ਕਿਹਾ, ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਨੂੰ ਸਦਾ ਯਾਦ ਰੱਖਿਆ ਜਾਵੇਗਾ
ਪਿੰਡ ਬਿਜਲਪੁਰ ਨੂੰ ਓਪਨ ਜਿੰਮ ਲਈ 1.50 ਲੱਖ ਤੇ ਪਿੰਡ ਚੁਪਕੀ ਦੇ ਸਰਕਾਰੀ ਸਕੂਲ ਦੀ ਇਮਾਰਤ ਲਈ 10 ਲੱਖ ਰੁਪਏ ਦਾ ਚੈਕ ਵੀ ਸੌਂਪਿਆ
(ਸੁਨੀਲ ਚਾਵਲਾ) ਸਮਾਣਾ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jaudamajra) ਨੇ ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਨਿਵਾਸੀ ਸੈਨਿਕ ਪ੍ਰਦੀਪ ਸਿੰਘ ਦੀ ਯਾਦ ਵਿੱਚ 19.5 ਲੱਖ ਰੁਪਏ ਨਾਲ ਬਣਨ ਵਾਲੇ ਕਮਿਊਨਿਟੀ ਹਾਲ ਅਤੇ ਟਿੱਲਾ ਬਾਬਾ ਅਮਰ ਦਾਸ ਡੇਰੇ ਨੂੰ ਜਾਂਦੀ ਸੜਕ 32 ਲੱਖ ਰੁਪਏ ਦੀ ਲਾਗਤ ਨਾਲ ਪੱਕੀ ਕਰਨ ਦਾ ਅੱਜ ਨੀਂਹ ਪੱਥਰ ਰੱਖਿਆ।
ਪੂਰਾ ਦੇਸ਼ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ (Chetan Singh Jaudamajra)
ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਪ੍ਰਦੀਪ ਸਿੰਘ ਦੀ ਯਾਦ ਵਿੱਚ ਵੱਖ-ਵੱਖ ਕਾਰਜਾਂ ’ਤੇ ਇੱਕ ਕਰੋੜ ਰੁਪਏ ਖਰਚ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਇਸ ਪਿੰਡ ਆ ਕੇ ਸ਼ਹੀਦ ਦੀ ਪਤਨੀ ਸੀਮਾ ਰਾਣੀ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਕੇ ਗਏ ਸਨ ਤੇ ਦੇਸ਼ ਲਈ ਇਸ ਸੂਰਬੀਰ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਵੀ ਪਰਿਵਾਰ ਨੂੰ ਸੌਪਿਆ ਸੀ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।
ਇਹ ਵੀ ਪਡ਼੍ਹੋ: ਸਮਾਰਟ ਮੀਟਰ ਲਾਉਣ ਪੁੱਜੇ ਬਿਜਲੀ ਮੁਲਾਜ਼ਮ, ਲੋਕਾਂ ‘ਚ ਬਣਿਆ ਦਹਿਸ਼ਤ ਦਾ ਮਾਹੌਲ
ਪਿੰਡ ਦੇ ਪ੍ਰਾਇਮਰੀ ਸਕੂਲ ਦੇ ਨਾਂਅ ਸਮੇਤ ਪਬਲਿਕ ਕਾਲਜ ਸਮਾਣਾ ਵਿਖੇ ਨਵੇਂ ਬਣਾਏ ਜਾਣ ਵਾਲੇ ਬਲਾਕ ਦਾ ਨਾਂਅ ਸ਼ਹੀਦ ਦੇ ਨਾਂਅ ‘ਤੇ ਰੱਖਿਆ ਜਾ ਰਿਹਾ ਹੈ। ਸ਼ਹੀਦ ਦੇ ਨਾਂਅ ’ਤੇ 16 ਲੱਖ ਰੁਪਏ ਨਾਲ ਲਾਇਬ੍ਰੇਰੀ ਤੇ 18 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸ ਤੋਂ ਬਿਨਾਂ ਭਵਾਨੀਗੜ੍ਹ-ਕੁਲਾਰਾ-ਬੱਲਮਗੜ੍ਹ ਰੋਡ ਦਾ ਨਾਂ ਵੀ ਸ਼ਹੀਦ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ 10 ਲੱਖ ਰੁਪਏ ਨਾਲ ਭਵਾਨੀਗੜ੍ਹ ਰੋਡ ‘ਤੇ ਯਾਦਗਰੀ ਗੇਟ ਦੀ ਉਸਾਰੀ ਕਰਵਾਈ ਜਾਵੇਗੀ ਤੇ 4 ਲੱਖ ਰੁਪਏ ਦੀ ਲਾਗਤ ਨਾਲ ਸਮਸ਼ਾਨਘਾਟ ਪੱਕਾ ਕਰਨ ਦਾ ਕੰਮ ਹੋਵੇਗਾ। (Chetan Singh Jaudamajra)
ਜਿਕਰਯੋਗ ਹੈ ਕਿ 19 ਆਰ.ਆਰ. ਸਿੱਖ ਲਾਈਟ ਇਨਫੈਂਟਰੀ ਦਾ ਜਵਾਨ ਪ੍ਰਦੀਪ ਸਿੰਘ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅਤਿਵਾਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਮਿਤੀ 13 ਸਤੰਬਰ ਨੂੰ ਸ਼ਹੀਦੀ ਪਾ ਗਿਆ ਸੀ। ਇਸੇ ਦੌਰਾਨ ਕੈਬਨਿਟ ਮੰਤਰੀ ਹਲਕਾ ਸਮਾਣਾ ਦੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਬਿਜਲਪੁਰ ਨੂੰ ਓਪਨ ਜਿਮ ਲਈ 1.50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਅਤੇ ਇਸ ਦੇ ਨਾਲ਼ ਹੀ ਪਿੰਡ ਚੁਪਕੀ ਵਿਖੇ ਸਰਕਾਰੀ ਸਕੂਲ ਦੀ ਇਮਾਰਤ ਲਈ 10 ਲੱਖ ਦੀ ਗਰਾਂਟ ਦਾ ਚੈਕ ਪਿੰਡ ਵਾਸੀਆਂ ਨੂੰ ਸੌੰਪਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਦਾ ਪੈਸਾ ਲੋਕਾਂ ਦੇ ਨਾਂਅ ਉਪਰ ਤੇ ਲੋਕਾਂ ਦੀ ਸੇਵਾ ਵਿੱਚ ਹੀ ਲੱਗੇ।