ਚੰਡੀਗੜ੍ਹ ‘ਚ ਧਾਰਾ-144 ਕਾਰਨ ਵਿਧਾਨ ਸਭਾ ਨਾ ਘੇਰ ਸਕੀ ਕਾਂਗਰਸ

Amarinder Singh Raja Waring

‘ਆਪ’ ਦੇ ਨਾ ਪੂਰੇ ਹੋਣ ਵਾਲੇ ਵਾਅਦਿਆਂ ਦਾ ਕਰਨਾ ਸੀ ਵਿਰੋਧ

ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਕਾਂਗਰਸ ਵੱਲੋਂ ਮਾਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਵਿਧਾਨ ਸਭਾ (Punjab Vidhan Sabha) ਦਾ ਘਿਰਾਓ ਕੀਤਾ ਜਾਣਾ ਸੀ। ਪਰ ਚੰਡੀਗੜ੍ਹ ਵਿੱਚ ਧਾਰਾ-144 ਲਾਗੂ ਹੋਣ ਨਾਲ ਸੂਬਾ ਕਾਂਗਰਸ ਦੀ ਯੋਜਨਾ ਤਬਾਹ ਹੋ ਗਈ। ਉਧਰ, ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮਾਨ ਸਰਕਾਰ ‘ਤੇ ਚੁਟਕੀ ਲੈਂਦੇ ਹੋਏ ਕਈ ਦੋਸ਼ ਲਗਾਏ ਹਨ। ਦਰਅਸਲ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਕੇਂਦਰ ਅਤੇ ਪੰਜਾਬ ਸਰਕਾਰ ਦੇ ਸਾਂਝੇ ਆਪ੍ਰੇਸ਼ਨ ਕਾਰਨ ਚੰਡੀਗੜ੍ਹ ‘ਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ।

ਇਸ ਧਰਨੇ ਵਿੱਚ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸਮੁੱਚੀ ਲੀਡਰਸ਼ਿਪ ਅਤੇ ਮਹਿਲਾ ਨੇਤਾਵਾਂ ਨੇ ਸ਼ਮੂਲੀਅਤ ਕਰਨੀ ਸੀ। ਪਰ ਚੰਡੀਗੜ੍ਹ ਵਿੱਚ ਧਾਰਾ-144 ਲਾਗੂ ਹੋਣ ਮਗਰੋਂ ਸੂਬਾ ਕਾਂਗਰਸ ਵੱਲੋਂ ਇਹ ਪ੍ਰਦਰਸ਼ਨ ਰੱਦ ਕਰ ਦਿੱਤਾ ਗਿਆ ਸੀ। ਅਸਲ ਵਿੱਚ ਇਹ ਧਰਨਾ ਪੰਜਾਬ ਕਾਂਗਰਸ ਵੱਲੋਂ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2023-24 ਦੇ ਬਜਟ ਵਿੱਚ ਪੰਜਾਬੀਆਂ ਨਾਲ ਕੀਤੇ ਗਏ ਕਈ ਵਾਅਦਿਆਂ ਨੂੰ ਸ਼ਾਮਲ ਨਾ ਕਰਨ ਦੇ ਵਿਰੋਧ ਵਿੱਚ ਕੀਤਾ ਜਾਣਾ ਸੀ।

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਸੀ ਕਿ ‘ਆਪ’ ਸਰਕਾਰ ਨੇ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਪੰਜਾਬ ਦੀ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਪਰ 365 ਦਿਨ ਬੀਤ ਜਾਣ ਦੇ ਬਾਵਜੂਦ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਭੈਣਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਪੰਜਾਬ ਕਾਂਗਰਸ ਵੱਲੋਂ ਵਿਧਾਨ ਸਭਾ ਦਾ ਘਿਰਾਓ ਕਰਨ ਦੀ ਗੱਲ ਕਹੀ ਸੀ। (Punjab Vidhan Sabha)

ਆਪ’ ਸਰਕਾਰ ਨੇ 2500 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਵੀ ਕੀਤਾ ਸੀ : ਰਾਜਾ ਵੜਿੰਗ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ‘ਆਪ’ ਸਰਕਾਰ ਨੇ 2500 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਵੀ ਕੀਤਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਵੀ ਇਸ ਦੀ ਪੂਰਤੀ ਕਰਨੀ ਚਾਹੀਦੀ ਹੈ। ਉਨ੍ਹਾਂ ਕੱਟੇ ਨੀਲੇ ਕਾਰਡ ਸਮੇਤ ਹੋਰ ਮਾਮਲਿਆਂ ਦੇ ਸਬੰਧ ਵਿੱਚ ਸੰਘਰਸ਼ ਕਰਨ ਦੀ ਗੱਲ ਵੀ ਕਹੀ। ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਖਾਲਿਸਤਾਨ ਪੱਖੀ ਭਗੌੜੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਕੇਂਦਰ ਅਤੇ ਪੰਜਾਬ ਦੀ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਉਨ੍ਹਾਂ ਦੇ ਪਿੰਡ ਤੋਂ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਸੀ। ਪਰ ਜਲੰਧਰ ਦੇ ਸ਼ਾਹਕੋਟ ‘ਚ ਉਨ੍ਹਾਂ ਦੀ ਗ੍ਰਿਫਤਾਰੀ ਦਾ ਕਾਰਨ ‘ਆਪ’ ਵਲੋਂ ਜਲੰਧਰ ਉਪ ਚੋਣ ਹੈ। ਉਨ੍ਹਾਂ ਦੱਸਿਆ ਕਿ ਇਸ ਕਹਾਣੀ ਦੀ ਤਿਆਰੀ ਕਰੀਬ ਤਿੰਨ ਹਫ਼ਤੇ ਪਹਿਲਾਂ ਕੀਤੀ ਗਈ ਸੀ। ਬਾਜਵਾ ਨੇ ਕਿਹਾ ਕਿ ‘ਆਪ’ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ