(ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਪਿਆਰਾ ਸਿੰਘ ਵਿਰੁੱਧ 4500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। Bribe
ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ: ਜਿੱਤ ਦੀ ਖੁਸ਼ੀ ਮਨਾਉਣ ਲਈ ਦਿੱਤੇ ਜਾ ਰਹੇ ਲੱਡੂਆਂ ਦੇ ਆਰਡਰ
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ (ਹੁਣ ਸੇਵਾਮੁਕਤ) ਖਿਲਾਫ ਇਹ ਮੁਕੱਦਮਾ ਫਾਜ਼ਿਲਕਾ ਜ਼ਿਲ੍ਹੇ ਦੇ ਕਸਬਾ ਮੰਡੀ ਲਾਧੂਕਾ ਦੇ ਵਸਨੀਕ ਵੀਰੂ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ ਫਾਜ਼ਿਲਕਾ ਸਦਰ ਥਾਣੇ ਵਿੱਚ ਇੱਕ ਹੋਰ ਵਿਅਕਤੀ ਖਿਲਾਫ ਪੁਲਿਸ ਕੇਸ ਦਰਜ ਕਰਵਾਇਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਇਸ ਮਾਮਲੇ ਵਿੱਚ ਤਫਤੀਸ਼ੀ ਅਫਸਰ ਸੀ। Bribe
ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ
ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏਐੱਸਆਈ ਇਸ ਕੇਸ ਸਬੰਧੀ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕਰਨ ਬਦਲੇ ਫਰਵਰੀ ਮਹੀਨੇ ਦੌਰਾਨ ਵੱਖ-ਵੱਖ ਦਿਨਾਂ ਵਿੱਚ 2500 ਅਤੇ 2000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧੀ ਰਿਸ਼ਵਤ ਦੀ ਮੰਗ ਕਰਦੇ ਸਮੇਂ ਉਕਤ ਏਐੱਸਆਈ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤੀ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਏਐੱਸਆਈ ਨੇ ਉਕਤ ਮੰਤਵ ਲਈ ਸ਼ਿਕਾਇਤਕਰਤਾ ਤੋਂ ਦੋ ਵਾਰ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਉਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।