ਕੁਲਦੀਪ ਧਾਲੀਵਾਲ ਨੇ ਪੰਜਾਬੀ ਐੱਨਆਰਆਈਜ਼ ਦੀਆਂ ਸੁਣੀਆਂ ਸ਼ਿਕਾਇਤਾਂ

Punjabi-NRIs

 ਅਧਿਕਾਰੀਆਂ ਨੂੰ ਪ੍ਰਵਾਸੀ ਪੰਜਾਬੀਆਂ ਦੇ ਕੇਸ ਉਨ੍ਹਾਂ ਦੀ ਵਾਪਸੀ ਤੋਂ ਪਹਿਲਾਂ ਹੱਲ ਕਰਨ ਦੇ ਆਦੇਸ਼

(ਸਤਪਾਲ ਥਿੰਦ) ਫਿਰੋਜ਼ਪੁਰ। ਪੰਜਾਬ ਸਰਕਾਰ ਵੱਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ‘ਪੰਜਾਬੀ ਐੱਨਆਰਆਈਜ਼ ਨਾਲ ਮਿਲਣੀ’ ਪ੍ਰੋਗਰਾਮ ਕੀਤਾ ਗਿਆ। ਇਸ ਮਿਲਣੀ ਵਿੱਚ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਨੂੰ ਸੁਣਿਆ ਗਿਆ। Punjabi NRIs

ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜ਼ਨੀਸ ਦਹੀਆ ਅਤੇ ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਪ੍ਰਮੁੱਖ ਸਕੱਤਰ ਐੱਨਆਰਆਈ ਮਾਮਲੇ ਦਲੀਪ ਕੁਮਾਰ, ਸਕੱਤਰ ਐੱਨਆਰਆਈ ਮਾਮਲੇ ਮੈਡਮ ਕੇ.ਪੀ. ਬਰਾੜ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਤੋਂ ਇਲਾਵਾ ਉਪਰੋਕਤ ਜ਼ਿਲ੍ਹਿਆਂ ਦੇ ਸਿਵਲ ਤੇ ਪੁਲਿਸ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਹ ਵੀ ਪੜ੍ਹੋ: ਅੰਤਰਰਾਜੀ ਚੋਰ ਗਿਰੋਹ ਕਾਬੂ, 131 ਨਵੇਂ ਮੋਬਾਇਲ ਬਰਾਮਦ

ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐੱਨਆਰਆਈਜ਼ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਮੌਕੇ ’ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਹੱਲ ਲਈ ਹੁਕਮ ਜਾਰੀ ਕੀਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਸਾਡੀ ਸਰਕਾਰ ਵੱਲੋਂ ਸੂਬੇ ਵਿੱਚ 5 ਐੱਨਆਰਆਈਜ਼ ਮਿਲਣੀਆਂ ਕਰਵਾ ਦੇ ਸਾਰੇ ਜ਼ਿਲ੍ਹਿਆਂ ਨਾਲ ਸਬੰਧਿਤ ਐੱਨਆਰਆਈਜ਼ ਦੀਆਂ ਸਮੱਸਿਆਵਾਂ ਸੁਣੀਆਂ ਸਨ ਅਤੇ ਕੁੱਲ 605 ਕੇਸਾਂ ਵਿੱਚੋਂ 597 ਕੇਸ ਹੱਲ ਕਰ ਦਿੱਤੇ ਗਏ ਸਨ ਅਤੇ ਬਾਕੀ ਕੇਸ ਕੋਰਟਾਂ ਵਿੱਚ ਲੱਗੇ ਹੋਣ ਕਰਕੇ ਬਕਾਇਆ ਰਹਿ ਗਏ ਸਨ। Punjabi NRIs

ਇਸ ਸਾਲ ਵੀ ਵੱਧ ਤੋਂ ਵੱਧ ਐੱਨਆਰਆਈਜ਼ ਮਿਲਣੀਆਂ ਕਰਕੇ ਸ਼ਕਾਇਤਾਂ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਤਿੰਨ ਐਨ.ਆਰ.ਆਈ ਮਿਲਣੀਆਂ ਹੋ ਚੁੱਕੀਆਂ ਹਨ ਜਦਕਿ 29 ਫਰਵਰੀ ਨੂੰ ਧੂਰੀ ਵਿਖੇ ਐਨ.ਆਰ.ਆਈ ਮਿਲਣੀ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ 55 ਕੇਸ ਪ੍ਰਾਪਤ ਹੋਏ ਹਨ ਜਿਨ੍ਹਾਂ ਦਾ ਛੇਤੀ ਤੋਂ ਛੇਤੀ ਹੱਲ ਹੋ ਜਾਵੇਗਾ, ਇਸ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਅਤੇ ਕਈਆਂ ਦਾ ਮੌਕੇ ’ਤੇ ਨਿਪਟਾਰਾ ਵੀ ਕਰ ਦਿੱਤਾ ਗਿਆ ਹੈ।