ਪੰਜਾਬ ਦੀ ਭਗਵੰਤ ਮਾਨ ਸਰਕਾਰ ਇਹਨਾਂ ਦਿਨਾਂ ’ਚ ਕੋਈ ਐਸਾ ਫੈਸਲਾ ਨਾ ਲਵੇ ਜਿਸ ਨਾਲ ਲੋਕਾਂ ਨੂੰ ਮਜ਼ਬੂਰਨ ਸੜਕਾਂ ’ਤੇ ਆਉਣਾ ਪਵੇ : ਡੱਲੇਵਾਲ | Punjab Kisan News
Punjab Kisan News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬੀਕੇਯੂ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸਰਦਾਰ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਬੀਤੇ ਕੱਲ੍ਹ ਅਤੇ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀਆਂ ਹੋਈਆਂ ਲਗਾਤਾਰ ਮੀਟਿੰਗਾਂ ਵਿੱਚ ਫੈਸਲਾ ਲਿਆ ਗਿਆ ਹੈ ਕਿ ਦੇਸ਼ ਵਿੱਚ ਚੱਲ ਰਹੇ ਤਣਾਅ ਦੇ ਮਾਹੌਲ ਨੂੰ ਮੁੱਖ ਰੱਖ ਕੇ ਕਿਸਾਨਾਂ ਵੱਲੋਂ ਆਪਣੇ ਅਗਲੇ ਕੀਤੇ ਜਾਣ ਵਾਲੇ ਸਾਰੇ ਪ੍ਰੋਗਰਾਮਾਂ ਨੂੰ ਆਉਣ ਵਾਲੇ ਪੰਦਰਾਂ ਦਿਨਾਂ ਲਈ ਮੁਲਤਵੀਂ ਕਰ ਦਿੱਤਾ ਗਿਆ ਹੈ ਕਿਉਂਕਿ ਇਸ ਤਣਾਅ ਭਰੇ ਮਾਹੌਲ ਵਿੱਚ ਦੇਸ਼ ਦਾ ਕਿਸਾਨ ਆਪਣੇ ਦੇਸ਼ ਦੇ ਜਵਾਨਾਂ ਨਾਲ ਡਟ ਕੇ ਖੜ੍ਹਾ ਹੈ।
ਉਹਨਾਂ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਨੂੰ ਸਾਡੇ ਦੇਸ਼ ਦੀ ਫੌਜ ਅਤੇ ਦੇਸ਼ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਇਸ ਸਮੇਂ ਉਹਨਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਮੇਂ ਦੇਸ਼ ਦੀ ਸਰਕਾਰ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੁਆਰਾ ਦਿੱਤੀਆਂ ਜਾ ਰਹੀਆਂ ਹਿਦਾਇਤਾਂ ਦਾ ਇਨ-ਬਿਨ ਪਾਲਣ ਕਰਨ ਅਤੇ ਸੋਸ਼ਲ ਮੀਡੀਆ ਤੇ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਦੇਸ਼ ਨੂੰ ਪਿਆਰ ਕਰਨ ਵਾਲੇ ਲੋਕਾਂ ਦਾ ਮੁੱਢਲਾ ਫ਼ਰਜ਼ ਹੈ ਕਿ ਕਿਸੇ ਵੀ ਗ਼ਲਤ ਜਾਣਕਾਰੀ ਨੂੰ ਸ਼ੇਅਰ ਨਾ ਕੀਤਾ ਜਾਵੇ ਜਿਸ ਨਾਲ ਦੇਸ਼ ਦੀ ਸੁਰੱਖਿਆ ਜਾਂ ਸਾਡੀ ਫੋਰਸ ਨੂੰ ਕੋਈ ਖ਼ਤਰੇ ਦਾ ਸਾਹਮਣਾ ਕਰਨਾ ਪਵੇ।
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਪ੍ਰਸ਼ਾਸਨ ਦੀ ਲੋਕਾਂ ਨੂੰ ਅਪੀਲ, ਲੋੜ ਪੈਣ ‘ਤੇ ਕਰੋ ਇਹ ਕੰਮ
ਇਸ ਮੌਕੇ ਉਹਨਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਵੀ ਅਗਾਹ ਕਰਦਿਆਂ ਕਿਹਾ ਕਿ ਭਾਵੇਂ ਦੇਸ਼ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਮੀਟਿੰਗ ਵਿੱਚ ਕਿਸਾਨਾਂ ਵੱਲੋਂ ਆਪਣੇ ਪ੍ਰੋਗਰਾਮਾਂ ਨੂੰ ਪੰਦਰਾਂ ਦਿਨਾਂ ਲਈ ਮੁਲਤਵੀਂ ਕਰ ਦਿੱਤਾ ਗਿਆ ਹੈ ਪਰੰਤੂ ਪੰਜਾਬ ਦੇ ਮੁੱਖ ਮੰਤਰੀ ਵੀ ਇਸ ਸਮੇਂ ਸੂਬੇ ਦੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਾ ਅਜਿਹਾ ਕੋਈ ਫੈਸਲਾ ਲੈਣ ਲੱਗੇ ਆਪਣੀ ਸਮਝ ਤੋਂ ਕੰਮ ਲੈਣ ਜਿਸ ਲਏ ਗਏ ਗ਼ਲਤ ਫੈਸਲੇ ਨਾਲ ਲੋਕਾਂ ਨੂੰ ਮਜ਼ਬੂਰਨ ਸੜਕਾਂ ’ਤੇ ਆਉਣਾ ਪਵੇ।
ਉਹਨਾਂ ਕਿਹਾ ਕਿ ਕਿਸਾਨਾਂ ਦੇ ਮੋਰਚੇ ਨੂੰ ਜ਼ਬਰਦਸਤੀ ਉਖਾੜਨ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਇਨਸਾਫ ਦੇਣ ਦੀ ਜਗ੍ਹਾ ਜਲੀਲ ਕੀਤਾ ਜਾ ਰਿਹਾ ਹੈ ਕਿਉਂਕਿ ਕੋਈ ਵੀ ਘਟਨਾ ਵਾਪਰ ਜਾਣ ਤੋਂ ਬਾਅਦ ਦੇਸ਼ ਦੇ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਕਿ ਸਰਕਾਰ ਉਸ ਇਨਸਾਨ ਨਾਲ ਹੋਏ ਘਟਨਾਕ੍ਰਮ ਦਾ ਇਨਸਾਫ ਉਸ ਇਨਸਾਨ ਨੂੰ ਦੇਵੇ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨਾਲ ਹੋਈ ਧੱਕੇਸ਼ਾਹੀ ਅਤੇ ਕਿਸਾਨਾਂ ਦੇ ਚੋਰੀ ਹੋਏ ਘਰੇਲੂ ਸਮਾਨ ਦੀ ਭਰਪਾਈ ਲਈ ਇਨਸਾਫ ਦੇਣ ਲਈ ਇੱਕ ਕਦਮ ਵੀ ਪੁੱਟਣ ਲਈ ਤਿਆਰ ਨਹੀਂ ਹੈ। Punjab Kisan News
ਦੇਸ਼ ਦੇ ਕਿਸਾਨ ਆਪਣੇ ਦੇਸ਼ ਦੀ ਮਾਣ ਮਰਿਆਦਾ ਲਈ ਹਿੱਕ ਡਾਹ ਕੇ ਖੜ੍ਹੇ ਹਨ
ਉਹਨਾਂ ਕਿਹਾ ਕਿ ਦੇਸ਼ ਦੇ ਕਿਸਾਨ ਆਪਣੇ ਦੇਸ਼ ਦੀ ਮਾਣ ਮਰਿਆਦਾ ਲਈ ਹਿੱਕ ਡਾਹ ਕੇ ਖੜ੍ਹੇ ਹਨ ਅਤੇ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਜ਼ਖਮਾਂ ’ਤੇ ਮੱਲ੍ਹਮ ਲਗਾਉਣ ਦਾ ਕੰਮ ਕਰੇ। ਉਹਨਾਂ ਕਿਹਾ ਕਿ ਆਉਣ ਵਾਲੇ 15 ਦਿਨਾਂ ਲਈ ਕਿਸਾਨ ਦੇਸ਼ ਹਿਤ ਦੇ ਵਿੱਚ ਬਿਲਕੁਲ ਸ਼ਾਂਤ ਹਨ ਅਤੇ ਜੇਕਰ ਇਹਨਾਂ ਦਿਨਾਂ ਵਿੱਚ ਵੀ ਕਿਸਾਨਾਂ ਨੂੰ ਦੇਣ ਵਾਲੇ ਇਨਸਾਫ਼ ਲਈ ਪੰਜਾਬ ਸਰਕਾਰ ਵੱਲੋਂ ਕੋਈ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਵੱਲੋਂ ਸਖ਼ਤ ਫ਼ੈਸਲੇ ਵੀ ਲਏ ਜਾ ਸਕਦੇ ਹਨ।
ਇਸ ਮੌਕੇ ਪਿੰਡ ਡੱਲੇਵਾਲਾ ਵਿਖੇ ਕਿਸਾਨਾਂ ਦੇ ਚੱਲ ਰਹੇ ਮੋਰਚੇ ਵਿੱਚ ਡੱਲੇਵਾਲ ਤੋਂ ਇਲਾਵਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ, ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ, ਜ਼ਿਲ੍ਹਾ ਖਜਾਨਚੀ ਗੁਰਾਂਦਿੱਤਾ ਸਿੰਘ ਬਾਜਾਖਾਨਾ, ਬਲਾਕ ਗੋਲੇਵਾਲਾ ਦੇ ਪ੍ਰਧਾਨ ਸੁਖਚਰਨ ਸਿੰਘ ਕਾਲਾ, ਨਾਇਬ ਸਿੰਘ ਸ਼ੇਰ ਸਿੰਘ ਵਾਲਾ ਪ੍ਰਧਾਨ ਬਲਾਕ ਸਾਦਿਕ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਆਗੂ ਅਤੇ ਕਿਸਾਨ ਔਰਤਾਂ ਹਾਜ਼ਰ ਸਨ।