ਪਰਵਾਸੀ ਮਜ਼ਦੂਰਾਂ ਦੀ ਸ਼ਰਨ ਲਈ ਅਧਿਕਾਰੀਆਂ ਨੂੰ ਸਕੂਲਾਂ ਦੀਆਂ ਇਮਾਰਤਾਂ ਖੁਲਵਾਉਣ ਦੇ ਨਿਰਦੇਸ਼

ਪਰਵਾਸੀ ਮਜ਼ਦੂਰਾਂ ਦੀ ਸ਼ਰਨ ਲਈ ਅਧਿਕਾਰੀਆਂ ਨੂੰ ਸਕੂਲਾਂ ਦੀਆਂ ਇਮਾਰਤਾਂ ਖੁਲਵਾਉਣ ਦੇ ਨਿਰਦੇਸ਼

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਲਾਏ ਕਰਫਿਊ ਕਾਰਨ ਫਸੇ ਪਰਵਾਸੀ ਮਜ਼ਦੂਰਾਂ ਨੂੰ ਪਨਾਹ ਦੇਣ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਦੀਆਂ ਇਮਾਰਤਾਂ ਖੁਲਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਇਹ ਨਿਰਦੇਸ਼ ਅੱਗੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਜਾਰੀ ਕਰਨ ਲਈ ਕਿਹਾ ਗਿਆ ਹੈ ਕਿ ਉਹ ਇਸ ਅਨੁਸਾਰ ਪ੍ਰਬੰਧ ਕਰਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਨੂੰ ਸਕੂਲਾਂ ਵਿੱਚ ਥੋੜ੍ਹੇ ਸਮੇਂ ਦੀ ਠਹਿਰ ਦੌਰਾਨ ਖਾਣਾ ਅਤੇ ਹੋਰ ਪ੍ਰਬੰਧ ਮੁਹੱਈਆ ਕਰਵਾਏਗਾ।

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਜੋ ਪਹਿਲੀ ਅਪਰੈਲ ਤੋਂ ਹੋਣੀਆਂ ਸਨ, ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਪਹਿਲਾਂ 31 ਮਾਰਚ ਤੱਕ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਗਿਆ ਸੀ ਪਰ ਅੱਠਵੀਂ ਜਮਾਤ ਦੀਆਂ ਕੁਝ ਪ੍ਰੈਕਟੀਕਲ ਅਤੇ ਬਾਰਵੀਂ ਦੀਆਂ ਥਿਊਰੀ ਪ੍ਰੀਖਿਆਵਾਂ ਪਹਿਲੀ ਅਪਰੈਲ ਤੋਂ ਹੋਣੀਆਂ ਸਨ। ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਦੀ ਬਿਮਾਰੀ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਹੋਏ ਲੌਕਡਾਊਨ ਕਾਰਨ ਇਹ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ‘ਤੇ 15 ਅਪਰੈਲ, 2020 ਤੱਕ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਤਹਿਤ ਸਰਹੱਦੀ ਕਾਡਰ ਸ਼੍ਰੇਣੀ ਦੀਆਂ ਹਿੰਦੀ, ਪੰਜਾਬੀ, ਗਣਿਤ, ਸਮਾਜਿਕ ਅਧਿਐਨ, ਅੰਗਰੇਜ਼ੀ ਅਤੇ ਵਿਗਿਆਨ ਵਿਸ਼ੇ ਦੇ ਅਧਿਆਪਕਾਂ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ ਤਾਂ ਜੋ ਸਰਹੱਦੀ ਖੇਤਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here