ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਇਕੱਠੇ ਹੋਏ ਵੱਡੀ ਗਿਣਤੀ ਅਧਿਆਪਕ

Large Number of Teachers, Gathered , Front, Education Minister

ਸੱਚ ਕਹੂੰ ਨਿਊਜ਼/ਸੰਗਰੂਰ। ਪੰਜਾਬ ਸਿੱਖਿਆ ਵਿਭਾਗ ਵੱਲੋਂ ਮੰਗਾਂ ਦੀ ਅਣਦੇਖੀ ਦੇ ਰੋਸ ਵਜੋਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਵੱਡੀ ਗਿਣਤੀ ਵਿੱਚ ਅਧਿਆਪਕ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਇੱਕਠੇ ਹੋਣੇ ਸ਼ੁਰੂ ਹੋ ਗਏ, ਹੌਲੀ-ਹੌਲੀ ਵਫਦ ਦਾ ਰੂਪ ਰੈਲੀ ਦਾ ਰੂਪ ਧਾਰਨ ਕਰ ਗਿਆ ।

ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਕੁਲਦੀਪ ਸਿੰਘ ਦੌੜਕਾ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਬਰਾਬਰ ਮੌਕੇ ਦੇਣ ਲਈ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਕੇ ਇਲਾਹਾਬਾਦ ਹਾਈਕੋਰਟ ਦਾ ਫੈਸਲਾ ਲਾਗੂ ਕਰਦਿਆਂ ਜਨਤਕ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਕਰਨ ਲਈ ਸਟੇਟ ਜੀ.ਡੀ.ਪੀ. ਦਾ 6 ਪ੍ਰਤੀਸ਼ਤ ਸਿੱਖਿਆ ਦੇ ਵਿਕਾਸ ਅਤੇ ਵਾਧੇ ਲਈ ਖਰਚ ਕੀਤਾ ਜਾਵੇ। ਪਿਛਲੇ ਸੰਘਰਸ਼ ਦੌਰਾਨ ਸਰਕਾਰ ਅਤੇ ਅਧਿਆਪਕ ਸੰਘਰਸ਼ ਕਮੇਟੀ ਵਿਚਕਾਰ ਤਨਖਾਹ ਕਟੌਤੀ ਦਾ ਰਿਵਿਊ ਕਰਨ, ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਸੰਘਰਸ਼ ਦੌਰਾਨ ਜਾਰੀ ਚਾਰਜ ਸ਼ੀਟਾਂ ਰੱਦ ਕਰਨ ਅਤੇ ਹੋਰ ਮੰਗਾਂ ਸਬੰਧੀ ਸਹਿਮਤੀ ਬਣੀ ਸੀ।

ਪਰ ਹੁਣ ਪੰਜਾਬ ਸਰਕਾਰ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਟਾਲ-ਮਟੋਲ ਕਰ ਰਹੀ ਹੈ ਪਰ ਇਸ ਦੇ ਉਲਟ ਸਰਕਾਰ ਨਵੀਂ ਰੈਸਨੇਲਾਈਜੇਸ਼ਨ ਨੀਤੀ ਰਾਹੀਂ ਅਧਿਆਪਕਾਂ ਦੀਆਂ ਵੱਡੀ ਗਿਣਤੀ ਵਿੱਚ ਪੋਸਟਾਂ ਖਤਮ ਕਰਕੇ ਅਤੇ ਸਰਕਾਰੀ ਸਕੂਲਾਂ ਨੂੰ ਬੰਦ ਕਰਕੇ ਗਰੀਬਾਂ ਦੇ ਬੱਚਿਆਂ ਦੇ ਹੱਥੋਂ ਸਿੱਖਿਆ ਖੋਹਣਾ ਚਾਹੁੰਦੀ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਲਈ ਜਮਾਤਵਾਰ ਅਧਿਆਪਕਾਂ ਦੀ ਨਿਯੁਕਤੀ ਕੀਤੀ ਜਾਵੇ। ਹਰ ਪ੍ਰਾਇਮਰੀ ਸਕੂਲ ਵਿੱਚ ਹੈੱਡ ਟੀਚਰ ਦੀ ਪੋਸਟ ਦਿੱਤੀ ਜਾਵੇ।

ਸੈਂਟਰ ਹੈੱਡ ਟੀਚਰ ਦੀ ਪੋਸਟ ਨੂੰ ਪਹਿਲਾਂ ਵਾਂਗ ਪ੍ਰਬੰਧਕੀ ਪੋਸਟ ਹੀ ਮੰਨਿਆ ਜਾਵੇ। ਮੁਲਾਜ਼ਮਾਂ ਲਈ ਨਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਅਤੇ ਬਕਾਇਆ ਡੀ ਏ ਦੀਆਂ ਕਿਸ਼ਤਾਂ ਜਾਰੀ ਕਰਨ ਤੋਂ ਵੀ ਪੰਜਾਬ ਸਰਕਾਰ ਲਗਾਤਾਰ ਭੱਜ ਰਹੀ ਹੈ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਸਥਿਤੀ ਨੂੰ ਸੰਭਾਲਦਿਆਂ ਸਿੱਖਿਆ ਮੰਤਰੀ ਦੇ ਪੀ ਏ ਰਾਹੀਂ ਸਿੱਖਿਆ ਮੰਤਰੀ ਨਾਲ ਮਿਤੀ 25 ਨਵੰਬਰ ਨੂੰ ਬਾਅਦ ਦੁਪਹਿਰ ਸਕੱਤਰੇਤ ਵਿਖੇ ਮੀਟਿੰਗ ਫਿਕਸ ਕਰਵਾ ਦਿੱਤੀ । ਇਸ ਦਾ ਐਲਾਨ ਤਹਿਸੀਲਦਾਰ ਸਾਹਿਬ ਨੇ ਅਧਿਆਪਕਾਂ ਦੇ ਇਕੱਠ ਵਿੱਚ ਕੀਤਾ।

ਅਧਿਆਪਕ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਮੀਟਿੰਗ ਵਿੱਚ ਅਧਿਆਪਕ ਮੰਗਾਂ ਸਬੰਧੀ ਕੋਈ ਸਾਰਥਿਕ ਹੱਲ ਨਾ ਕੱਢਿਆ ਤਾਂ 14 ਦਸੰਬਰ ਨੂੰ ਸੰਗਰੂਰ ਵਿਖੇ ਵੱਡਾ ਇਕੱਠ ਕਰਕੇ ਸਰਕਾਰ ਅਤੇ ਸਿੱਖਿਆ ਮੰਤਰੀ ਖਿਲਾਫ ਵਿਸ਼ਾਲ ਰੋਸ ਰੈਲੀ ਅਤੇ ਮੁਜ਼ਾਹਰਾ ਕੀਤਾ ਜਾਵੇਗਾ। ਅਧਿਆਪਕਾਂ ਦੇ ਵਫਦ ਨੂੰ ਅਧਿਆਪਕ ਆਗੂ ਹਰਜੀਤ ਸਿੰਘ ਗਲਵੱਟੀ, ਸਤਵੰਤ ਸਿੰਘ ਆਲਮਪੁਰ, ਫਕੀਰ ਸਿੰਘ ਟਿੱਬਾ, ਸੰਸਾਰੀ ਰਾਮ, ਮਾਲਵਿੰਦਰ ਸਿੰਘ, ਸੁਖਦੇਵ ਸਿੰਘ ਚੰਗਾਲੀਵਾਲਾ, ਗਣੇਸ਼ ਭਗਤ, ਰਣਜੀਤ ਸਿੰਘ ਮਾਨ, ਪਰਮਜੀਤ ਸਿੰਘ, ਕੇਵਲ ਸਿੰਘ, ਬਲਵਿੰਦਰ ਸਿੰਘ ਭੁੱਟੋ, ਰਾਜੇਸ਼ ਕੁਮਾਰ, ਰਾਜਿੰਦਰ ਸਿੰਘ, ਸਰਬਜੀਤ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।