ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਯੂਨੀਅਨਾਂ ਨੂੰ ਅਪੀਲ
ਪੰਜਾਬ ਸਰਕਾਰ ਤੇ ਇਥੋਂ ਦੇ ਲੋਕ ਕਿਸਾਨਾਂ ਦੇ ਜਾਇਜ਼ ਹੱਕਾਂ ਲਈ ਹਮੇਸ਼ਾਂ ਡਟ ਕੇ ਖੜੇ ਹਨ
ਅਸ਼ਵਨੀ ਚਾਵਲਾ. ਚੰਡੀਗੜ/ਹੁਸ਼ਿਆਰਪੁਰ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਖਿਲਾਫ਼ ਸੂਬਾ ਭਰ ਵਿਚ ਰੋਸ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮੁੱਦੇ ਉਤੇ ਸੂਬਾ ਸਰਕਾਰ ਅਤੇ ਇਥੋਂ ਦੇ ਲੋਕ ਪਹਿਲਾਂ ਹੀ ਕਿਸਾਨਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰ ਚੁੱਕੇ ਹਨ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਪੱਸ਼ਟ ਰੂਪ ਵਿੱਚ ਕਿਹਾ ਕਿ ਪੰਜਾਬ ਦੇ ਲੋਕ ਤਾਂ ਪਹਿਲਾਂ ਹੀ ਇਸ ਮਸਲੇ ਦੇ ਹੱਕ ਵਿਚ ਕਿਸਾਨਾਂ ਨਾਲ ਚਟਾਨ ਵਾਂਗ ਖੜੇ ਹਨ ਜਿਸ ਕਰਕੇ ਉਨਾਂ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਪਾਸ ਕਰਕੇ ਕਿਸਾਨਾਂ ਨੂੰੂੰ ਭਰੋਸੇ ਵਿਚ ਲਏ ਬਿਨਾਂ ਥੋਪ ਦੇਣ ਦੇ ਖਿਲਾਫ਼ ਸੂਬਾ ਭਰ ਵਿਚ ਪ੍ਰਦਰਸ਼ਨ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਵਲੋਂ ਪੰਜਾਬ ਵਿਚ 113 ਵੱਖ-ਵੱਖ ਥਾਵਾਂ ’ਤੇ ਕੀਤੇ ਜਾ ਰਹੇ ਪ੍ਰਦਰਸ਼ਨ ਕਿਸੇ ਵੀ ਤਰਾਂ ਸੂਬੇ ਦੇ ਹਿੱਤ ਵਿਚ ਨਹੀਂ ਹਨ ਇਸ ਨਾਲ ਸੂਬੇ ਦੀ ਆਰਥਿਕ ਤਰੱਕੀ ’ਤੇ ਖਾਸ ਅਸਰ ਪਿਆ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਸਬੰਧ ਵਿਚ ਕਿਸਾਨ ਉਨਾਂ ਦੀ ਬੇਨਤੀ ਨੂੰ ਪ੍ਰਵਾਨ ਕਰਨਗੇ। ਉਨਾਂ ਕਿਹਾ ਕਿ ਹਾਲਾਂਕਿ, ਸੂਬੇ ਦੀ ਵਿਧਾਨ ਸਭਾ ਵਿਚ ਇਨਾਂ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਇਨਾਂ ਦੀ ਥਾਂ ’ਤੇ ਸੂਬਾ ਸਰਕਾਰ ਆਪਣੇ ਖੇਤੀ ਕਾਨੂੰਨ ਪਾਸ ਕਰ ਚੁੱਕੀ ਹੈ ਜਿਨਾਂ ਨੂੰ ਰਾਜਪਾਲ ਦੀ ਸਹਿਮਤੀ ਲਈ ਭੇਜਿਆ ਗਿਆ ਸੀ ਪਰ ਇਹ ਬੜੇ ਦੁੱਖ ਦੀ ਗੱਲ ਹੈ ਕਿ ਰਾਜਪਾਲ ਵਲੋਂ ਇਨਾਂ ਨੂੰ ਭਾਰਤ ਦੇ ਰਾਸ਼ਟਰਪਤੀ ਕੋਲ ਅਜੇ ਤੱਕ ਨਹੀਂ ਭੇਜਿਆ ਗਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੋ ਕੁਝ ਵੀ ਸਾਡੀ ਸਰਕਾਰ ਦੇ ਹੱਥ-ਵੱਸ ਹੈ, ਅਸੀਂ ਉਸ ਨੂੰ ਹਮੇਸ਼ਾਂ ਪਹਿਲ ਦੇ ਆਧਾਰ ’ਤੇ ਕੀਤਾ ਹੈ। ਇਸ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਚੰਡੀਗੜ ਵਿਖੇ ਉਨਾਂ ਨੂੰ ਇਨਾਂ ਕਿਸਾਨ ਯੂਨੀਅਨਾਂ ਦੇ ਵੱਖ-ਵੱਖ ਨੇਤਾਵਾਂ ਦਾ ਵਫ਼ਦ ਮਿਲਿਆ ਸੀ ਜਿਸ ਨੇ ਗੰਨੇ ਦਾ ਭਾਅ 325 ਰੁਪਏ ਤੋਂ ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਸੀ ਅਤੇ ਉਨਾਂ ਨੇ ਇਸ ਮੰਗ ਨੂੰ ਉਸੇ ਵੇਲੇ ਪ੍ਰਵਾਨ ਕਰ ਲਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਸੂਬੇ ਵਿਚ ਪ੍ਰਦਰਸ਼ਨ ਕਰਨ ਦੀ ਬਜਾਏ ਕੇਂਦਰ ਸਰਕਾਰ ’ਤੇ ਦਬਾਅ ਬਨਾਉਣਾ ਚਾਹੀਦਾ ਹੈ ਤਾਂ ਜੋ ਕਿ ਇਨਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ