ਖੁਰਜਾ : ਮਸਜਿਦ ’ਚ ਨਮਾਜ ਪੜ ਰਹੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
ਬੁਲੰਦਸ਼ਹਿਰ (ਏਜੰਸੀ)। ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਦੇ ਖੁਰਜਾ ਨਗਰ ਵਿੱਚ ਸ਼ੁੱਕਰਵਾਰ ਸਵੇਰੇ ਹਥਿਆਰਬੰਦ ਬਦਮਾਸ਼ਾਂ ਨੇ ਇੱਕ ਮਸਜਿਦ ਵਿੱਚ ਨਮਾਜ਼ ਅਦਾ ਕਰ ਰਹੇ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਨੁਸਾਰ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਆਈਜੀ ਰੇਂਜ, ਜ਼ਿਲ੍ਹਾ ਮੈਜਿਸਟ੍ਰੇਟ ਅਤੇ ਪੁਲਿਸ ਦੇ ਸੀਨੀਅਰ ਸੁਪਰਡੈਂਟ ਸਮੇਤ ਸਾਰੇ ਉੱਚ ਅਧਿਕਾਰੀ ਮੌਕੇ ’ਤੇ ਮੌਜੂਦ ਹਨ। ਸੀਨੀਅਰ ਪੁਲਿਸ ਕਪਤਾਨ ਸ਼ਲੋਕ ਕੁਮਾਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਖੁਰਜਾ ਦੇ ਮੁਹੱਲਾ ਸ਼ੇਖਪੇਨ ਦੀ ਮਸਜਿਦ ਵਿੱਚ ਫਜ਼ਰ ਦੀ ਨਮਾਜ਼ ਚੱਲ ਰਹੀ ਸੀ।
ਇਸ ਦੌਰਾਨ ਨਕਾਬਪੋਸ਼ ਹਥਿਆਰਬੰਦ ਬਦਮਾਸ਼ ਮਸਜਿਦ ਵਿੱਚ ਦਾਖਲ ਹੋਏ ਅਤੇ ਮੂਹਰਲੀ ਕਤਾਰ ਵਿੱਚ ਨਮਾਜ਼ ਅਦਾ ਕਰ ਰਹੇ 65 ਸਾਲਾ ਵਿਅਕਤੀ ਇਦਰੀਸ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਮਿ੍ਰਤਕ ਕਬਾੜੀਏ ਦਾ ਕੰਮ ਕਰਦਾ ਸੀ। ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਪੁਲਿਸ ਇਸ ਨੂੰ ਰੰਜਿਸ਼ ਦਾ ਕਤਲ ਮੰਨ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਹਮਲਾਵਰਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਮਿ੍ਰਤਕ ਦਾ ਘਰ ਆਰਿਫ ਨਾਂਅ ਦੇ ਬਦਨਾਮ ਗਊ ਤਸਕਰ ਦੇ ਘਰ ਦੇ ਬਿਲਕੁਲ ਸਾਹਮਣੇ ਹੈ। ਮਸਜਿਦ ਦੇ ਅੰਦਰ ਹੋਈ ਹੱਤਿਆ ਨੇ ਇਲਾਕੇ ’ਚ ਸਨਸਨੀ ਫੈਲਾ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ