ਜਨਤਕ ਜਥੇਬੰਦੀਆਂ ਦੇ ਵਫਦ ਨੇ ਐਸਐਸਪੀ ਸੰਗਰੂਰ ਨੂੰ ਮਿਲ ਕੇ ਪ੍ਰਗਟਾਇਆ ਰੋਸ
Sangrur News: (ਗੁਰਪ੍ਰੀਤ ਸਿੰਘ) ਸੰਗਰੂਰ। ਅੱਜ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਜਦੋਂ ਮਹਾਂਰਾਸ਼ਟਰ ’ਚ ਇੱਕ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਕੇ ਵਾਪਸ ਪੰਜਾਬ ਆ ਰਹੇ ਸਨ ਤਾਂ ਦਿੱਲੀ ਰੇਲਵੇ ਸਟੇਸ਼ਨ ਤੋਂ ਸੰਗਰੂਰ ਪੁਲਿਸ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਦੇ ਰੋਸ ਵਜੋਂ ਅੱਜ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਇਕ ਵੱਡੇ ਵਫਦ ਨੇ ਐਸਐਸਪੀ ਸੰਗਰੂਰ ਨੂੰ ਮਿਲ ਕੇ ਇਸ ਗ੍ਰਿਫਤਾਰੀ ਖਿਲਾਫ ਰੋਸ ਪ੍ਰਗਟ ਕੀਤਾ ਤੇ ਮਜ਼ਦੂਰ ਆਗੂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ।
ਇਹ ਵੀ ਪੜ੍ਹੋ: Punjab Winter Holidays: ਇਸ ਵੇਲੇ ਦੀ ਵੱਡੀ ਖਬਰ, ਪੰਜਾਬ ਦੇ ਸਕੂਲਾਂ ’ਚ ਵਧ ਸਕਦੀਆਂ ਹਨ ਛੁੱਟੀਆਂ, ਪੜ੍ਹੋ ਕੀ ਹੈ ਤਾ…
ਉਸ ਤੋਂ ਬਾਅਦ ਐਸਐਸਪੀ ਦਫ਼ਤਰ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਪੰਜਾਬ ਸਰਕਾਰ ਅਤੇ ਸੰਗਰੂਰ ਦੇ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਰੋਸ ਮਾਰਚ ਕੀਤਾ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਭੁਪਿੰਦਰ ਸਿੰਘ ਲੌਂਗੋਵਾਲ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਸਕੱਤਰ ਗੁਰਵਿੰਦਰ ਸਿੰਘ ਬੌੜਾਂ ਨੇ ਦੱਸਿਆ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ ਮਲੌਦ ਨੂੰ ਪੰਜਾਬ ਪੁਲਿਸ ਦੀ ਸਪੈਸ਼ਲ ਸਕਿਊਰਿਟੀ ਬਰਾਂਚ ਵੱਲੋਂ ਨਿਜਾਮੂਦੀਨ ਰੇਲਵੇ ਸਟੇਸ਼ਨ ਦਿੱਲੀ ਤੋਂ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਦੀ ਵੱਖ-ਵੱਖ ਜਥੇਬੰਦੀਆਂ ਨੇ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਨਰੇਗਾ ਦੇ ਮਸਲੇ ਨੂੰ ਲੈ ਕੇ ਵਿਸ਼ੇਸ਼ ਇਜਲਾਸ ਕਰਕੇ ਮਜ਼ਦੂਰਾਂ ਦੇ ਪੱਖੀ ਹੋਣ ਦਾ ਡਰਾਮਾ ਕਰ ਰਹੀ ਹੈ ਅਤੇ ਮਗਰਮੱਛੀ ਹੰਝੂ ਵਹਾ ਰਹੀ ਹੈ ਅਤੇ ਦੂਸਰੇ ਪਾਸੇ ਮਜ਼ਦੂਰਾਂ ਦੇ ਹੱਕਾਂ ਦੀ ਗੱਲ ਕਰਨ ਵਾਲੇ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ’ਚ ਸੁੱਟ ਰਹੀ ਹੈ।
ਇਸ ਵਫਦ ’ਚ ਬੀਕੇਯੂ ਰਾਜੇਵਾਲ ਦੇ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਘਾਬਦਾਂ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਖਬੀਰ ਸਿੰਘ ਲੌਂਗੋਵਾਲ, ਡੈਮੋਕਰੇਟਿਕ ਟੀਚਰਜ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਅਤੇ ਮੇਘਰਾਜ, ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਆਗੂ ਕਰਮਜੀਤ ਸਿੰਘ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਹਰਮੇਲ ਸਿੰਘ ਮਹਿਰੋਕ, ਇਸਤਰੀ ਜਾਗ੍ਰਤੀ ਮੰਚ ਤੋਂ ਅਮਨ ਦਿਓਲ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਸੁਖਦੀਪ ਹਥਨ ਅਤੇ ਜ਼ਿਲ੍ਹਾ ਪ੍ਰਧਾਨ ਰਾਮਵੀਰ ਸਿੰਘ, ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਆਗੂ ਜੁਗਰਾਜ ਸਿੰਘ ਟੱਲੇਵਾਲ ਆਦਿ ਹਾਜ਼ਰ ਸਨ। Sangrur News
ਜ਼ਿਲ੍ਹਾ ਪੁਲਿਸ ਮੁਖੀ ਨੇ ਕੀਤੀ ਗ੍ਰਿਫ਼ਤਾਰੀ ਦੀ ਪੁਸ਼ਟੀ
ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਸੰਗਰੂਰ ਮੁਖੀ ਸਰਤਾਜ ਸਿੰਘ ਚਹਿਲ ਨੇ ਦੱਸਿਆ ਕਿ ਸੰਗਰੂਰ ਪੁਲਿਸ ਵੱਲੋਂ ਮੁਕੇਸ਼ ਮਲੌਦ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਕੇਸ਼ ਮਲੌਦ ਦਾ ਨਾਂਅ ਇੱਕ ਪੁਰਾਣੇ ਮਾਮਲੇ ਵਿੱਚ ਸੀ ਜਿਸ ਕਾਰਨ ਉਸੇ ਆਧਾਰ ’ਤੇ ਪੁਲਿਸ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ। ਚਹਿਲ ਨੇ ਕਿਹਾ ਕਿ ਉਹ ਕਿਸ ਪੁਰਾਣੇ ਮਾਮਲੇ ਵਿੱਚ ਸ਼ਾਮਿਲ ਹਨ, ਇਸ ਬਾਰੇ ਜਲਦ ਮੀਡੀਆ ਨੂੰ ਦੱਸ ਦੇਣਗੇ।














