ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ : ਗੁਲਾਟੀ

Just Like Movies, Make Censor, Board Songs, Gulati

ਕਿਹਾ, ਹਨੀ ਸਿੰਘ ਦੇ ਹਮਾਇਤੀ ਦੇ ਰਹੇ ਹਨ ਧਮਕੀਆਂ

ਸੱਚ ਕਹੂੰ ਨਿਊਜ਼, ਚੰਡੀਗੜ੍ਹ

ਪੰਜਾਬੀ ਗੀਤਾਂ ਵਿੱਚ ਦਿਨੋ-ਦਿਨ ਵੱਧ ਰਹੀ ਅਸ਼ਲੀਲਤਾ ਨੂੰ ਠੱਲ ਪਾਉਣ ਲਈ ਪੰਜਾਬ ਰਾਜ ਵਿੱਚ ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ ਉਕਤ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਵੱਲੋਂ ਕੀਤਾ ਗਿਆ। ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਗਾਇਕਾਂ ਵੱਲੋਂ ਜਲਦ ਪ੍ਰਸਿੱਧ ਹੋਣ ਦੇ ਚੱਕਰ ਵਿੱਚ ਪਰੋਸੇ ਜਾ ਰਹੇ ਗੰਦੇ ਗੀਤਾਂ ਸਬੰਧੀ ਸਮਾਜ ਅਤੇ ਸਰਕਾਰ ਨੂੰ ਗੰਭੀਰ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਪੁਲਿਸ ਵੱਲੋਂ ਹਨੀ ਸਿੰਘ ਵਿਰੁੱਧ ਕਾਨੂੰਨ ਅਨੁਸਾਰ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਦੀ ਤਰ੍ਹਾਂ ਇਸ ਮਾਮਲੇ ਵਿੱਚ ਵੀ ਕਮਿਸ਼ਨ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਕਮਿਸ਼ਨ ਪੰਜਾਬ ਸਰਕਾਰ ਦੇ ਵਕੀਲਾਂ ਰਾਹੀਂ ਹਨੀ ਸਿੰਘ ਵੱਲੋਂ ਇਸ ਮਾਮਲੇ ਸਬੰਧੀ ਲਗਾਈ ਜਾ ਰਹੀ ਬੇਲ ਅਰਜ਼ੀ ਨੂੰ ਖਾਰਜ ਕਰਵਾਉਣ ਲਈ ਵੀ ਪੂਰੀ ਸਰਗਰਮੀ ਨਾਲ ਯਤਨ ਕੀਤਾ ਜਾਵੇਗਾ। ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਫਿਲਮਾਂ ਵਾਂਗ ਹੀ ਸਰਟੀਫਿਕੇਟ ਹਾਸਿਲ ਕਰਨ ਲਈ ਸੈਂਸਰ ਬੋਰਡ ਸਥਾਪਿਤ ਕਰਨਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਇਸ ਤਰਾਂ ਦਾ ਕੋਈ ਗੀਤ ਨਾ ਗਾ ਸਕੇ ਅਤੇ ਉਹ ਪੰਜਾਬ ਰਾਜ ਵਿੱਚ ਸੈਂਸਰ ਬੋਰਡ ਦੀ ਸਥਾਪਨਾ ਲਈ ਜਲਦ ਹੀ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਕੇ ਬੇਨਤੀ ਕਰਨਗੇ।

ਉਨਾਂ ਪੰਜਾਬੀ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਵੀ ਅਪੀਲ ਕੀਤੀ ਕਿ ਉਹ ਕਮਿਸ਼ਨ ਵੱਲੋਂ ਗੰਦੇ ਗੀਤਾਂ ਵਿਰੁੱਧ ਆਰੰਭੀ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਪਾਉਣ ਅਤੇ ਗਾਇਕਾਂ, ਗੀਤਕਾਰਾਂ ਅਤੇ ਪ੍ਰੋਡਿਊਸਰਾਂ ਨੂੰ ਇਸ ਗੱਲ ਲਈ ਸਹਿਮਤ ਕਰਨ ਕਿ ਉਹ ਭਵਿੱਖ ਵਿੱਚ ਇਸ ਤਰਾਂ ਦਾ ਗਾਣਾ ਨਾ ਬਣਾਉਣ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਸ ਮਾਮਲੇ ਦੇ ਉਠਣ ਤੋਂ ਬਾਅਦ ਹਨੀ ਸਿੰਘ ਦੇ ਕੁਝ ਪ੍ਰਸ਼ੰਸਕਾਂ ਵੱਲੋਂ ਸੋਸ਼ਲ ਮੀਡੀਆ ਅਤੇ ਫੋਨ ਉੱਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਗਾਲਾਂ ਕੱਢੀਆਂ ਜਾ ਰਹੀਆਂ ਜਿਸ ਬਾਰੇ ਮੈਂ ਪੰਜਾਬ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਉਨਾਂ ਇਹ ਵੀ ਕਿਹਾ ਕਿ ਮੈਂ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੀ ਨਹੀਂ ਹਾਂ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।