ਭਾਸ਼ਾ ਵਿਭਾਗ ਦੇ ਰਾਜ ਪੱਧਰੀ ਮੁਕਾਬਲਿਆਂ ’ਚ ਵਿਦਿਆਰਥਣਾਂ ਨੇ ਜ਼ਿਲੇ੍ਹ ਦਾ ਨਾਂਅ ਚਮਕਾਇਆ
ਬਰਨਾਲਾ, (ਜਸਵੀਰ ਸਿੰਘ ਗਹਿਲ/ਰਜਿੰਦਰ ਸ਼ਰਮਾ)। ਭਾਸ਼ਾ ਵਿਭਾਗ ਪੰਜਾਬ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਕਰਵਾਏ ਰਾਜ ਪੱਧਰੀ ਸਿਰਜਣਾਤਮਕ ਅਤੇ ਕਵਿਤਾ ਗਾਇਨ ਮੁਕਾਬਲਿਆਂ ਵਿੱਚੋਂ ਜ਼ਿਲ੍ਹਾ ਬਰਨਾਲਾ ਦੇ ਸਕੂਲਾਂ ਦੀਆਂ ਵਿਦਿਆਰਥਣਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਗਿਆ ਹੈ।
ਸੁਖਵਿੰਦਰ ਸਿੰਘ ਗੁਰਮ ਜ਼ਿਲ੍ਹਾ ਭਾਸ਼ਾ ਅਫ਼ਸਰ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਖੋਜ ਅਫ਼ਸਰ ਨੇ ਦੱਸਿਆ ਕਿ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਦੀ ਅਗਵਾਈ ਹੇਠ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ.ਵੀਰਪਾਲ ਕੌਰ ਦੀਆਂ ਹਦਾਇਤਾਂ ਤਹਿਤ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਸਾਹਿਤਕ ਸਿਰਜਣ ਅਤੇ ਕਵਿਤਾ ਗਾਇਨ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਉਪਰੰਤ ਰਾਜ ਪੱਧਰੀ ਮੁਕਾਬਲੇ ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਵਿਖੇ ਕਰਵਾਏ ਗਏ।
ਉਨ੍ਹਾਂ ਅੱਗੇ ਦੱਸਿਆ ਕਿ ਰਾਜ ਪੱਧਰੀ ਕਵਿਤਾ ਸਿਰਜਣ ਮੁਕਾਬਲੇ ਵਿੱਚੋਂ ਸਹਸ ਨੰਗਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਵੱਲੋਂ ਪਹਿਲਾ ਜਦਕਿ ਕਵਿਤਾ ਗਾਇਨ ਮੁਕਾਬਲੇ ਵਿੱਚੋਂ ਸਹਸ ਸਹਿਜੜਾ ਦੀ ਵਿਦਿਆਰਥਣ ਚਰਨਕੰਵਲ ਕੌਰ ਵੱਲੋਂ ਤੀਜਾ ਸਥਾਨ ਪ੍ਰਾਪਤ ਕੀਤਾ ਗਿਆ। ਭਾਸ਼ਾ ਅਧਿਕਾਰੀਆਂ ਨੇ ਕਿਹਾ ਕਿ ਵਿਦਿਆਰਥਣਾਂ ਦੀਆਂ ਇਹਨਾਂ ਮਾਣਮੱਤੀਆਂ ਪ੍ਰਾਪਤੀਆਂ ਦਾ ਸਿਹਰਾ ਵਿਦਿਆਰਥਣਾਂ ਦੀ ਮਿਹਨਤ, ਗਾਈਡ ਅਧਿਆਪਕਾਂ ਮੈਡਮ ਸਲਮਾ, ਕਿਰਨਦੀਪ ਕੌਰ ਅਤੇ ਡਾ.ਪਰਗਟ ਸਿੰਘ ਟਿਵਾਣਾ ਦੀ ਅਗਵਾਈ, ਸਕੂਲ ਮੁਖੀਆਂ ਅਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਜਾਂਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ