
Leh Violence: ਨਵੀਂ ਦਿੱਲੀ (ਏਜੰਸੀ)। 24 ਸਤੰਬਰ ਨੂੰ ਲੇਹ ’ਚ ਹੋਈ ਹਿੰਸਾ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਗਏ ਹਨ। ਹਿੰਸਾ ’ਚ ਚਾਰ ਲੋਕ ਮਾਰੇ ਗਏ ਸਨ ਤੇ ਕਈ ਹੋਰ ਜ਼ਖਮੀ ਹੋਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਚਾਰ ਹਫ਼ਤਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਲੇਹ ਦੇ ਡਿਪਟੀ ਕਮਿਸ਼ਨਰ ਨੇ ਇਸ ਮਾਮਲੇ ’ਚ ਇੱਕ ਆਦੇਸ਼ ਜਾਰੀ ਕੀਤਾ ਹੈ, ਜਿਸ ’ਚ ਨੁਬਰਾ ਸਬ-ਡਿਵੀਜ਼ਨਲ ਮੈਜਿਸਟਰੇਟ ਮੁਕੁਲ ਬੇਨੀਵਾਲ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਬੇਨੀਵਾਲ ਨੇ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਇਸ ਘਟਨਾ ਨਾਲ ਸਬੰਧਤ ਕੋਈ ਜਾਣਕਾਰੀ ਹੈ, ਤਾਂ ਉਹ 4 ਅਕਤੂਬਰ ਤੋਂ 18 ਅਕਤੂਬਰ ਤੱਕ ਦਫ਼ਤਰੀ ਸਮੇਂ ਦੌਰਾਨ ਲੇਹ ’ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਾਨਫਰੰਸ ਹਾਲ ’ਚ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ, ‘ਸਾਰੇ ਸਬੰਧਤਾਂ ਨੂੰ ਨਿਰਪੱਖ ਤੇ ਪਾਰਦਰਸ਼ੀ ਜਾਂਚ ਨੂੰ ਯਕੀਨੀ ਬਣਾਉਣ ਲਈ ਸਹਿਯੋਗ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।’
ਇਹ ਖਬਰ ਵੀ ਪੜ੍ਹੋ : Punjab Railway News: ਪੰਜਾਬ ਤੋਂ ਇਸ ਸੂਬੇ ਤੱਕ ਵਿਛਾਈ ਜਾਵੇਗੀ ਨਵੀਂ ਰੇਲਵੇ ਲਾਈਨ, ਇਨ੍ਹਾਂ ਜ਼ਿਲ੍ਹਿਆਂ ਨੂੰ ਮਿਲੇਗਾ …
ਅੱਠ ਘੰਟਿਆਂ ਲਈ ਕਰਫਿਊ ’ਚ ਦਿੱਤੀ ਗਈ ਹੈ ਢਿੱਲ | Leh Violence
ਲੇਹ ’ਚ ਸਥਿਤੀ ਹੌਲੀ-ਹੌਲੀ ਆਮ ਵਾਂਗ ਹੋ ਰਹੀ ਹੈ। ਪ੍ਰਸ਼ਾਸਨ ਨੇ ਬੁੱਧਵਾਰ ਨੂੰ ਕੁੱਲ 8 ਘੰਟਿਆਂ ਲਈ ਕਰਫਿਊ ਵਿੱਚ ਢਿੱਲ ਦਿੱਤੀ। ਬਾਜ਼ਾਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹੇ। ਗਲੀਆਂ ਤੇ ਦੁਕਾਨਾਂ ’ਚ ਭੀੜ-ਭੜੱਕਾ ਸੀ। ਸਕੂਲ ਤੇ ਕਾਲਜ ਬੰਦ ਰਹੇ। ਇੰਟਰਨੈੱਟ ਸੇਵਾ ਵੀ ਕੱਲ੍ਹ ਤੱਕ ਮੁਅੱਤਲ ਕਰ ਦਿੱਤੀ ਗਈ ਹੈ। ਇਸ ਦੌਰਾਨ, ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਦੇ ਲੱਦਾਖੀ ਵਿਦਿਆਰਥੀ ਸੰਗਠਨਾਂ ਨੇ ਗ੍ਰਹਿ ਮੰਤਰਾਲੇ ਨੂੰ ਇੱਕ ਮੰਗ ਪੱਤਰ ਭੇਜਿਆ ਜਿਸ ’ਚ ਲੇਹ ਹਿੰਸਾ ਦੀ ਨਿਆਂਇਕ ਜਾਂਚ ਅਤੇ ਮਾਰੇ ਗਏ ਪ੍ਰਦਰਸ਼ਨਕਾਰੀਆਂ ਦੇ ਪਰਿਵਾਰਾਂ ਲਈ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ।
24 ਸਤੰਬਰ ਨੂੰ ਹਿੰਸਕ ਹੋ ਗਿਆ ਸੀ ਅੰਦੋਲਨ | Leh Violence
ਕੇਂਦਰੀ ਸ਼ਾਸਤ ਪ੍ਰਦੇਸ਼ ਲੱਦਾਖ ਨੂੰ ਪੂਰਨ ਸੂਬੇ ਦਾ ਦਰਜਾ ਦੇਣ ਤੇ ਛੇਵੀਂ ਅਨੁਸੂਚੀ ’ਚ ਸ਼ਾਮਲ ਕਰਨ ਦੀ ਮੰਗ ਕਰਦੇ ਹੋਏ ਚੱਲ ਰਿਹਾ ਅੰਦੋਲਨ 24 ਸਤੰਬਰ ਨੂੰ ਹਿੰਸਕ ਹੋ ਗਿਆ। ਹਿੰਸਾ ’ਚ ਚਾਰ ਲੋਕਾਂ ਦੀ ਜਾਨ ਚਲੀ ਗਈ। ਪ੍ਰਦਰਸ਼ਨਕਾਰੀਆਂ ਨੇ ਲੇਹ ’ਚ ਭਾਜਪਾ ਦਫ਼ਤਰ ਨੂੰ ਅੱਗ ਲਾ ਦਿੱਤੀ। ਸਥਿਤੀ ਨੂੰ ਕਾਬੂ ਕਰਨ ਲਈ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ। ਸਰਕਾਰ ਨੇ ਹਿੰਸਾ ਲਈ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੂੰ ਜ਼ਿੰਮੇਵਾਰ ਠਹਿਰਾਇਆ। ਅਗਲੇ ਦਿਨ, ਉਸ ਦੇ ਐਨਜੀਓ ਦਾ ਐਫਸੀਆਰਏ ਲਾਇਸੈਂਸ ਵੀ ਰੱਦ ਕਰ ਦਿੱਤਾ ਗਿਆ। ਲੱਦਾਖ ਦੇ ਉਪ ਰਾਜਪਾਲ, ਕਵਿੰਦਰ ਗੁਪਤਾ ਨੇ ਇਸ ਘਟਨਾ ਨੂੰ ਇੱਕ ਯੋਜਨਾਬੱਧ ਸਾਜ਼ਿਸ਼ ਦੱਸਿਆ।













