ਗੈਂਗਸਟਰ ਅਰਸ਼ ਡਾਲਾ ਦੇ ਨਜ਼ਦੀਕੀ ਜੱਸਾ ਦਾ ਬੇਰਹਿਮੀ ਨਾਲ ਕਤਲ

Violence

ਗੈਂਗਸਟਰ ਅਰਸ਼ ਡਾਲਾ ਦੇ ਨਜ਼ਦੀਕੀ ਜੱਸਾ ਦਾ ਬੇਰਹਿਮੀ ਨਾਲ ਕਤਲ

(ਵਿੱਕੀ ਕੁਮਾਰ) ਮੋਗਾ । ਕੈਨੇਡਾ ਰਹਿੰਦੇ ਕੇ. ਟੀ. ਐੱਫ. ਦੇ ਸੰਚਾਲਕ ਅਰਸ਼ਦੀਪ ਸਿੰਘ ਡਾਲਾ ਉਰਫ ਅਰਸ਼ ਡਾਲਾ ਦੇ ਨੇੜਲੇ ਸਹਿਯੋਗੀ ਦੱਸੇ ਜਾ ਰਹੇ ਜਸਵਿੰਦਰ ਸਿੰਘ ਜੱਸਾ (30) ਨਿਵਾਸੀ ਕੋਕਰੀ ਕਲਾਂ ਦੀ ਦਿਨ-ਦਿਹਾੜੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਡੀ. ਐੱਸ. ਪੀ. ਧਰਮਕੋਟ ਮਨਜੀਤ ਸਿੰਘ ਢੇਸੀ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ।

ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਹਿਣਾ ਪੁਲਿਸ ਨੂੰ ਪਿੰਡ ਬਹੋਨਾ ਦੇ ਸਰਪੰਚ ਬਲਰਾਜ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਉਨ੍ਹਾਂ ਦੇ ਪਿੰਡ ਦੇ ਖੇਤਾਂ ਵਿੱਚ ਇੱਕ ਨੌਜਵਾਨ ਦੀ ਲਾਸ਼ ਪਈ ਹੈ, ਜਿਸ ਦੇ ਗੋਲੀ ਵੱਜੀ ਹੋਈ ਹੈ, ਜਿਸ ’ਤੇ ਪੁਲਿਸ ਮੌਕੇ ’ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਜਸਵਿੰਦਰ ਸਿੰਘ ਉਰਫ ਜੱਸਾ ਖਿਲਾਫ ਥਾਣਾ ਮਹਿਣਾ ਵਿੱਚ 30 ਸਤੰਬਰ 2021 ਨੂੰ ਮਾਮਲਾ ਦਰਜ ਹੋਇਆ ਸੀ, ਜਿਸ ਵਿੱਚ ਉਸ ਨੂੰ ਹੋਰਨਾਂ ਸਾਥੀਆਂ ਸਮੇਤ ਗਿ੍ਰਫਤਾਰ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਜੱਸਾ ਦੇ ਗੈਂਗਸਟਰ ਜਥੇਬੰਦੀਆਂ ਨਾਲ ਸਬੰਧ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਦੇ ਬਾਅਦ ਮਿ੍ਰਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਦੋਂ ਇਸ ਸਬੰਧ ਵਿੱਚ ਡੀ. ਐੱਸ. ਪੀ. ਧਰਮਕੋਟ ਮਨਜੀਤ ਸਿੰਘ ਢੇਸੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੋਗਾ ਪੁਲਿਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਲਾਕੇ ਵਿੱਚ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲ ਰਹੀ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ ਜੱਸਾ ਨੂੰ ਕੋਈ ਅਣਪਛਾਤਾ ਵਿਅਕਤੀ ਲੈ ਕੇ ਆਇਆ ਸੀ, ਪਰ ਅਜੇ ਤੱਕ ਸੱਚਾਈ ਸਾਹਮਣੇ ਨਹੀਂ ਆ ਸਕੀ, ਜਲਦ ਹੀ ਇਸ ਹੱਤਿਆ ਮਾਮਲੇ ਦੀ ਸੁਰਾਗ ਮਿਲ ਜਾਣ ਦੀ ਸੰਭਾਵਨਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ