ਬੇਅਦਬੀ ਮਾਮਲਾ: ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਪਟਿਆਲਾ ਦੇ ਦੋ ਪਿੰਡਾਂ ਦਾ ਦੌਰਾ 

Disregarded case, Justice Ranjit Singh Commission, Visits, Villages, Patiala

ਬਰਗਾੜੀ ਤੇ ਬਹਿਬਲ ਕਲਾਂ ਘਟਨਾਵਾਂ ਦੀ ਜਾਂਚ ਕਮਿਸ਼ਨ ਸਰਕਾਰ ਨੂੰ ਇਸੇ ਮਹੀਨੇ ਸੌਂਪੇਗਾ

ਖੁਸ਼ਵੀਰ ਸਿੰਘ ਤੂਰ
ਪਟਿਆਲਾ, 18 ਦਸੰਬਰ।

ਪੰਜਾਬ ‘ਚ ਪਿਛਲੇ ਸਮੇਂ ਦੌਰਾਨ ਵਾਪਰੀਆਂ ਧਾਰਮਿਕ ਗਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਦੀ ਸਬ ਡਵੀਜਨ ਨਾਭਾ ਵਿੱਚ ਕਕਰਾਲਾ ਤੇ ਚਹਿਲ ਪਿੰਡਾਂ ਦਾ ਦੌਰਾ ਕਰਕੇ ਉਥੇ ਪਿਛਲੇ ਸਮੇਂ ਦੌਰਾਨ ਧਾਰਮਿਕ ਗਰੰਥਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਬਾਰੇ ਵੇਰਵੇ ਹਾਸਲ ਕੀਤੇ। ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਜਸਟਿਸ ਰਣਜੀਤ ਸਿੰਘ ਪਿੰਡ ਵਾਸੀਆਂ ਨੂੰ ਮਿਲੇ ਅਤੇ ਦੋਵਾਂ ਘਟਨਾਵਾਂ ਬਾਰੇ ਵਿਸਥਾਰ ਵਿੱਚ ਵੇਰਵੇ ਇਕੱਤਰ ਕੀਤੇ।

ਦੋਵਾਂ ਪਿੰਡਾਂ ਦੇ ਦੌਰੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਟਿਸ ਰਣਜੀਤ ਸਿੰਘ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਸਥਾਪਿਤ ਕੀਤੇ ਇਸ ਕਮਿਸ਼ਨ ਤਹਿਤ ਉਹ ਪਿਛਲੇ ਸਮੇਂ ਦੌਰਾਨ ਪੂਰੇ ਪੰਜਾਬ ਵਿੱਚ ਧਾਰਮਿਕ ਗਰੰਥਾਂ ਦੀ ਬੇਅਦਬੀ ਦੀਆਂ ਵਾਪਰੀਆਂ ਕਰੀਬ 122 ਘਟਨਾਵਾਂ ਦੀ ਜਾਂਚ ਕਰ ਰਹੇ ਹਨ। ਜਸਟਿਸ ਰਣਜੀਤ ਸਿੰਘ ਨੇ ਦੱਸਿਆ ਕਿ ਬਰਗਾੜੀ, ਬਹਿਬਲ ਕਲਾਂ ਘਟਨਾਵਾਂ ਦੀ ਜਾਂਚ ਰਿਪੋਰਟ ਉਹ ਇਸੇ ਮਹੀਨੇ ਪੰਜਾਬ ਸਰਕਾਰ ਨੂੰ ਸੌਂਪ ਦੇਣਗੇ।

ਉਨ੍ਹਾਂ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਠਿੰਡਾ ਜ਼ਿਲ੍ਹੇ ਦੇ ਗੁਰੂਸਰ ਤੇ ਮੋਗਾ ਜ਼ਿਲ੍ਹੇ ਦੇ ਪਿੰਡ ਮਲਕੇ ਵਿਖੇ ਵਾਪਰੀਆਂ ਬੇਅਦਬੀ ਘਟਨਾਵਾਂ ਦੀ ਜਾਂਚ ਰਿਪੋਰਟ ਵੀ ਇਸੇ ਮਹੀਨੇ ਰਾਜ ਸਰਕਾਰ ਨੂੰ ਸੌਂਪਣਗੇ। ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਹਾਲ ਹੀ ਵਿੱਚ ਉਨ੍ਹਾਂ ਸ੍ਰੀ ਫਤਹਿਗੜ੍ਹ ਸਾਹਿਬ, ਮੁਹਾਲੀ, ਰੋਪੜ ਤੇ ਪਟਿਆਲਾ ਦਾ ਦੌਰਾ ਕੀਤਾ ਹੈ ਅਤੇ ਬਾਕੀ ਜ਼ਿਲ੍ਹਿਆਂ ਦਾ ਵੀ ਛੇਤੀ ਹੀ ਦੌਰਾ ਕਰਨਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।