ਪੁਲਿਸ ਦੀ ਢਿੱਲੀ ਕਾਰਵਾਈ ਸਰਕਾਰ ਤੇ ਖੜ੍ਹੇ ਕਰ ਰਹੀ ਐ ਕਈ ਸ਼ੰਕੇ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਆਮ ਆਦਮੀ ਪਾਰਟੀ ਨੇ ਪਿੰਡ ਕਲਿਆਣ ਦੇ ਗੁਰਦੁਆਰਾ ਅਰਦਾਸਪੁਰ ਸਾਹਿਬ ਵਿਚੋਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਪੁਰਾਤਨ ਸਰੂਪ ਨੂੰ ਲੱਭਣ ‘ਚ ਪੁਲਿਸ ਦੀ ਬੇਹੱਦ ਢਿੱਲੀ ਕਾਰਵਾਈ ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਐਨੇ ਸੰਵੇਦਨਸ਼ੀਲ ਮੁੱਦੇ ‘ਤੇ ਅਮਰਿੰਦਰ ਸਿੰਘ ਸਰਕਾਰ ਨੇ ਢੱਲਾ ਰੁਖ਼ ਅਖ਼ਤਿਆਰ ਕੀਤਾ ਹੋਇਆ ਹੈ, ਜੋ ਕਈ ਤਰ੍ਹਾਂ ਦੇ ਸ਼ੰਕੇ-ਸਵਾਲ ਖੜੇ ਕਰ ਰਿਹਾ ਹੈ।
ਅੱਜ ਇੱਥੇ ਗੁਰਦੁਆਰਾ ਸਾਹਿਬ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਆਗੂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਦੀਆਂ ਚੋਰੀਆਂ ਦੇ ਮਾਮਲੇ ਮੌਜੂਦਾ ਅਮਰਿੰਦਰ ਸਰਕਾਰ ਦੌਰਾਨ ਵੀ ਨਾ ਰੁਕਣਾ ਨਾ ਕੇਵਲ ਵੱਡੀ ਚਿੰਤਾ ਦਾ ਵਿਸ਼ਾ ਹਨ, ਸਗੋਂ ਗਹਿਰੀ ਸਾਜ਼ਿਸ਼ ਵੱਲ ਵੀ ਸੰਕੇਤ ਦਿੰਦੇ ਹਨ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਏਨੇ ਦਿਨਾਂ ਬਾਅਦ ਵੀ ਪੁਲਿਸ ਜਾਂਚ ਦੌਰਾਨ ਕੋਈ ਸੰਕੇਤ ਨਾ ਮਿਲਣਾ ਪੂਰੀ ਸਰਕਾਰ ਦੀ ਕਾਬਲੀਅਤ ਅਤੇ ਕਾਰਗੁਜ਼ਾਰੀ ‘ਤੇ ਉਗਲ ਉਠਾਉਂਦਾ ਹੈ। ਇਸ ਲਈ ਜਾਂਚ ਮਾਨਯੋਗ ਹਾਈਕੋਰਟ ਦੇ ਸੀਟਿੰਗ ਜੱਜ ਹਵਾਲੇ ਕਰਕੇ ਇੱਕ ਉੱਚ ਪੱਧਰੀ ਪੇਸ਼ੇਵਾਰ ਟੀਮ ਰਾਹੀਂ ਜਾਂਚ ਕਰਵਾਈ ਜਾਵੇ। ਸੰਧਵਾਂ ਨੇ ਕਿਹਾ ਕਿ ਜੇਕਰ 17 ਅਗਸਤ ਤੱਕ ਸਰਕਾਰ ਨੇ ਜਾਂਚ ਸਿਰੇ ਨਾ ਲਾਈ ਤਾਂ ਆਮ ਆਦਮੀ ਪਾਰਟੀ ਵੀ ਸਰਕਾਰ ਵਿਰੁੱਧ ਸੰਘਰਸ਼ ਕਰੇਗੀ। ਕੁਲਤਾਰ ਸਿੰਘ ਸੰਧਵਾਂ, ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਮਾਮਲੇ ਤੇ ਲਾਏ ਧਰਨੇ ਨੂੰ ਨਿਰਾ ਡਰਾਮਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਜ਼ਿਲ੍ਹੇ ਅੰਦਰ ਅਜਿਹੀ ਘਟਨਾ ਵਾਪਰੀ ਹੋਵੇ, ਪਰ ਕਾਂਗਰਸ ਸਰਕਾਰ ਅਜੇ ਤੱਕ ਇਸ ਮਾਮਲੇ ‘ਤੇ ਚੁੱਪ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ