਾਲੇ ਸਮੇਂ ਵਿੱਚ ਨਰਕ ਵਿੱਚ ਧਕੇਲਣ ਦੇ ਦੋਸ਼ ਲਾਏ ਜਾ ਰਹੇ ਹਨ। ਉਨ੍ਹਾਂ ਵੱਲੋਂ ਪਾਰਟੀ ਦੁਆਰਾ ਦਲਿਤ ਪਰਿਵਾਰ ਤੋਂ ਆਮ ਵਿਕਤੀ ਨੂੰ ਮੁੱਖ ਮੰਤਰੀ ਬਣਾਉਣ ਦਾ ਲਾਹਾ ਲੈਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ